ਸੰਗਰੂਰ : ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਖੜੇ ਕੀਤੇ ਉਮੀਦਵਾਰ ਗੁਰਮੇਲ ਸਿੰਘ ਸਰਪੰਚ ਘਰਾਚੋਂ ਨੇ ਚੋਣ ਮੁਹਿੰਮ ਦੀ ਸ਼ੁਰੂ ਕਰ ਦਿੱਤੀ 
ਹੈ। ਸਾਰੇ ਕਾਂਗਰਸੀ ਲੀਡਰ ਅਤੇ ਸਾਬਕਾ ਮੰਤਰੀ ਆਪਣੀਆਂ ਨਾਕਾਮੀਆਂ ਅਤੇ ਭ੍ਰਿਸ਼ਟਾਚਾਰ ਤੇ ਪਰਦਾ ਪਾਉਣ ਲਈ ਹੀ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਇਹ ਵਿਚਾਰ ਲੋਕ ਸਭਾ ਹਲਕਾ ਸੰਗਰੂਰ ਤੋਂ ਐਲਾਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੇ ਅੱਜ ਲਹਿਰਾਗਾਗਾ ਸ਼ਹਿਰ ਵਿਚ ਆਮ ਆਦਮੀ ਪਾਰਟੀ ਦੀ ਰੈਲੀ ਦੌਰਾਨ ਪ੍ਰਗਟ ਕੀਤੇ।  ਇਸ ਸਮੇਂ ਹਲਕਾ ਲਹਿਰਾ ਦੇ ਐੱਮਐੱਲਏ ਬਰਿੰਦਰ ਗੋਇਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।


ਘਰਾਚੋ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਕ ਬੇਦਾਗ ਪਾਰਟੀ ਹੈ। ਜਿਸ ਦਾ ਕਿਸੇ ਹੋਰ ਪਾਰਟੀ ਨਾਲ ਮੁਕਾਬਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਆਮ ਵਲੰਟੀਅਰ ਨੂੰ ਟਿਕਟ ਦੇ ਕੇ ਨਿਵਾਜਿਆ ਹੈ। ਉਨ੍ਹਾਂ ਪਾਰਟੀ ਦਾ ਧੰਨਵਾਦ ਕਰਦਿਆਂ ਲੋਕਾਂ ਨਾਲ ਵਾਅਦਾ ਕੀਤਾ, ਕਿ ਮੈਂ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਅਤੇ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ, ਵਪਾਰੀਆਂ ਦੀ ਆਵਾਜ਼ ਪਾਰਲੀਮੈਂਟ ਵਿੱਚ ਚੁੱਕਾਂਗਾ।


ਵਿਧਾਇਕ ਬਰਿੰਦਰ ਗੋਇਲ ਨੇ ਕਿਹਾ ਕਿ ਬਾਕੀ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋਣਗੀਆਂ, ਕਿਉਂਕਿ ਉਨ੍ਹਾਂ ਕੋਲ ਕੋਈ ਮੁੱਦਾ ਹੀ ਨਹੀਂ ਹੈ। ਪੰਜਾਬ ਦੇ ਲੋਕਾਂ ਨੇ ਪਹਿਲਾਂ ਵਿਧਾਨ ਸਭਾ ਚੋਣਾਂ ਵਿੱਚ 92  ਸੀਟਾਂ ਜਿਤਾ ਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਅਤੇ ਹੁਣ ਵੀ ਰਿਕਾਰਡ ਵੋਟਾਂ ਨਾਲ ਲੋਕ ਸਭਾ ਸੀਟ ਸੰਗਰੂਰ ਤੋਂ ਗੁਰਮੇਲ ਸਿੰਘ ਘਰਾਚੋਂ ਨੂੰ ਜਿਤਾ ਕੇ ਪਾਰਲੀਮੈਂਟ ਵਿੱਚ ਭੇਜਣਗੇ। 


ਇਹ ਵੀ ਪੜ੍ਹੋ


ਜ਼ਿਮਨੀ ਚੋਣਾਂ ਦੀ ਤਿਆਰੀ ਜ਼ੋਰਾ 'ਤੇ ਚਲ ਰਹੀ ਹੈ। ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੇ -ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ 'ਚ ਉਤਾਰ ਦਿੱਤਾ ਹੈ। ਇਸ ਦੇ ਨਾਲ ਹੀ ਦਲਵੀਰ ਗੋਲਡੀ ਨੂੰ ਸੰਗਰੂਰ ਤੋਂ ਕਾਂਗਰਸ ਦਾ ਉਮੀਦਵਾਰ ਐਲਾਨਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਗੋਲਡੀ ਭਗਵੰਤ ਮਾਨ ਤੋਂ ਵਿਧਾਨ ਸਭਾ ਚੋਣ ਹਾਰ ਗਏ ਸੀ। 


ਸੰਗਰੂਰ ਲੋਕ ਸਭਾ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਸ਼ੁਰੂ ਹੋ ਗਿਆ ਹੈ। ਬੀਜੇਪੀ ਨੇ ਕੇਵਲ ਢਿੱਲੋਂ ਨੂੰ ਸੰਗਰੂਰ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਕੇਵਲ ਢਿੱਲੋਂ ਕੱਲ੍ਹ ਹੀ ਬੀਜੇਪੀ 'ਚ ਸ਼ਾਮਲ ਹੋਏ ਸੀ।ਸੀਐੱਮ ਮਾਨ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਅਤੇ ਸਾਂਸਦ ਵਜੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ। ਹੁਣ 23 ਜੂਨ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ ਅਤੇ ਭਲਕੇ ਇਸ ਸੀਟ ਲਈ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ।