ਚੰਡੀਗੜ੍ਹ: ਲੰਮੇ ਸਮੇਂ ਤੋਂ ਚਰਚਾ ਦਾ ਵਿਸ਼ਾ ਬਣਿਆ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਗਠਜੋੜ ਹੁਣ ਨਹੀਂ ਹੋਵੇਗਾ। ਇਸ ਦੀ ਪੁਸ਼ਟੀ ਕਰਦਿਆਂ 'ਆਪ' ਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ 'ਆਪ' ਇਕੱਲਿਆਂ ਹੀ ਪੰਜਾਬ ਦੀਆਂ ਲੋਕ ਸਭਾ ਦੀਆਂ 13 ਸੀਟਾਂ ’ਤੇ ਚੋਣ ਲੜਨ ਦਾ ਐਲਾਨ ਕੀਤਾ ਹੈ।
ਦੋਵਾਂ ਪਾਰਟੀਆਂ ਵਿੱਚ ਅਨੰਦਪੁਰ ਸਾਹਿਬ ਦੀ ਸੀਟ ਕਰਕੇ ਤਰੇੜ ਪੈ ਗਈ। ਮਾਨ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਅਕਾਲੀ ਦਲ ਟਕਸਾਲੀ ਨਾਲ ਲੋਕ ਸਭਾ ਚੋਣਾਂ ਲਈ ਗਠਜੋੜ ਦੀ ਗੱਲਬਾਤ ਚੱਲ ਰਹੀ ਸੀ ਪਰ ਅਨੰਦਪੁਰ ਸਾਹਿਬ ਦੀ ਸੀਟ ਨੂੰ ਲੈ ਕੇ ਹੁਣ ਗੱਲਬਾਤ ਲਗਪਗ ਖ਼ਤਮ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਅਨੰਦਪੁਰ ਸਾਹਿਬ ਤੋਂ ਚੋਣ ਲੜਵਾਏਗੀ। ਮਾਨ ਅਤੇ 'ਆਪ' ਦੀ ਸੂਬਾਈ ਲੀਡਰਸ਼ਿਪ ਨੇ ਸ਼ੇਰਗਿੱਲ ਦੇ ਹੱਕ ਵਿੱਚ ਪ੍ਰਚਾਰ ਸ਼ੁਰੂ ਵੀ ਕਰ ਦਿੱਤਾ ਹੈ।
ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸੇ ਵੀ ਕੀਮਤ ’ਤੇ ਇਹ ਸੀਟ ਨਹੀਂ ਛੱਡ ਸਕਦੀ। ਹਾਲਾਂਕਿ, ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਖਡੂਰ ਸਾਹਿਬ ਦੀ ਸੀਟ ਟਕਸਾਲੀਆਂ ਲਈ ਛੱਡ ਸਕਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਵਿੱਚ ਪੈਂਦੇ ਸੱਤ ਵਿਧਾਨ ਸਭਾ ਹਲਕਿਆਂ ਵਿੱਚੋਂ ਤਿੰਨ ਵਿੱਚ ਆਪ ਦੇ ਵਿਧਾਇਕ ਹਨ ਜਦਕਿ ਦੋ ਹੋਰ ਹਲਕਿਆਂ ਵਿੱਚ ਪਾਰਟੀ ਉਮੀਦਵਾਰ ਬਹੁਤ ਘੱਟ ਫਰਕ ਨਾਲ ਹਾਰੇ ਸਨ। ਅਜਿਹੇ ਵਿੱਚ ਪਾਰਟੀ ਲਈ ਅਨੰਦਪੁਰ ਸਾਹਿਬ ਮਜ਼ਬੂਤ ਸੀਟ ਹੈ।