ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪਾਰਟੀ ਦੇ ਸੰਗਠਨਾਤਮਕ ਢਾਂਚੇ 'ਚ ਹੋਰ ਵਿਸਤਾਰ ਕਰਦੇ ਹੋਏ ਦਿੜ੍ਹਬਾ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ ਨੂੰ ਪਾਰਟੀ ਦੇ ਲੀਗਲ ਸੈੱਲ ਤੇ ਕਿਸਾਨ ਆਗੂ ਦਲਜੀਤ ਸਿੰਘ ਸਦਰਪੁਰਾ ਨੂੰ ਕਿਸਾਨ ਵਿੰਗ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ।   'ਆਪ' ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਪਾਰਟੀ ਦੇ ਸੂਬਾ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਨੇ ਇਹ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਡਾ. ਬਲਬੀਰ ਨੇ ਦੱਸਿਆ ਕਿ ਪਾਰਟੀ ਦੇ ਨਵ ਨਿਯੁਕਤ ਸੂਬਾ ਉਪ ਪ੍ਰਧਾਨ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਨੂੰ ਕਿਸਾਨ ਵਿੰਗ ਦੇ ਅਬਜ਼ਰਵਰ ਤੇ ਪਾਰਟੀ ਦੇ ਬੁਲਾਰੇ ਐਡਵੋਕੇਟ ਜਸਤੇਜ ਸਿੰਘ ਅਰੋੜਾ ਨੂੰ ਲੀਗਲ ਸੈੱਲ ਪੰਜਾਬ ਦੀ ਸਹਿ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਡਾ. ਬਲਬੀਰ ਨੇ ਕਿਹਾ ਕਿ ਪਾਰਟੀ ਦੀ ਹੇਠਲੇ ਪੱਧਰ ਤੱਕ ਮਜ਼ਬੂਤੀ ਲਈ ਇਹ ਨਿਯੁਕਤੀਆਂ ਪਾਰਟੀ ਦੇ ਸੀਨੀਅਰ ਆਗੂਆਂ ਤੇ ਅਹੁਦੇਦਾਰਾਂ ਨਾਲ ਸਲਾਹ ਮਸ਼ਵਰੇ ਉਪਰੰਤ ਕੀਤੀਆਂ ਗਈਆਂ ਹਨ।