ਹੁਣ ਵਲਟੋਹਾ ਦੁਆਲੇ ਹੋਈ ਆਮ ਆਦਮੀ ਪਾਰਟੀ
ਏਬੀਪੀ ਸਾਂਝਾ | 13 Jan 2019 06:32 PM (IST)
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੱਟੀ ਵਿੱਚ 1983 ਵਿੱਚ ਹੋਏ ਡਾ. ਤ੍ਰੇਹਨ ਕਤਲ ਮਾਮਲੇ ਵਿੱਚ ਅਕਾਲੀ ਆਗੂ ਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ ਤੇ ਯੂਥ ਵਿੰਗ ਦੇ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਬਿਨਾ ਦੇਰੀ ਕੀਤੇ ਵਲਟੋਹਾ ਨੂੰ ਗ੍ਰਿਫ਼ਤਾਰ ਕਰਕੇ ਉਸ ਦੀ ਸੰਪਤੀ ਜ਼ਬਤ ਕੀਤੀ ਜਾਣੀ ਚਾਹੀਦੀ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਕਤਲ ਕੇਸ ਵਿਚ ਗ੍ਰਿਫ਼ਤਾਰ ਕੀਤੇ ਗਏ ਦੂਸਰੇ ਦੋਸ਼ੀਆਂ ਦੇ ਬਿਆਨਾਂ ਦੇ ਆਧਾਰ ‘ਤੇ ਵਲਟੋਹਾ ਨੂੰ ਵੀ ਇਸ ਕਤਲ ਕੇਸ ਵਿਚ ਨਾਮਜ਼ਦ ਕੀਤਾ ਗਿਆ ਸੀ, ਪਰ ਵਲਟੋਹਾ ਪੁਲਿਸ ਦੀ ਮਿਲੀਭੁਗਤ ਨਾਲ ਬਚਦਾ ਰਿਹਾ, ਪੁਲਿਸ ਵੀ ਅਦਾਲਤ ਨੂੰ ਗੁੰਮਰਾਹ ਕਰਦੀ ਰਹੀ ਪਰ ਵਲਟੋਹਾ ਨੂੰ ਅਦਾਲਤ ਅੱਗੇ ਪੇਸ਼ ਨਹੀਂ ਕੀਤਾ ਗਿਆ। ਮੀਤ ਹੇਅਰ ਨੇ ਕਿਹਾ ਕਿ ਕਤਲ ਕੇਸ ਵਿੱਚ ਨਾਮਜ਼ਦ ਵਿਅਕਤੀਆਂ ਦਾ ਖੁੱਲ੍ਹੇਆਮ ਘੁੰਮਣਾ ਤੇ ਵਿਧਾਇਕ ਬਣਨਾ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਨਾਲਾਇਕੀ ਸਾਬਤ ਕਰਦੀ ਹੈ। ਮਨਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੁਲਿਸ ਵੱਲੋਂ ਵਲਟੋਹਾ ਨੂੰ ਪ੍ਰੋਕਲੇਮਡ ਓਫੈਂਡਰ (ਭਗੌੜਾ) ਐਲਾਨੇ ਜਾਣ ਤੋਂ ਬਾਅਦ ਵੀ ਉਸ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨਾ ਅਤਿ ਨਿੰਦਣਯੋਗ ਹੈ। ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਆਪਣੇ ਵਿਧਾਇਕ ਦੇ ਪਰਚੇ ਭਰਨ ਸਮੇਂ ਹਲਫ਼ੀਆ ਬਿਆਨ ਵਿੱਚ ਝੂਠ ਬੋਲਣ ਲਈ ਉਸ ਉੱਤੇ ਕੜੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ‘ਆਪ’ ਨੇਤਾਵਾਂ ਨੇ ਕਿਹਾ ਕਿ ਇਸ ਕੇਸ ਨੂੰ ਦੋਬਾਰਾ ਖੋਲ ਕੇ ਜਾਂਚ ਹੋਣੀ ਚਾਹੀਦੀ ਹੈ ਤੇ ਵਲਟੋਹਾ ਨੂੰ ਬਚਾਉਣ ਵਾਲੇ ਪੁਲਿਸ ਅਧਿਕਾਰੀਆਂ ਉੱਤੇ ਵੀ ਕੇਸ ਦਰਜ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਖ਼ੁਦ ਨੂੰ ਅੱਤਵਾਦੀ ਕਹਿਣ ਵਾਲੇ ਵਲਟੋਹਾ ਖ਼ਿਲਾਫ਼ ਕਾਰਵਾਈ ਨਾ ਕਰਨਾ ਕੈਪਟਨ ਤੇ ਬਾਦਲਾਂ ਦੀ ਮਿਲੀਭੁਗਤ ਜ਼ਾਹਿਰ ਕਰਦਾ ਹੈ। ਸਿੱਧੂ ਨੇ ਮੰਗ ਕੀਤੀ ਕਿ ਬਿਨਾ ਦੇਰੀ ਕੀਤੇ ਵਲਟੋਹਾ ਦਾ ਪਾਸਪੋਰਟ ਜ਼ਬਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਹ ਵਿਦੇਸ਼ ਨਾ ਭੱਜ ਸਕੇ।