ਚੰਡੀਗੜ੍ਹ: ਆਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਹੇ ਦੇਸ਼ ਦੇ ਅੰਨਦਾਤਾ ਵੱਲੋਂ ਵੱਖ-ਵੱਖ ਪੱਧਰ 'ਤੇ ਸੰਘਰਸ਼ ਜਾਰੀ ਹੈ। ਇਸ ਦੇ ਨਾਲ ਹੀ ਸਿਆਸੀ ਲੀਡਰਾਂ ਤੇ ਹੋਰਨਾਂ ਵੱਲੋਂ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਇਸ 'ਤੇ ਹੁਣ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਖ਼ਤ ਨੋਟਿਸ ਲਿਆ ਹੈ। ਅੰਦੋਲਨ ਬਾਰੇ ਕੂੜ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਵੱਲੋਂ ਇਤਰਾਜ਼ ਚੁੱਕੇ ਜਾ ਰਹੇ ਸਨ ਤੇ ਉਨ੍ਹਾਂ ਨੂੰ ਅਦਾਲਤ ਵਿੱਚ ਖਿੱਚਣ ਦੀ ਤਿਆਰੀ ਕੀਤੀ ਜਾ ਰਹੀ ਸੀ। ਇਸ ਸਬੰਧੀ ਕਿਸਾਨਾਂ ਵੱਲੋਂ 'ਆਪ' ਨਾਲ ਵੀ ਰਾਬਤਾ ਸਾਧਿਆ ਜਾ ਰਿਹਾ ਸੀ।

ਇਸ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਕਿ ਉਹ ਕਿਸਾਨਾਂ ਖਿਲਾਫ ਗਲਤ ਬਿਆਨਬਾਜ਼ੀ ਕਰਨ ਵਾਲੇ ਆਗੂਆਂ ਤੇ ਵਿਅਕਤੀਆਂ ਖ਼ਿਲਾਫ਼ ਮਾਨਹਾਨੀ ਦੀ ਕਾਰਵਾਈ ਕਰਨ ਵਿੱਚ ਕਿਸਾਨਾਂ ਦੀ ਹਰ ਸੰਭਵ ਕਾਨੂੰਨੀ ਮਦਦ ਕਰੇਗੀ। ਸੰਗਰੂਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤੋਂ ਕੇਂਦਰ ਸਰਕਾਰ ਦੇ ਨਵੇਂ ਕਾਨੂੰਨਾਂ ਖਿਲਾਫ ਕਿਸਾਨਾਂ ਨੇ ਅੰਦੋਲਨ ਸ਼ੁਰੂ ਕੀਤਾ ਹੈ, ਉਦੋਂ ਤੋਂ ਹੀ ਸਿਆਸੀ ਆਗੂ ਦਿਨ-ਰਾਤ ਕਿਸਾਨਾਂ ਵਿਰੁੱਧ ਕੂੜ ਪ੍ਰਚਾਰ ਕਰ ਰਹੇ ਹਨ। ਕਿਸਾਨਾਂ ਨੂੰ ਇਸ ਤਰ੍ਹਾਂ ਪੇਸ਼ ਕੀਤਾ ਜਾ ਰਿਹਾ ਹੈ ਜਿਵੇਂ ਕਿਸਾਨ ਅੱਤਵਾਦੀ ਹੋਣ।

ਉਨ੍ਹਾਂ ਕਿਹਾ ਕਿ ਸਾਡੇ ਅੰਨਦਾਤਾ ਲਈ ਅਜਿਹੀਆਂ ਟਿੱਪਣੀਆਂ ਸੁਣ ਕੇ ਦਿਲ ਨੂੰ ਬਹੁਤ ਦੁੱਖ ਪਹੁੰਚਦਾ ਹੈ। ਇਸ ਦੇ ਨਾਲ ਹੀ ਮਾਨ ਨੇ ਕਿਹਾ ਕਿ ਮੈਨੂੰ ਤੇ ਪਾਰਟੀ ਆਗੂਆਂ ਕੋਲ ਵੱਡੀ ਗਿਣਤੀ ਕਿਸਾਨਾਂ ਦੇ ਫੋਨ ਆ ਰਹੇ ਸੀ ਤਾਂ ਪਾਰਟੀ ਨੇ ਫੈਸਲਾ ਕੀਤਾ ਹੈ। ਜਿਸ ਤਰ੍ਹਾਂ ਪਾਰਟੀ ਪਹਿਲਾਂ ਤੋਂ ਹੀ ਕਿਸਾਨ ਅੰਦੋਲਨ 'ਚ ਕਿਸਾਨਾਂ ਨਾਲ ਡਟੀ ਹੋਈ ਹੈ, ਉਸੇ ਤਰ੍ਹਾਂ ਹੀ ਕਿਸਾਨਾਂ ਵਿਰੁੱਧ ਝੂਠੀ ਤੇ ਗਲਤ ਬਿਆਨਬਾਜ਼ੀ ਕਰਨ ਵਾਲਿਆਂ ਵਿਰੁੱਧ ਮਾਨਹਾਨੀ ਦਾ ਕੇਸ ਲੜਨ ਲਈ ਕਿਸਾਨਾਂ ਦਾ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਆਮ ਆਦਮੀ ਪਾਰਟੀ ਆਪਣੇ ਪੱਧਰ 'ਤੇ ਪਾਰਟੀ ਦੇ ਵਕੀਲ ਸਾਥੀਆਂ ਨਾਲ ਸਲਾਹ ਮਸ਼ਵਰਾ ਕਰਕੇ ਕਿਸਾਨਾਂ ਦੀ ਹਰ ਸੰਭਵ ਮਦਦ ਕਰੇਗੀ।

Farms Law: ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨਾਲ ਖੁੱਲ੍ਹ ਕੇ ਗੱਲਬਾਤ ਕਰਨ ਦਾ ਐਲਾਨ

ਮਾਨ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਅਡਾਨੀ-ਅੰਬਾਨੀ ਤੋਂ ਜ਼ਮੀਨ ਬਚਾਉਣ ਲਈ ਅੰਦੋਲਨ ਕਰਦੇ ਸਮੇਂ ਹੁਣ ਤੱਕ 26 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਇਹ ਬੜੇ ਹੀ ਦੁੱਖ ਦੀ ਗੱਲ ਹੈ ਕਿ ਸਾਡੇ ਦੇਸ਼ ਦਾ ਪੇਟ ਭਰਨ ਵਾਲਾ ਸਾਡਾ ਅੰਨਦਾਤਾ ਅੱਜ ਕਿਸਾਨ ਦਿਵਸ ਮੌਕੇ ਆਪਣੇ ਹੱਕਾਂ ਲਈ ਇੱਕ ਸਮੇਂ ਦਾ ਖਾਣਾ ਛੱਡਕੇ ਭੁੱਖ ਹੜਤਾਲ ਕਰ ਰਿਹਾ ਹੈ।

ਇਸ ਦੇ ਨਾਲ ਹੀ ਮੋਦੀ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇੱਕ ਪਾਸੇ ਕਿਸਾਨ ਪ੍ਰਦਰਸ਼ਨ ਕਰ ਰਿਹਾ ਹੈ। ਉਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਰਪੋਰੇਟ ਘਰਾਣਿਆਂ ਦੇ ਵਿਚੋਲੇ ਵਜੋਂ ਝੂਠ ਦਾ ਪ੍ਰਚਾਰ ਕਰ ਰਿਹਾ ਹੈ। ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਝੂਠਾ ਪ੍ਰਚਾਰ ਕਰਦੀ ਹੋਏ ਦੇਸ਼ ਵਾਸੀਆਂ ਨੂੰ ਗੁੰਮਰਾਹ ਕਰਨ ਵਿੱਚ ਲੱਗੀ ਹੋਈ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904