ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਆਪਣੀ ਕੋਰ ਕਮੇਟੀ ਦੀ ਬੈਠਕ ਦੌਰਾਨ ਪਾਣੀਆਂ ਦੇ ਮੁੱਦੇ 'ਤੇ ਚਰਚਾ ਕੀਤੀ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਇਸ ਸਬੰਧੀ ਇੱਕ ਰਿਪੋਰਟ ਤਿਆਰ ਕਰਨ ਦਾ ਜ਼ਿੰਮਾ ਦਿੱਤਾ ਗਿਆ ਹੈ।

ਏਬੀਪੀ ਸਾਂਝਾ ਨਾਲ ਗੱਲਬਾਤ ਕਰਦਿਆਂ 'ਆਪ' ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸਰਕਾਰ ਨੂੰ ਇਸ ਮੁੱਦੇ 'ਤੇ ਵਿਸ਼ੇਸ਼ ਇਜਲਾਸ ਸੱਦਣਾ ਚਾਹੀਦਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਣੀਆਂ ਦੇ ਮਸਲੇ 'ਤੇ ਸਰਬ ਪਾਰਟੀ ਬੈਠਕ ਬੁਲਾਉਣ 'ਤੇ ਸੰਧਵਾਂ ਨੇ ਕਿਹਾ ਕਿ ਇਹ ਸਿਰਫ ਦਿਖਾਵਾ ਹੈ।

ਸੰਧਵਾਂ ਨੇ ਪੰਜਾਬ ਸਰਕਾਰ 'ਤੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਹੁਣ ਤਕ ਪਾਣੀਆਂ ਲਈ ਸਰਕਾਰ ਵੱਲੋਂ ਇੱਕ ਵੀ ਪਾਲਿਸੀ ਨਹੀਂ ਬਣਾਈ ਗਈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਦਾ ਚੁੱਕਣ ਦੇ ਬਾਵਜੂਦ ਵੀ ਸਰਕਾਰ 'ਤੇ ਕੋਈ ਅਸਰ ਨਹੀਂ ਹੋਇਆ। ਸੰਧਵਾਂ ਨੇ ਕਿਹਾ ਕਿ ਜੇਕਰ ਸਰਕਾਰ ਪਾਣੀਆਂ ਦੇ ਮੁੱਦੇ ਦਾ ਕੋਈ ਹੱਲ ਨਹੀਂ ਕਰਦੀ ਤਾਂ ਆਮ ਆਦਮੀ ਪਾਰਟੀ ਅੰਦੋਲਨ ਕਰੇਗੀ।