ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮਪੀ ਹਰਸਿਮਰਤ ਕੌਰ ਬਾਦਲ ਨੇ  ਕਿਹਾ ਕਿ ਆਮ ਆਦਮੀ ਪਾਰਟੀ ਨੇ ਕਾਂਗਰਸ ਨਾਲ 2013 ਵਿਚ ਹੀ ਹੱਥ ਰਲਾ ਲਏ ਸਨ ਤੇ ਹੁਣ ਤਾਂ ਸਿਰਫ ਕੌਮੀ ਤੇ ਪੰਜਾਬ ਪੱਧਰ ’ਤੇ ਗਠਜੋੜ ਨੂੰ ਰਸਮੀ ਰੂਪ ਦਿੱਤਾ ਜਾ ਰਿਹਾ ਹੈ।


ਇਥੇ ਚੱਕ ਹੀਰਾ ਸਿੰਘ ਵਾਲਾ ਪਿੰਡ ਵਿਚ ਗ੍ਰਾਂਟਾਂ ਦੀ ਵੰਡ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਠਿੰਡਾ ਦੇ ਐਮਪੀ ਨੇ ਕਿਹਾ ਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ 2013 ਵਿਚ ਦਿੱਲੀ ਵਿਚ ਸਰਕਾਰ ਬਣਾਉਣ ਲਈ ਕਾਂਗਰਸ ਪਾਰਟੀ ਤੋਂ ਮਦਦ ਲਈ ਸੀ ਹਾਲਾਂਕਿ ਪਹਿਲਾਂ ਉਹਨਾਂ ਨੇ ਆਪਣੇ ਬੱਚਿਆਂ ਦੀ ਸਹੁੰ ਖਾਧੀ ਸੀ ਕਿ ਉਹ ਕਦੇ ਵੀ ਕਾਂਗਰਸ ਨਾਲ ਗਠਜੋੜ ਨਹੀਂ ਕਰਨਗੇ।


ਉਹਨਾਂ ਕਿਹਾ ਕਿ ਇਸ ਮਗਰੋਂ ਕਾਂਗਰਸ ਤੇ ਆਪ ਅਕਾਲੀ ਦਲ ਦੇ ਖਿਲਾਫ ਇਕਜੁੱਟ ਹੋ ਗਏ ਤੇ ਉਹਨਾਂ ਨੇ ਵਾਰੋ ਵਾਰੀ 2017 ਤੇ 2022 ਵਿਚ ਆਪਣੀਆਂ ਸਰਕਾਰਾਂ ਬਣਾਈਆਂ। ਉਹਨਾਂ ਕਿਹਾ ਕਿ ਹੁਣ ਵੀ ਉਹ ਇਕਜੁੱਟ ਹੋ ਕੇ ਅਕਾਲੀ ਦਲ ਦੀ ਨਿੰਦਾ ਕਰ ਰਹੇ ਹਨ ਜਦੋਂ ਕਿ ਪੰਜਾਬ ਵਿਚ ਟਿਕਟਾਂ ਦੀ ਸਾਂਝੀ ਵੰਡ ਦੀ ਗੱਲਬਾਤ ਕਰ ਰਹੇ ਹਨ।


ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸ ਸਭ ਤੋਂ ਸਾਬਤ ਹੁੰਦਾ ਹੈ ਕਿ ਆਪ ਤੇ ਕਾਂਗਰਸ ਸਿਰਫ ਵਿਖਾਵੇ ਦੇ ਝਗੜੇ ਨਾਲ ਪੰਜਾਬੀਆਂ ਨੂੰ ਮੂਰਖ ਬਣਾਉਣ ਦਾ ਯਤਨ ਕਰ ਰਹੇ ਹਨ ਹਾਲਾਂਕਿ ਉਹ ਅਗਲੇ ਸਮੇਂ ਵਿਚ ਲੋਕ ਸਭਾ ਚੋਣਾਂ ਇਕੱਠਿਆਂ ਲੜਨ ਵਾਲੇ ਹਨ।


ਉਹਨਾਂ ਕਿਹਾ ਕਿ ਜਿਸ ਤਰੀਕੇ ਕਾਂਗਰਸ ਨੇ ਸੂਬੇ ਵਿਚ ਮੁੱਖ ਵਿਰੋਧੀ ਧਿਰ ਹੋਣ ਦੇ ਬਾਵਜੂਦ ਆਪ ਨਾਲ ਸਮਝੌਤਾ ਕੀਤਾ ਹੈ, ਉਸ ਤੋਂ ਸਾਬਤ ਹੁੰਦਾ ਹੈ ਕਿ ਉਸਨੂੰ ਲੋਕਾਂ ਦੀ ਭਲਾਈ ਵਿਚ ਕੋਈ ਦਿਲਚਸਪੀ ਨਹੀ਼ ਹੈ ਤੇ ਉਹ ਸੌੜੇ ਸਿਆਸੀ ਹਿੱਤਾਂ ਖ਼ਾਤਰ ਕਿਸੇ ਵੀ ਪੱਧਰ ਤੱਕ ਜਾ ਸਕਦੀ ਹੈ।


ਬਾਦਲ ਨੇ ਕਿਹਾ ਕਿ ਆਪ ਤੇ ਕਾਂਗਰਸ ਗਠਜੋੜ ਪੰਜਾਬੀਆਂ ਦੇ ਹਿੱਤਾਂ ਲਈ ਮਾਰੂ ਹੈ। ਉਹਨਾਂ ਕਿਹਾ ਕਿ ਹੁਣ ਤਾਂ ਦੋਵਾਂ ਪਾਰਟੀਆਂ ਨੇ ਸੂਬੇ ਨੂੰ ਲੁੱਟਣ ਲਈ ਹੱਥ ਮਿਲਾ ਲਏ ਹਨ।


ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਕਾਂਗਰਸ ਨੇ 2017 ਤੋਂ 2022 ਤੱਕ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਲਿਆ ਤੇ ਹੁਣ ਆਪ ਸਰਕਾਰ ਨੇ 20 ਮਹੀਨਿਆਂ ਵਿਚ 60 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਹੈ।


ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਦੋਵਾਂ ਸਰਕਾਰਾਂ ਨੇ ਪੰਜਾਬੀਆਂ ਦੇ ਕਈ ਵਰ੍ਹੇ ਬਰਬਾਦ ਕਰ ਦਿੱਤੇ ਹਨ ਤੇ ਸੂਬੇ ਵਿਚ ਕੋਈ ਵੀ ਨਵਾਂ ਬੁਨਿਆਦੀ ਢਾਂਚਾ ਪ੍ਰਾਜੈਕਟ ਨਹੀਂ ਲਿਆਂਦਾ ਗਿਆ ਤੇ ਵਿਕਾਸ ਠੱਪ ਹੋ ਕੇ ਰਹਿ ਗਿਆ ਹੈ। 


ਉਹਨਾਂ ਕਿਹਾ ਕਿ ਆਪ ਸਰਕਾਰ ਤਾਂ ਗਰੀਬ ਵਿਰੋਧੀ ਹੈ ਕਿਉਂਕਿ ਸਰਕਾਰ ਨੇ ਸ਼ਗਨ ਸਕੀਮ ਰੋਕ ਦਿੱਤੀ ਹੈ ਤੇ ਆਟਾ ਦਾਲ ਤੇ ਬੁਢਾਪਾ ਪੈਨਸ਼ਨ ਵਰਗੀਆਂ ਸਮਾਜ ਭਲਾਈ ਸਕੀਮਾਂ ਵਿਚ ਭਾਰੀ ਕਟੌਤੀ ਕੀਤੀ ਗਈ ਹੈ।