ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਮਿਸ਼ਨ 2019 ਲਈ ਵੱਡੀ ਪਹਿਲ ਕਰਦਿਆਂ ਲੋਕ ਸਭਾ ਚੋਣਾਂ ਲਈ ਆਪਣੇ ਪੰਜ ਉਮੀਦਵਾਰ ਐਲਾਨ ਦਿੱਤੇ ਹਨ। ਪਾਰਟੀ ਦੀ ਅੱਜ ਹੀ ਚੁਣੀ ਗਈ ਮੁੱਖ ਬੁਲਾਰਾ ਬਲਜਿੰਦਰ ਕੌਰ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਸੰਗਰੂਰ, ਪ੍ਰੋ. ਸਾਧੂ ਸਿੰਘ ਫਰੀਦਕੋਟ, ਡਾ. ਰਵਜੋਤ ਸਿੰਘ ਹੁਸ਼ਿਆਰਪੁਰ, ਕੁਲਦੀਪ ਸਿੰਘ ਧਾਲੀਵਾਲ ਅਮ੍ਰਿਤਸਰ ਤੇ ਨਰਿੰਦਰ ਸ਼ੇਰਗਿਲ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਲੜਨਗੇ। ਆਮ ਆਦਮੀ ਪਾਰਟੀ ਨੇ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਚਾਰ ਸੀਟਾਂ ਜਿੱਤੀਆਂ ਸੀ। ਪਾਰਟੀ ਨੂੰ ਇਸ ਵਾਰ ਵੀ ਚੰਗੇ ਪ੍ਰਦਰਸ਼ਨ ਦੀ ਉਮੀਦਵਾਰ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਵੱਡੇ ਸੰਕਟ ਵਿੱਚ ਘਿਰਿਆ ਹੋਇਆ ਹੈ ਤੇ ਸੱਤਾ ਧਿਰ ਕਾਂਗਰਸ ਖਿਲਾਫ ਵੀ ਲੋਕਾਂ ਵਿੱਚ ਰੋਹ ਹੈ। ਉਂਝ ਆਮ ਆਦਮੀ ਪਾਰਟੀ ਦਾ ਅੰਦਰੂਨੀ ਕਲੇਸ਼ ਉਨ੍ਹਾਂ ਉਮੀਦਾਂ 'ਤੇ ਪਾਣੀ ਫੇਰ ਸਕਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਇਕਾਈ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ਹੇਠ ਬਣੀ 22 ਮੈਂਬਰੀ ਕੋਰ ਕਮੇਟੀ ਨੇ ਲੋਕ ਸਭਾ ਚੋਣਾਂ ਲਈ 13 ਸੀਟਾਂ ਵਿੱਚੋਂ 5 ਹਲਕਿਆਂ ਲਈ ਉਮੀਦਵਾਰਾਂ ਦੀ ਚੋਣ ਕਰ ਲਈ ਹੈ। ਇਸ ਉਪਰ ਕੇਂਦਰੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਰਸਮੀ ਮੋਹਰ ਹੀ ਲੱਗਣੀ ਹੈ। ਅੱਜ ਬਲਜਿੰਦਰ ਕੌਰ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਮੁਤਾਬਕ ਮੌਜੂਦਾ ਸੰਸਦ ਮੈਂਬਰ ਤੇ ਪਾਰਟੀ ਦੇ ਮੁੱਖ ਆਗੂ ਭਗਵੰਤ ਮਾਨ ਨੂੰ ਮੁੜ ਸੰਗਰੂਰ ਹਲਕੇ ਤੋਂ ਚੋਣ ਲੜਾਉਣ ਦਾ ਫੈਸਲਾ ਲੈ ਲਿਆ ਹੈ। ਇਸੇ ਤਰ੍ਹਾਂ, ਮੌਜੂਦਾ ਸੰਸਦ ਮੈਂਬਰ ਪ੍ਰੋਫੈਸਰ ਸਾਧੂ ਸਿੰਘ ਵੀ ਮੁੜ ਫਰੀਦਕੋਟ ਹਲਕੇ ਤੋਂ ਹੀ ਚੋਣ ਲੜਨਗੇ। ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਧਾਲੀਵਾਲ ਨੂੰ ਲੋਕ ਸਭਾ ਹਲਕਾ ਅੰਮ੍ਰਿਤਸਰ, ਪਾਰਟੀ ਦੇ ਜਨਰਲ ਸਕੱਤਰ ਤੇ ਵਿੱਤ ਕਮੇਟੀ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੇ ਦੋਆਬਾ ਜ਼ੋਨ ਦੇ ਪ੍ਰਧਾਨ ਡਾ. ਰਵਜੋਤ ਨੂੰ ਹਲਕਾ ਹੁਸ਼ਿਆਰਪੁਰ ਤੋਂ ਚੋਣ ਲੜਾਈ ਜਾ ਰਹੀ ਹੈ।