ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਖੰਨਾ ਇਕਾਈ ਨੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਈਸੜੂ ’ਚ ਰੱਖੀ ਕਾਨਫਰੰਸ ਰੱਦ ਕਰ ਦਿੱਤੀ ਹੈ। ਹਲਕਾ ਖੰਨਾ ਤੋਂ ਪਾਰਟੀ ਦੀ ਟਿਕਟ ’ਤੇ ਚੋਣ ਲੜ ਚੁੱਕੇ ਅਨਿਲ ਦੱਤ ਫਲੀ ਨੇ ਦੱਸਿਆ ਕਿ 15 ਅਗਸਤ ਨੂੰ ਪਾਰਟੀ ਈਸੜੂ ’ਚ ਸਿਆਸੀ ਕਾਨਫਰੰਸ ਨਹੀਂ ਕਰੇਗੀ।

ਅਨਿਲ ਦੱਤ ਨੇ ਦੱਸਿਆ ਕਿ ਭਗਵੰਤ ਮਾਨ ਸੰਗਰੂਰ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਚੰਡੀਗੜ੍ਹ ਤੋਂ ਆਪੋ-ਆਪਣੇ ਸਮਰਥਕਾਂ ਸਮੇਤ ਈਸੜੂ ਪਹੁੰਚ ਕੇ ਸ਼ਹੀਦ ਕਰਨੈਲ ਸਿੰਘ ਤੇ ਸ਼ਹੀਦ ਭੁਪਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਕੋਈ ਸਟੇਜ ਨਹੀਂ ਲਾਈ ਜਾਵੇਗੀ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਭਗਵੰਤ ਮਾਨ ਵੱਲੋਂ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਈਸੜੂ ’ਚ ਵਿਸ਼ਾਲ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਸੀ। ਮਾਨ ਦੇ ਐਲਾਨ ਤੋਂ ਬਾਅਦ ਸੁਖਪਾਲ ਖਹਿਰਾ ਧੜ੍ਹੇ ਵੱਲੋਂ ਵੀ ਇਸ ਰੈਲੀ ਵਿੱਚ ਪਹੁੰਚਣ ਦੀ ਗੱਲ ਕਹੀ ਗਈ ਸੀ।

ਕਿਆਸ ਲਾਏ ਜਾ ਰਹੇ ਹਨ ਕਿ ਦੋਵਾਂ ਧੜ੍ਹਿਆਂ ਵਿਚ ਚੱਲ ਰਹੀ ਤਲਖੀ ਦੇ ਕਾਰਨ ਹੀ ਆਮ ਆਦਮੀ ਪਾਰਟੀ ਵੱਲੋਂ ਇਹ ਰੈਲੀ ਰੱਦ ਕੀਤੀ ਗਈ ਹੈ।