ਸੰਗਰੂਰ: ਆਮ ਆਦਮੀ ਪਾਰਟੀ ਪੰਚਾਇਤੀ ਚੋਣਾਂ ਵਿੱਚ ਇੱਕ ਵਾਰ ਫਿਰ ਉਸੇ ਹਥਕੰਡੇ ਦੀ ਵਰਤੋਂ ਕਰਨ ਬਾਰੇ ਸੋਚ ਰਹੀ ਹੈ, ਜਿਸ ਦੀ ਵਰਤੋਂ ਕਰ ਕੇ ਨਿਗਮ ਚੋਣਾਂ ਵਿੱਚ ਇੱਕ ਵੀ ਸੀਟ ਹਾਸਲ ਨਹੀਂ ਸੀ ਕੀਤੀ। 'ਆਪ' ਆਉਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਪਾਰਟੀ ਦੇ ਚੋਣ ਨਿਸ਼ਾਨ ਨੂੰ ਵਰਤਣ ਜਾਂ ਇਸ ਤੋਂ ਗੁਰੇਜ਼ ਕਰਨ ਬਾਰੇ ਵਿਚਾਰ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਭਲਕੇ ਯਾਨੀ ਦੋ ਸਤੰਬਰ ਨੂੰ ਆਮ ਆਦਮੀ ਪਾਰਟੀ ਨੇ ਸੰਗਰੂਰ ਵਿੱਚ ਵਿਧਾਇਕਾਂ ਤੇ ਹੋਰ ਸੂਬਾ ਪੱਧਰੀ ਲੀਡਰਾਂ ਦੀ ਬੈਠਕ ਰੱਖੀ ਹੈ। ਇਸ ਵਿੱਚ ਪਾਰਟੀ ਆਉਂਦੀਆਂ ਪੰਚਾਇਤੀ ਚੋਣਾਂ ਬਾਰੇ ਰਣਨੀਤੀ ਤਿਆਰ ਕਰੇਗੀ। ਇਸ ਸਬੰਧੀ ਸ਼ੁੱਕਰਵਾਰ ਨੂੰ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇਤਾਵਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਗੋਲ਼ੀਕਾਂਡ ਲਈ ਬਾਦਲਾਂ ਅਤੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਵਿਰੁੱਧ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਦੋਸ਼ ਲਾਇਆ ਕਿ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਐਫਆਈਆਰ ਦਰਜ ਨਾ ਕਰ ਕੇ ਕੈਪਟਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਬਾਦਲਾਂ ਨੂੰ ਬਚਾਉਣ ਲਈ ਕਿਸੇ ਵੀ ਹੱਦ ਤਕ ਜਾ ਸਕਦੇ ਹਨ।