ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਅੱਜ ਕਾਂਗਰਸ ਦੇ ਇੱਕ ਮੰਤਰੀ ਦੀ ਤਾਰੀਫ ਕਰਦਿਆਂ ਦੂਜੇ ਦਾ ਅਸਤੀਫਾ ਮੰਗਿਆ ਹੈ। ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਨਾਭਾ ਨਗਰ ਕੌਂਸਲ ਦੇ ਅਧਿਕਾਰੀਆਂ ਖਿਲਾਫ ਕਰਵਾਈ ਦੀ ਆਮ ਆਦਮੀ ਪਾਰਟੀ ਨੇ ਸ਼ਲਾਘਾ ਕੀਤੀ ਹੈ। ਇਸ ਦੇ ਨਾਲ ਹੀ ਨਗਰ ਕੌਂਸਲ ਦੇ ਫੰਡ ਘੁਟਾਲੇ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਅਸਤੀਫ਼ਾ ਦੀ ਮੰਗਿਆ ਹੈ। ਇਸ ਦੇ ਨਾਲ ਹੀ ਅਗਲੇਰੀ ਕਾਰਵਾਈ ਲਈ ਕੇਸ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਹੈ।
ਨਾਭਾ ਵਿਧਾਨ ਸਭਾ ਹਲਕੇ ਦੇ ਪ੍ਰਧਾਨ ਗੁਰਦੇਵ ਸਿੰਘ (ਦੇਵ ਮਾਨ) ਨੇ ਕਿਹਾ ਕਿ ਇਹ ਘੁਟਾਲਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਸ਼ਹਿ ਉੱਤੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਧਰਮਸੋਤ ਨਾਭਾ ਤੇ ਇਸ ਖੇਤਰ ਵਿੱਚ ਭ੍ਰਿਸ਼ਟਾਚਾਰੀਆਂ ਨੂੰ ਸ਼ਹਿ ਦੇ ਰਹੇ ਹਨ। ਉਨ੍ਹਾਂ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲ਼ੋਂ ਇਸ ਮਾਮਲੇ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਰਜਨੀਸ਼ ਕੁਮਾਰ ਸ਼ੈਂਟੀ, ਈਓ ਸੁਖਦੀਪ ਸਿੰਘ ਕੰਬੋਜ ਤੇ ਕਲਰਕ ਹਰਜਿੰਦਰ ਸਿੰਘ ਨੂੰ ਬਰਖ਼ਾਸਤ ਕੀਤੇ ਜਾਣ ਉੱਤੇ ਸੰਤੁਸ਼ਟੀ ਪ੍ਰਗਟਾਈ।
ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸੂਬੇ ਵਿੱਚ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੌਲਰੈਂਸ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਦੇ ਹਨ, ਪਰ ਉਨਾਂ ਦੇ ਆਪਣੇ ਮੰਤਰੀ ਹੀ ਫ਼ੰਡਾਂ ਦੇ ਘੁਟਾਲੇ ਕਰਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਰਾਜੀਵ ਗਾਂਧੀ ਆਵਾਸ ਯੋਜਨਾ, ਸਵੱਛ ਭਾਰਤ ਅਭਿਆਨ ਆਦਿ ਵਰਗੀਆਂ ਕੇਂਦਰੀ ਤੇ ਸੂਬਾ ਸਕੀਮਾਂ ਤਹਿਤ ਆਏ ਪੈਸਿਆਂ ਨੂੰ ਅਧਿਕਾਰੀਆਂ ਨੇ ਧਰਮਸੋਤ ਦੀ ਸ਼ਹਿ ਨਾਲ ਗ਼ਬਨ ਕੀਤਾ ਜਾਂ ਹੋਰ ਕਾਰਜਾਂ ਲਈ ਵਰਤੋਂ ਵਿੱਚ ਲਿਆਂਦਾ।