ਚੰਡੀਗੜ੍ਹ: ਬਹੁਜਨ ਸਮਾਜ ਪਾਰਟੀ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਆਗੂਆਂ ਵੱਲੋਂ ਵੱਖ ਵੱਖ ਥਾਵਾਂ ਉਤੇ ਸਰਕਾਰੀ ਅਧਿਕਾਰੀਆਂ ਤੇ ਮੁਲਾਜ਼ਮਾਂ ਨਾਲ ਕੀਤੀ ਜਾ ਰਹੀ ਬਦਸਲੂਕੀ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਗੁੰਡਾਗਰਦੀ ਦਾ ਜੰਗਲ ਰਾਜ ਨਹੀਂ ਚੱਲਣ ਦਿੱਤਾ ਜਾਵੇਗਾ।


ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਤਿੰਨ ਦਿਨ ਪਹਿਲਾਂ ‘ਆਪ’ ਦੇ ਵਿਧਾਇਕ ਰਮਨ ਅਰੋੜਾ ਵੱਲੋਂ ਜਲੰਧਰ ਦੇ ਡੀਸੀਪੀ ਨਰੇਸ਼ ਡੋਗਰਾ ਨਾਲ ਕੀਤੀ ਕੁੱਟਮਾਰ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਜਿਸ ਵਿਧਾਇਕ ਦੀ ਡੀਸੀਪੀ ਨੂੰ ਗਾਲੀਗਲੋਚ ਕਰਦਿਆਂ ਦੀ ਵੀਡੀਓ ਸਾਹਮਣੇ ਆਈ ਉਸ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ, ਸਗੋਂ ਡੀਸੀਪੀ ਨਰੇਸ਼ ਡੋਗਰਾ ਦੀ ਬਦਲੀ ਕਰ ਦਿੱਤੀ ਗਈ। ਇਸੇ ਤਰ੍ਹਾਂ ਹੀ ਜਲੰਧਰ ਦੇ ਸਰਕਾਰੀ ਹਸਪਤਾਲ ਵਿੱਚ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਅੰਗੁਰਾਲ ਵੱਲੋਂ ਇਕ ਮਹਿਲਾ ਡਾਕਟਰ ਹਰਵੀਨ ਕੌਰ ਨਾਲ ਦੁਰਵਿਵਹਾਰ ਕੀਤਾ ਗਿਆ ਅਤੇ ਇਸ ਮੌਕੇ ਹਸਪਤਾਲ ਵਿਚ ‘ਆਪ’ ਵਰਕਰਾਂ ਵੱਲੋਂ ਭੰਨਤੋੜ ਕੀਤੀ ਗਈ ਅਤੇ ਸਟਾਫ ਨਾਲ ਬੁਰਾ ਵਿਵਹਾਰ ਕੀਤਾ ਗਿਆ, ਪਰ ‘ਆਪ’ ਸਰਕਾਰ ਨੇ ਆਪਣੇ ਗੁੰਡਿਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ।


ਫਰੀਦਕੋਟ ਵਿੱਚ ਚੱਲ ਰਹੇ ਪੰਜ ਰੋਜ਼ਾ ਮੇਲੇ ਮੌਕੇ ‘ਆਪ’ ਵਿਧਾਇਕ ਗੁਰਦਿੱਤ ਸਿੰਘ ਸੇਖੋ ਦੀ ਪਤਨੀ ਬੇਅੰਤ ਕੌਰ ਸੇਖੋਂ ਵੱਲੋਂ ਜ਼ਿਲ੍ਹੇ ਦੀ ਮੁੱਖੀ ਇੱਕ ਦਲਿਤ ਮਹਿਲਾ ਡਿਪਟੀ ਕਮਿਸ਼ਨਰ ਰੂਹੀ ਦੁੱਗ ਨਾਲ ਵੀਆਈਪੀ ਸੀਟ ਨੂੰ ਲੈ ਕੇ ਜਾਤੀ ਨਜ਼ਰੀਏ ਨਾਲ ਬੁਰਾ ਸਲੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੇ 70 ਸਾਲਾਂ ਤੋਂ ਆਜ਼ਾਦੀ ਨਾਲ ਕੰਮ ਕਰਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹੁਣ ‘ਆਪ’ ਸਰਕਾਰ ਨੇ ਬੰਧੂਆਂ ਬਣਾ ਲਿਆ ਹੈ। ਜਸਵੀਰ ਸਿੰਘ ਗੜ੍ਹੀ ਨੇ ਆਮ ਆਦਮੀ ਪਾਰਟੀ ਸੁਪਰੀਮੋ ਕੇਜਰੀਵਾਲ ਦੀਆਂ ਹਿਟਲਰਸ਼ਾਹੀ ਨੀਤੀਆ ਖ਼ਿਲਾਫ਼ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ‘ਆਪ’ ਦੀ ਗੁੰਡਾਗਰਦੀ ਤੇ ਜੰਗਲ ਰਾਜ ਪੰਜਾਬ ਵਿੱਚ ਨਹੀਂ ਚੱਲਣ ਦਿੱਤੀ ਜਾਵੇਗਾ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਅਧਿਕਾਰੀਆਂ, ਕਰਮਚਾਰੀਆਂ ਦੇ ਰੁਤਬੇ ਨੂੰ ਮੁੜ ਬਰਕਰਾਰ ਕਰਾਉਣ ਦੀ ਲੜਾਈ ਲੜੇਗੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।