SYL Issue: ਐਸਵਾਈਐਲ ਨੂੰ ਲੈ ਕੇ ਅਕਾਲੀ ਦਲ ਅਤੇ ਭਾਜਪਾ 'ਤੇ ਹਮਲਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਦੋਵੇਂ ਪਾਰਟੀਆਂ ਜਾਣਬੁੱਝ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ।
‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਐਸਵਾਈਐਲ ਦਾ ਮੁੱਦਾ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਮੁੱਦਾ ਹੈ। ਇਸ ਲਈ ਇਸ ਮਾਮਲੇ 'ਤੇ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਸਰਕਾਰ ਦਾ ਸਟੈਂਡ ਸਪੱਸ਼ਟ ਹੈ ਕਿ ਪੰਜਾਬ ਸਰਕਾਰ ਐਸਵਾਈਐਲ ਨਹੀਂ ਬਣਨ ਦੇਵੇਗੀ ਅਤੇ ਨਾ ਹੀ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਕਿਸੇ ਹੋਰ ਸੂਬੇ ਨੂੰ ਦੇਣ ਦੇਵੇਗੀ।
ਭਾਜਪਾ 'ਤੇ ਹਮਲਾ ਕਰਦਿਆਂ ਕੰਗ ਨੇ ਕਿਹਾ ਕਿ ਕੱਲ੍ਹ ਪ੍ਰਧਾਨ ਮੰਤਰੀ ਨੇ ਰਾਜਸਥਾਨ 'ਚ ਐਸਵਾਈਐਲ ਨੂੰ ਲੈ ਕੇ ਪੰਜਾਬ ਵਿਰੁੱਧ ਬਿਆਨ ਦਿੱਤਾ ਸੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰਾਜਸਥਾਨ ਵਿੱਚ ਚੋਣ ਪ੍ਰਚਾਰ ਦੌਰਾਨ ਦਿੱਤੇ ਭਾਸ਼ਣ ਦਾ ਉਹ ਹਿੱਸਾ ਵੀ ਮੀਡੀਆ ਨੂੰ ਸੁਣਾਇਆ, ਜਿਸ ਵਿੱਚ ਉਹ ਕਹਿ ਰਹੇ ਸਨ ਕਿ ਕੁਝ ਸੂਬੇ ਪਾਣੀ ਲਈ ਹਮੇਸ਼ਾ ਲੜਦੇ ਹਨ।
ਕੰਗ ਨੇ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਇੱਕ ਪੁਰਾਣੀ ਵੀਡੀਓ ਵੀ ਸੁਣਾਈ ਅਤੇ ਉਨ੍ਹਾਂ ਨੂੰ ਪੁੱਛਿਆ ਕਿ ਜਦੋਂ ਉਹ ਕਾਂਗਰਸ ਵਿੱਚ ਸਨ ਤਾਂ ਉਹ ਕਹਿੰਦੇ ਸਨ ਕਿ ਇਸ ਮਾਮਲੇ ਦਾ ਫੈਸਲਾ ਪ੍ਰਧਾਨ ਮੰਤਰੀ ਨੇ ਕਰਨਾ ਹੈ ਨਾ ਕਿ ਮੁੱਖ ਮੰਤਰੀ ਨੇ। ਉਨ੍ਹਾਂ ਦਾ ਕਹਿਣਾ ਸੀ ਕਿ ਪ੍ਰਧਾਨ ਮੰਤਰੀ ਮੋਦੀ ਦੇ ਮਾੜੇ ਇਰਾਦੇ ਹਨ ਇਸ ਲਈ ਉਹ ਇਸ ਮੁੱਦੇ ਨੂੰ ਟਾਲ ਰਹੇ ਹਨ। ਜੇਕਰ ਉਹ ਚਾਹੇ ਤਾਂ ਦੋ ਦਿਨਾਂ ਵਿੱਚ ਇਸ ਮਸਲੇ ਦਾ ਹੱਲ ਕਰ ਸਕਦੇ ਹਨ। ਕੰਗ ਨੇ ਕਿਹਾ ਕਿ ਹੁਣ ਸੁਨੀਲ ਜਾਖੜ ਹੀ ਭਾਜਪਾ ਵਿੱਚ ਹਨ। ਹੁਣ ਉਹ ਪ੍ਰਧਾਨ ਮੰਤਰੀ ਨੂੰ ਇਹ ਕਿਉਂ ਨਹੀਂ ਕਹਿੰਦੇ ਕਿ ਇਸ ਮੁੱਦੇ ਨੂੰ ਜਲਦੀ ਹੱਲ ਕੀਤਾ ਜਾਣਾ ਚਾਹੀਦਾ ਹੈ।
ਅਕਾਲੀ ਦਲ ਬਾਦਲ 'ਤੇ ਹਮਲਾ ਕਰਦਿਆਂ ਕੰਗ ਨੇ ਕਿਹਾ ਕਿ ਚੰਗਾ ਹੋਵੇਗਾ ਜੇਕਰ ਸੁਖਬੀਰ ਬਾਦਲ ਇਸ ਮੁੱਦੇ 'ਤੇ ਚੁੱਪ ਰਹਿਣ ਕਿਉਂਕਿ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਹੁੰਦਿਆਂ 1978 'ਚ ਐਸਵਾਈਐਲ ਲਈ ਜ਼ਮੀਨ ਐਕੁਆਇਰ ਕਰਨ ਦਾ ਨੋਟੀਫਿਕੇਸ਼ਨ ਸਭ ਤੋਂ ਪਹਿਲਾਂ ਜਾਰੀ ਕੀਤਾ ਸੀ।
ਉਨ੍ਹਾਂ ਨੇ ਇਹ ਨੋਟੀਫਿਕੇਸ਼ਨ ਆਪਣੇ ਪਿਆਰੇ ਦੋਸਤ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਦੇ ਕਹਿਣ 'ਤੇ ਜਾਰੀ ਕੀਤਾ ਸੀ। ਇਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੇ ਹਰਿਆਣਾ ਦੇ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੂੰ ਇਕ ਹੋਰ ਪੱਤਰ ਲਿਖ ਕੇ ਕਿਹਾ ਕਿ ਹਰਿਆਣਾ ਸਰਕਾਰ ਐਸਵਾਈਐਲ ਲਈ ਜ਼ਮੀਨ ਐਕੁਆਇਰ ਕਰਨ ਲਈ ਪੰਜਾਬ ਸਰਕਾਰ ਨੂੰ 3 ਕਰੋੜ ਰੁਪਏ ਦੇਵੇ। ਇਹ ਗੱਲ ਰਿਕਾਰਡ ਹੈ।
ਕੰਗ ਨੇ ਦੋਸ਼ ਲਾਇਆ ਕਿ ਐਸਵਾਈਐਲ ਦੇ ਬਦਲੇ ਬਾਦਲ ਪਰਿਵਾਰ ਨੇ ਚੌਧਰੀ ਦੇਵੀ ਲਾਲ ਦੀ ਸਰਕਾਰ ਤੋਂ ਗੁੜਗਾਉਂ ਵਿੱਚ ਪੰਜ ਤਾਰਾ ਹੋਟਲ ਲਈ ਪਲਾਟ ਲਿਆ। ਇਸ ਤੋਂ ਇਲਾਵਾ ਬਾਦਲ ਪਰਿਵਾਰ ਨੇ ਚੌਧਰੀ ਦੇਵੀ ਲਾਲ ਰਾਹੀਂ ਹਰਿਆਣਾ ਵਿੱਚ ਅਰਬਾਂ ਰੁਪਏ ਦੀ ਦੌਲਤ ਬਣਾਈ ਹੈ।
ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ 'ਤੇ ਦੋਸ਼ ਲਾਉਣ ਤੋਂ ਪਹਿਲਾਂ ਸੁਖਬੀਰ ਬਾਦਲ ਨੂੰ ਆਪਣੇ ਇਤਿਹਾਸ 'ਤੇ ਨਜਰ ਮਾਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵਿਚਕਾਰ ਜੋ ਰਿਸ਼ਤਾ ਬਣਿਆ ਸੀ, ਉਸ ਨੂੰ ਭਾਜਪਾ ਅਤੇ ਅਕਾਲੀ ਦਲ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ। ਐਸਵਾਈਐਲ ਦੇ ਮੁੱਦੇ 'ਤੇ ਭਾਜਪਾ ਹਰਿਆਣਾ 'ਚ ਅਤੇ ਅਕਾਲੀ ਦਲ ਪੰਜਾਬ 'ਚ ਲੋਕਾਂ ਨੂੰ ਭੜਕਾ ਰਹੀ ਹੈ।
ਕੰਗ ਨੇ ਕਾਂਗਰਸ 'ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ 1980 'ਚ ਕਾਂਗਰਸ ਦੇ ਮੁੱਖ ਮੰਤਰੀ ਦਰਬਾਰਾ ਸਿੰਘ ਨੇ ਸੁਪਰੀਮ ਕੋਰਟ 'ਚ ਹਲਫਨਾਮਾ ਦਿੱਤਾ ਸੀ ਕਿ ਸਾਨੂੰ ਹਰਿਆਣਾ ਅਤੇ ਰਾਜਸਥਾਨ ਨੂੰ ਆਪਣੀ ਮਰਜ਼ੀ ਮੁਤਾਬਕ ਪਾਣੀ ਦੇਣ 'ਤੇ ਕੋਈ ਇਤਰਾਜ਼ ਨਹੀਂ ਹੈ। ਉਨ੍ਹਾਂ ਨੇ ਇਹ ਹਲਫਨਾਮਾ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਹਿਣ 'ਤੇ ਦਿੱਤਾ ਸੀ। ਉਸ ਤੋਂ ਬਾਅਦ 1982 ਵਿੱਚ ਇੰਦਰਾ ਗਾਂਧੀ ਅਤੇ ਸਾਬਕਾ ਕਾਂਗਰਸ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਦੇ ਪਿੰਡ ਕਪੂਰੀ ਵਿੱਚ ਐਸਵਾਈਐਲ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ।