Punjab News: ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਦੀ ਤਿੱਖੀ ਆਲੋਚਨਾ ਕਰਦਿਆਂ ਗਿੱਦੜਬਾਹਾ ਤੋਂ 'ਆਪ'  ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਉਨ੍ਹਾਂ ਦੇ ਵਾਅਦਿਆਂ ਨੂੰ ਝੂਠਾ ਕਰਾਰ ਦਿੱਤਾ ਹੈ। ਡਿੰਪੀ ਢਿੱਲੋਂ ਨੇ ਬਾਦਲ 'ਤੇ ਚੋਣ ਪ੍ਰਚਾਰ ਦੌਰਾਨ ਅਜਿਹੇ ਗੁੰਮਰਾਹਕੁੰਨ ਦਾਅਵੇ ਕਰ ਕੇ ਆਦਰਸ਼ ਚੋਣ ਜ਼ਾਬਤੇ ਦੀ ਸ਼ਰੇਆਮ ਉਲੰਘਣਾ ਕਰਨ ਦਾ ਦੋਸ਼ ਲਾਇਆ ਹੈ।


 ਇਸ ਮੁੱਦੇ ਬਾਰੇ ਬੋਲਦਿਆਂ ਡਿੰਪੀ ਢਿੱਲੋਂ ਨੇ ਕਿਹਾ, “ਮਨਪ੍ਰੀਤ ਬਾਦਲ ਦਾ ਗਿੱਦੜਬਾਹਾ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਲੰਬਾ ਇਤਿਹਾਸ ਰਿਹਾ ਹੈ। ਉਹ 16 ਸਾਲ ਇਸ ਹਲਕੇ ਦੀ ਨੁਮਾਇੰਦਗੀ ਕਰ ਚੁੱਕੇ ਹਨ, ਵਿੱਤ ਮੰਤਰੀ ਵੀ ਰਹੇ ਹਨ, ਪਰ ਫਿਰ ਵੀ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਿੱਚ ਨਾਕਾਮ ਰਹੇ ਹਨ। ਹੁਣ ਚੋਣਾਂ ਦੌਰਾਨ ਉਹ ਇਸ ਵਾਰ ਫਿਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਖੋਖਲੇ ਵਾਅਦੇ ਕਰ ਰਹੇ ਹਨ। ਜੇਕਰ ਤੁਸੀਂ ਸੱਤਾ 'ਚ ਰਹਿੰਦੀਆਂ 'ਚ ਕੋਈ ਕੰਮ ਨਹੀਂ ਕਰ ਸਕੇ ਤਾਂ ਹੁਣ ਗਿੱਦੜਬਾਹਾ ਤੁਹਾਡੇ 'ਤੇ ਵਿਸ਼ਵਾਸ ਕਿਉਂ ਕਰੇ? ਤੁਹਾਡੇ ਇਹ ਸਾਰੇ ਵਾਅਦੇ ਇੱਕ ਵਾਰ ਫਿਰ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ।



ਡਿੰਪੀ ਢਿੱਲੋਂ ਨੇ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਬਾਦਲ ਦੇ ਦਾਅਵੇ ਨਾ ਸਿਰਫ਼ ਬੇਬੁਨਿਆਦ ਹਨ, ਸਗੋਂ ਆਦਰਸ਼ ਚੋਣ ਜ਼ਾਬਤੇ ਦੀ ਵੀ ਸਿੱਧੀ ਉਲੰਘਣਾ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਬੇਬੁਨਿਆਦ ਵਾਅਦੇ ਕਰਨ ਵਾਲੇ ਬਾਦਲ ਖ਼ਿਲਾਫ਼ ਤੁਰੰਤ ਕਾਰਵਾਈ ਕਰੇ।


ਡਿੰਪੀ ਢਿੱਲੋਂ ਨੇ ਕਿਹਾ ਕਿ ਗਿੱਦੜਬਾਹਾ ਦੇ ਲੋਕ ਇਸ ਤੋਂ ਵਧੀਆ ਦੇ ਹੱਕਦਾਰ ਹਨ। “ਇਹ ਜਵਾਬਦੇਹੀ ਅਤੇ ਪਾਰਦਰਸ਼ਤਾ ਦਾ ਸਮਾਂ ਹੈ।  ਪੰਜਾਬ ਦੇ ਲੋਕ ਝੂਠੇ ਵਾਅਦਿਆਂ ਤੋਂ ਅੱਕ ਚੁੱਕੇ ਹਨ। ਅਸੀਂ, 'ਆਪ' ਵਿੱਚ, ਨੌਜਵਾਨਾਂ ਲਈ ਅਸਲ ਮੌਕੇ ਪੈਦਾ ਕਰਨ ਅਤੇ ਖੇਤਰ ਦੇ ਪ੍ਰਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹਾਂ। ਮਾਨ ਸਰਕਾਰ ਨੇ ਹੁਣ ਤੱਕ 45,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।