ਚੰਡੀਗੜ੍ਹ: ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਪਾਸ ਕੀਤਾ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਸਾਥ ਦੇਣ ਲਈ ਆਮ ਆਦਮੀ ਪਾਰਟੀ ਦਿੱਲੀ ਤੱਕ ਜਾਏਗੀ।26-27 ਨਵੰਬਰ ਨੂੰ ਦਿੱਲੀ ਘੇਰਨ ਦੇ ਕਿਸਾਨਾਂ ਦੇ ਪ੍ਰੋਗਰਾਮ ਵਿੱਚ ਆਪ ਆਗੂ ਅਤੇ ਵਰਕਰ ਬਿਨਾਂ ਪਾਰਟੀ ਦਾ ਝੰਡਾ ਲੈ ਸ਼ਾਮਲ ਹੋਣਗੇ।


ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਨੇ ਇਸ ਸਬੰਧੀ ਪਾਰਟੀ ਵਰਕਰਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ। ਮਾਨ ਨੇ ਕਿਹਾ ਕਿ "ਕਿਸਾਨ ਪੰਜਾਬ ਲਈ ਰੀੜ ਦੀ ਹੱਡੀ ਹਨ, ਜਿਨ੍ਹਾਂ ਦੇ ਸਹਾਰੇ ਸੂਬੇ ਦੀ ਹਰ ਚੀਜ਼ ਖੜ੍ਹੀ ਹੈ ਅਤੇ ਪੰਜਾਬ ਦੇ ਕਿਸਾਨਾਂ ਤੋਂ ਬਿਨਾਂ ਪੰਜਾਬ ਨੂੰ ਅੱਗੇ ਨਹੀਂ ਲਿਜਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਿਲ ਹੋ ਕੇ ਆਮ ਆਦਮੀ ਪਾਰਟੀ ਰਾਜਨੀਤੀ ਤੋਂ ਉਪਰ ਉਠਕੇ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜਕੇ ਖੜ੍ਹੀ ਹੋਵੇਗੀ।"

ਮਾਨ ਨੇ ਕਿਹਾ ਕਿ "ਅੱਜ ਦੇ ਸਮੇਂ ਜਦੋਂ ਸਾਡੇ ਕਿਸਾਨ, ਮਾਵਾਂ ਭੈਣਾਂ ਆਪਣੀ ਜ਼ਮੀਨ ਬਚਾਉਣ ਲਈ ਠੰਡੀਆਂ ਰਾਤਾਂ ਖੁੱਲ੍ਹੇ ਅਸਮਾਨ ਹੇਠ ਸੜਕਾਂ ਉਤੇ ਕੱਟ ਰਹੇ ਹਨ ਤਾਂ ਅਸੀਂ ਚੈਨ ਨਾਲ ਨਹੀਂ ਬੈਠ ਸਕਦੇ।" ਉਨ੍ਹਾਂ ਕਿਹਾ ਕਿ "ਇਹ ਬਹੁਤ ਹੀ ਦੁੱਖਦਾਇਕ ਹੈ ਕਿ ਦਿਨ-ਰਾਤ ਮਿਹਨਤ ਕਰਕੇ ਦੂਜਿਆਂ ਦਾ ਪੇਟ ਭਰਨ ਵਾਲੇ ਕਿਸਾਨ ਦੀ ਨਾ ਤਾਂ ਕੇਂਦਰ ਦੀ ਗੂੰਗੀ ਬੋਲੀ ਮੋਦੀ ਸਰਕਾਰ ਅਤੇ ਨਾ ਹੀ ਰਾਜਵਾੜਿਆਂ ਦੀ ਤਰ੍ਹਾਂ ਕੁਰਸੀ ਦਾ ਆਨੰਦ ਮਾਣ ਰਹੇ ਕੈਪਟਨ ਅਮਰਿੰਦਰ ਸਿੰਘ ਸੁਣ ਰਹੇ ਹਨ"

ਉਨ੍ਹਾਂ ਕਿਹਾ ਕਿ "ਆਮ ਆਦਮੀ ਪਾਰਟੀ ਕਿਸਾਨਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਪਹਿਲਾਂ ਤੋਂ ਹੀ ਸੰਘਰਸ਼ ਦੇ ਮੈਦਾਨ ਵਿਚ ਹੈ ਅਤੇ ਉਦੋਂ ਤੱਕ ਅਰਾਮ ਨਾਲ ਨਹੀਂ ਬੈਠੇਗੀ ਜਦੋਂ ਤੱਕ ਸਾਡਾ ਅੰਨਦਾਤੇ ਦੀ ਗੱਲ ਨਹੀਂ ਸੁਣੀ ਜਾਂਦੀ।"

ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਅਹੁਦੇਦਾਰ ਰਾਜਨੀਤਕ ਵਖਰੇਵਿਆਂ ਨੂੰ ਪਾਸੇ ਛੱਡਦੇ ਹੋਏ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਆਪਣਾ ਸਮਰਥਨ ਦੇਣ ਦੀ ਨੀਅਤ ਨਾਲ ਸੰਘਰਸ਼ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ 26 ਤੇ 27 ਨਵੰਬਰ ਨੂੰ ਕਿਸਾਨਾਂ ਵੱਲੋਂ ਦਿੱਲੀ ਤੇ ਕੀਤੇ ਜਾਣ ਵਾਲੇ ਘਿਰਾਓ ਵਿੱਚ ਸ਼ਾਮਲ ਹੋਣਗੇ।