ਚੰਡੀਗੜ੍ਹ: ਪੰਜਾਬ ਕਾਂਗਰਸ (Congress) ਦੇ ਚਾਰ ਦਿੱਗਜ ਲੀਡਰ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਏ ਹਨ। ਅਜਿਹਾ ਹੋਣ 'ਤੇ ਆਮ ਆਦਮੀ ਪਾਰਟੀ (AAP) ਨੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਆਮ ਆਦਮੀ ਪਾਰਟੀ ਨੇ ਆਰੋਪ ਲਾਇਆ ਕਿ ਕਾਂਗਰਸ ਮੁਕਤ ਭਾਰਤ ਬਣਾਉਣ ਦੀ ਗੱਲ ਕਰਨ ਵਾਲੀ ਭਾਜਪਾ ਖ਼ੁਦ ਕਾਂਗਰਸ ਪਾਰਟੀ ਬਣਦੀ ਜਾ ਰਹੀ ਹੈ।

ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਭਾਜਪਾ ’ਤੇ ਦੋਗਲਾ ਰਵੱਈਆ ਅਪਣਾਉਣ ਦਾ ਇਲਜ਼ਾਮ ਲਾਇਆ। ਉਨ੍ਹਾਂ ਕਿਹਾ ਕਿ ਭਾਜਪਾ ਸ਼ਨੀਵਾਰ ਨੂੰ ਪਾਰਟੀ 'ਚ ਸ਼ਾਮਲ ਹੋਏ ਕਈ ਕਾਂਗਰਸੀ ਨੇਤਾਵਾਂ 'ਤੇ ਪਹਿਲਾਂ ਹੀ ਦੋਸ਼ ਲਗਾ ਚੁੱਕੀ ਹੈ। ਉਨ੍ਹਾਂ ਇਲਜ਼ਾਮ ਲਾਇਆ, ''ਭਾਜਪਾ ਵਿਚਾਰਧਾਰਾ ਦੀ ਗੱਲ ਕਰਦੀ ਹੈ। ਕੀ ਇਹ ਇੰਨੇ ਸਾਲਾਂ ਤੋਂ ਪੰਜਾਬ ਵਿਚ ਲੀਡਰਸ਼ਿਪ ਪੈਦਾ ਕਰਨ ਵਿਚ ਅਸਫਲ ਰਹੀ ਹੈ ਜਾਂ ਇਸ ਦੇ ਆਗੂ ਇਸ ਕਾਬਲ ਨਹੀਂ ਹਨ, ਜੋ ਹੁਣ ਇਸ ਨੂੰ ਕਾਂਗਰਸ ਦਾ ਕੂੜਾ ਚੁੱਕਣਾ ਪੈ ਰਿਹਾ ਹੈ।

ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਰਾਜਕੁਮਾਰ ਵੇਰਕਾ, ਬਲਵੀਰ ਸਿੰਘ ਸਿੱਧੂ, ਸੁੰਦਰ ਸ਼ਾਮ ਅਰੋੜਾ ਤੇ ਗੁਰਪ੍ਰੀਤ ਸਿੰਘ ਕਾਂਗੜ ਸ਼ਨੀਵਾਰ ਨੂੰ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਕੰਗ ਨੇ ਕਿਹਾ ਕਿ ਜਦੋਂ ਭਾਜਪਾ ਕੇਂਦਰ ਵਿਚ ਸੱਤਾ ਵਿਚ ਆਈ ਤਾਂ ਇਸ ਨੇ ਕਾਂਗਰਸ ਮੁਕਤ ਭਾਰਤ ਦੀ ਗੱਲ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਕੁਝ ਸਾਲਾਂ ਵਿਚ ਹਕੀਕਤ ਇਸ ਦੇ ਬਿਲਕੁਲ ਉਲਟ ਹੈ ਤੇ ਭਾਜਪਾ ਕਾਂਗਰਸ ਹੀ ਬਣਦੀ ਜਾ ਰਹੀ ਹੈ।

'ਆਪ' ਬੁਲਾਰੇ ਨੇ ਪਿਛਲੇ ਕੁਝ ਸਾਲਾਂ 'ਚ ਕਈ ਕਾਂਗਰਸੀ ਨੇਤਾਵਾਂ ਦੇ ਭਾਜਪਾ 'ਚ ਸ਼ਾਮਲ ਹੋਣ ਦਾ ਜ਼ਿਕਰ ਕੀਤਾ ਸੀ। ਪੰਜਾਬ ਵਿੱਚ ਕਥਿਤ ਤੌਰ 'ਤੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਕੰਗ ਨੇ ਕਿਹਾ ਕਿ ਪੰਜਾਬ ਪੁਲਿਸ ਵਾਪਰੀਆਂ ਸਾਰੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾ ਸਕੇ।