AAP Delhi: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਪੰਜਾਬ ਦੇ ਵਿੱਤ ਮੰਤਰਾਲੇ ਨੂੰ ਅਹੁਦੇ ਦੀ ਗੁਪਤਤਾ ਬਣਾਈ ਰੱਖਣ ਵਿੱਚ ਅਸਫਲ ਰਹਿਣ ਲਈ ਆਲੋਚਨਾ ਕੀਤੀ ਹੈ।
ਇਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਦਿੱਲੀ ਦੀ ਸਿੱਖਿਆ ਮੰਤਰੀ ਆਤਿਸ਼ੀ ਮਾਰਲੇਨਾ ਸਿੰਘ ਨੇ ਪੰਜਾਬ ਦੇ ਵਿੱਤ ਮੰਤਰਾਲੇ ਵੱਲੋਂ ਆਉਣ ਵਾਲੇ ਬਜਟ ਸਬੰਧੀ ਬੁਲਾਈਆਂ ਗਈਆਂ ਮੀਟਿੰਗਾਂ ਵਿਚ ਹਿੱਸਾ ਲਿਆ।
ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਅਣਉਚਿਤ ਜਾਪਦਾ ਹੈ ਕਿ ਦੂਜੇ ਸੂਬੇ ਦੇ ਮੰਤਰੀ ਪੰਜਾਬ ਦੀਆਂ ਸਰਕਾਰੀ ਮੀਟਿੰਗਾਂ ਵਿੱਚ ਹਿੱਸਾ ਲੈਂਦੇ ਹਨ। ਕੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੱਸ ਸਕਦੇ ਹਨ ਕਿ ਦਿੱਲੀ ਦੇ ਕੈਬਨਿਟ ਮੰਤਰੀ ਪੰਜਾਬ ਸਰਕਾਰ ਦੀ ਮੀਟਿੰਗ ਵਿੱਚ ਕਿਸ ਸਮਰੱਥਾ ਨਾਲ ਸ਼ਾਮਲ ਹੋਏ ਸਨ?
ਬਾਜਵਾ ਨੇ ਕਿਹਾ ਕਿ ਕਿਸੇ ਬਾਹਰੀ ਵਿਅਕਤੀ ਨੂੰ ਪੰਜਾਬ ਸਰਕਾਰ ਦੀ ਅਧਿਕਾਰਤ ਬਜਟ ਮੀਟਿੰਗ ਵਿੱਚ ਹਿੱਸਾ ਲੈਣ ਦੀ ਆਗਿਆ ਕਿਵੇਂ ਦਿੱਤੀ ਜਾ ਸਕਦੀ ਹੈ। ਉਹ ਇਕ ਅਰਥਸ਼ਾਸਤਰੀ ਵੀ ਨਹੀਂ ਹੈ, ਜੋ ਬਜਟ 'ਤੇ ਪੰਜਾਬ ਸਰਕਾਰ ਨੂੰ ਕੋਈ ਮਾਹਿਰ ਰਾਏ ਦੇ ਸਕੇ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਇਸ ਘਟਨਾ ਤੋਂ ਇਹ ਨਿਸ਼ਚਿਤ ਹੋ ਗਿਆ ਹੈ ਕਿ 'ਆਪ' ਦੀ ਪੰਜਾਬ ਸਰਕਾਰ ਸਿੱਧੇ ਤੌਰ 'ਤੇ 'ਆਪ' ਦੀ ਦਿੱਲੀ ਲੀਡਰਸ਼ਿਪ ਚਲਾ ਰਹੀ ਹੈ। ਇਹੀ ਕਾਰਨ ਹੈ ਕਿ 'ਆਪ' ਦਿੱਲੀ ਲੀਡਰਸ਼ਿਪ ਆਪਣੀ ਮਰਜ਼ੀ ਨਾਲ ਪੰਜਾਬ ਸਰਕਾਰ ਦੀਆਂ ਗਤੀਵਿਧੀਆਂ 'ਚ ਸ਼ਾਮਲ ਹੋ ਗਈ।
ਉਨ੍ਹਾਂ ਕਿਹਾ ਕਿ ਇਹ ਪਹਿਲਾਂ ਹੀ ਸਭ ਨੂੰ ਪਤਾ ਹੈ ਕਿ ਰਾਜ ਸਭਾ ਮੈਂਬਰ ਰਾਘਵ ਚੱਢਾ ਪੰਜਾਬ ਦੇ ਅਸਲ ਮੁੱਖ ਮੰਤਰੀ ਹਨ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਆਪਣੇ ਕਰੀਬੀ ਭਰੋਸੇਮੰਦਾਂ ਰਾਹੀਂ ਪੰਜਾਬ ਸਰਕਾਰ ਦੀ ਹਰ ਗਤੀਵਿਧੀ 'ਤੇ ਨਜ਼ਰ ਰੱਖ ਰਹੇ ਹਨ। ਬਾਜਵਾ ਨੇ ਕਿਹਾ ਕਿ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਕਦੇ ਵੀ ਮੁੱਖ ਮੰਤਰੀ ਅਹੁਦੇ ਲਈ ਢੁਕਵਾਂ ਨਹੀਂ ਸਮਝਿਆ।