SYL Canal Dispute: ਸਤਲੁਜ-ਯਮਨਾ ਲਿੰਕ ਨਹਿਰ ਵਿਵਾਦ ਦੇ ਹੱਲ ਲਈ ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵੱਡਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਹੈ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇੱਕ ਬੂੰਦ ਵੀ ਪਾਣੀ ਨਹੀਂ ਹੈ।
ਉਨ੍ਹਾਂ ਕਿਹਾ ਹੈ ਕਿ ਪੰਜਾਬ ਦੇ ਲੋਕ ਇਹ ਭਲੀ-ਭਾਂਤ ਜਾਣਦੇ ਹਨ ਕਿ ਪਿਛਲੀਆਂ ਸਰਕਾਰਾਂ ਨੇ ਕਿਸ ਕਦਰ ਪੰਜਾਬ ਦੇ ਪਾਣੀਆਂ 'ਤੇ ਡਾਕਾ ਮਾਰਿਆ ਤੇ ਪੰਜਾਬੀਆਂ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਕਿਹਾ ਹੈ ਕਿ ਮਾਨ ਸਰਕਾਰ ਪਾਣੀਆਂ ਦੇ ਮੁੱਦੇ 'ਤੇ ਪੰਜਾਬ ਨਾਲ ਡਟ ਕੇ ਖੜ੍ਹੀ ਹੈ।
ਐਸਵਾਈਐਲ 'ਤੇ ਸੀਐਮ ਭਗਵੰਤ ਮਾਨ ਤੇ ਖੱਟਰ ਨੇ ਕੀਤਾ ਮੰਥਨ, ਨਹੀਂ ਬਣੀ ਕੋਈ ਸਹਿਮਤੀ
ਦੱਸ ਦਈਏ ਕਿ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਮਸਲੇ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਾਲੇ ਮੀਟਿੰਗ ਹੋਈ। ਇਸ ਦੌਰਾਨ ਪੰਜਾਬ ਤੇ ਹਰਿਆਣਾ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਵਿੱਚ ਵਿਚਾਰੇ ਗਏ ਤੱਥਾਂ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਪਰ ਮੰਨਿਆ ਜਾ ਰਿਹਾ ਹੈ ਕਿ ਦੋਵਾਂ ਸੂਬਿਆਂ ਵਿਚਾਲੇ ਅਜੇ ਕੋਈ ਸਹਿਮਤੀ ਨਹੀਂ ਬਣੀ।
ਇਹ ਮੀਟਿੰਗ ਚੰਡੀਗੜ੍ਹ ਸਥਿਤ ਹਰਿਆਣਾ ਨਿਵਾਸ ਵਿੱਚ ਹੋਈ। ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਦੋਵਾਂ ਮੁੱਖ ਮੰਤਰੀਆਂ ਨੂੰ ਇਸ ਮਾਮਲੇ ’ਤੇ ਮਿਲਣ ਤੇ ਸੁਖਾਵੇਂ ਹੱਲ ਕੱਢਣ ਲਈ ਕਿਹਾ ਗਿਆ ਸੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਅੱਜ ਸਿਰਫ਼ ਨਹਿਰ ਦੇ ਨਿਰਮਾਣ 'ਤੇ ਗੱਲਬਾਤ ਹੋਈ ਹੈ। ਉਨ੍ਹਾਂ ਸਪੱਸ਼ਟ ਕਿਹਾ ਹੈ ਕਿ ਪਾਣੀਆਂ ਸਬੰਧੀ ਗੱਲਬਾਤ ਬਾਅਦ ਵਿੱਚ ਕੀਤੀ ਜਾਵੇਗੀ।