ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਨੇਤਾ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਖੇਤੀ ਬਿੱਲਾਂ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਤੋਂ ਪੰਜਾਬ ਦੇ ਲੋਕਾਂ ਖ਼ਾਸ ਕਰਕੇ ਕਿਸਾਨ ਸੰਗਠਨਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।


ਕੈਪਟਨ ਅਮਰਿੰਦਰ ਦਾ ਕਹਿਣਾ ਹੈ ਕਿ ਉਨਾਂ ਨੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਕਾਨੂੰਨੀ ਲੜਾਈ ਰਾਹੀਂ ਰੱਦ ਕਰਵਾਉਣ ਲਈ ਦਿੱਲੀ ਤੋਂ ਲੀਗਲ ਟੀਮ ਬੁਲਾ ਲਈ ਹੈ। ਜਿਸ ਤੋਂ ਬਾਅਦ ਆਪ ਨੇ ਇਸ ਨੂੰ ਇੱਕ ਵੱਡਾ ਡਰਾਮਾ ਕਰਾਰ ਦਿੱਤਾ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਵਿਰੋਧੀ ਬਿੱਲਾਂ ਸੰਬੰਧੀ ਸੁਪਰੀਮ ਕੋਰਟ ਵਿੱਚ ਜਾਣ ਦਾ ਐਲਾਨ ਕਿਸਾਨਾਂ ਨਾਲ ਇੱਕ ਬਹੁਤ ਵੱਡਾ ਧੋਖਾ ਹੈ। ਚੀਮਾ ਨੇ ਕਿਹਾ ਕਿ, "ਅਮਰਿੰਦਰ ਮੋਦੀ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਪੰਜਾਬ ਭਰ ਵਿਚ ਚੱਲ ਰਹੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੇ ਹਨ। "