Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਿਚਾਲੇ ਚੱਲ ਰਹੇ ਵਿਵਾਦ ਨੂੰ ਲੈ ਕੇ ਹੁਣ ਸਿਆਸਤ ਗਰਮਾਈ ਹੋਈ ਹੈ। ਰਾਜਪਾਲ ਵੱਲੋਂ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਦੀ ਚਿਤਾਵਨੀ ਤੋਂ ਬਾਅਦ ਸੂਬੇ ਦਾ ਸਿਆਸੀ ਮਾਹੌਲ ਗਰਮਾ ਗਿਆ ਹੈ। ਇੱਕ ਪਾਸੇ ਜਿੱਥੇ ਭਾਜਪਾ ਇਸ ਵਿਵਾਦ ਵਿੱਚ ਰਾਜਪਾਲ ਦਾ ਸਮਰਥਨ ਕਰਦੀ ਨਜ਼ਰ ਆ ਰਹੀ ਹੈ, ਉੱਥੇ ਹੀ ਦੂਜੇ ਪਾਸੇ ਕਾਂਗਰਸ ਵੀ ਸੀਐਮ ਮਾਨ ਦਾ ਸਮਰਥਨ ਕਰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਆਗੂ ਰਾਜਪਾਲ ਨੂੰ ਘੇਰਨ ਵਿੱਚ ਲੱਗੇ ਹੋਏ ਹਨ। ‘ਆਪ’ ਆਗੂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਰਾਜਪਾਲ ਨੂੰ ਮਰਿਆਦਾ ਕਾਇਮ ਰੱਖਣੀ ਚਾਹੀਦੀ ਹੈ।


'ਭਾਜਪਾ ਦਾ ਏਜੰਡਾ, ਰਾਜਪਾਲ ਦੀ ਜ਼ੁਬਾਨ 'ਤੇ'


‘ਆਪ’ ਆਗੂ ਮਾਲਵਿੰਦਰ ਸਿੰਘ ਕੰਗ ਨੇ ਅੱਗੇ ਕਿਹਾ ਕਿ ਭਾਰਤ ਦਾ ਸੰਵਿਧਾਨ ਚੁਣੇ ਹੋਏ ਲੋਕਾਂ ਨੂੰ ਅਧਿਕਾਰ ਦਿੰਦਾ ਹੈ। ਰਾਜਪਾਲ ਦੀ ਇਸ ਤਰ੍ਹਾਂ ਦੀ ਧਮਕੀ ਅਤੇ ਚੇਤਾਵਨੀ, ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਧਮਕੀ ਭਾਜਪਾ ਦਾ ਏਜੰਡਾ ਹੈ" ਜੋ ਕਿ ਰਾਜਪਾਲ ਦੇ ਮੂੰਹੋਂ ਨਿਕਲਿਆ ਹੈ। ਮੈਂ ਰਾਜਪਾਲ ਨੂੰ ਕਹਿਣਾ ਚਾਹੁੰਦਾ ਹਾਂ ਕਿ ਜੇਕਰ ਉਨ੍ਹਾਂ ਨੇ ਰਾਸ਼ਟਰਪਤੀ ਰਾਜ ਲਗਾਉਣਾ ਹੈ ਤਾਂ ਉਹ ਮਣੀਪੁਰ ਤੇ ਹਰਿਆਣਾ ਵਿੱਚ ਲਗਵਾਉਣ ਜਿੱਥੇ ਹਿੰਸਾ ਹੋਈ ਹੈ। ਉੱਥੇ ਰਾਸ਼ਟਰਪਤੀ ਸ਼ਾਸਨ ਲੱਗਣਾ ਚਾਹੀਦਾ ਹੈ।






'ਰਾਜਪਾਲ ਭਾਜਪਾ ਦੇ ਬੁਲਾਰੇ ਵਜੋਂ ਕੰਮ ਕਰਦੇ ਹਨ'


ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਸੰਵਿਧਾਨਕ ਦਾਇਰੇ ਵਿੱਚ ਰਹਿ ਕੇ ਕੰਮ ਕਰ ਰਹੀ ਹੈ। ਰਾਜਪਾਲ ਦਾ ਸਿਰਫ਼ ਇੱਕ ਏਜੰਡਾ ਹੈ - ਗੈਰ-ਭਾਜਪਾ ਰਾਜ ਸਰਕਾਰਾਂ ਨੂੰ ਤੰਗ ਕਰਨਾ ਅਤੇ ਭਾਜਪਾ ਦੇ ਏਜੰਡੇ ਨੂੰ ਅੱਗੇ ਵਧਾਉਣਾ। ਰਾਜਪਾਲ ਭਾਜਪਾ ਦੇ ਬੁਲਾਰੇ ਵਾਂਗ ਕੰਮ ਕਰ ਰਹੇ ਹਨ। ਇਹ ਦੇਸ਼ ਦੇ ਲੋਕਤੰਤਰੀ ਅਤੇ ਸੰਵਿਧਾਨਕ ਸਿਧਾਂਤਾਂ ਦੇ ਵਿਰੁੱਧ ਹੈ।


'ਅਸੀਂ ਧਮਕੀਆਂ ਦੀ ਪਰਵਾਹ ਨਹੀਂ ਕਰਦੇ'


ਰਾਜਪਾਲ ਦੀ ਚੇਤਾਵਨੀ ਬਾਰੇ ਮਾਲਵਿੰਦਰ ਸਿੰਘ ਕੰਗ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਾਨੂੰ ਉਨ੍ਹਾਂ ਦੀਆਂ ਧਮਕੀਆਂ ਦੀ ਕੋਈ ਪ੍ਰਵਾਹ ਨਹੀਂ ਹੈ। ਸਚਾਈ ਇਹ ਸਾਹਮਣੇ ਆ ਗਈ ਹੈ ਕਿ ਜਿੱਥੇ ਭਾਜਪਾ ਦੀ ਸਰਕਾਰ ਨਹੀਂ ਬਣ ਸਕੀ, ਉਸੇ ਤਰ੍ਹਾਂ ਦਿੱਲੀ ਵਿੱਚ ਵੀ ਬਿੱਲ ਲਿਆ ਕੇ ਪੰਜਾਬ ਦੇ ਖ਼ਿਲਾਫ਼ ਵੀ ਸਾਜ਼ਿਸ਼ ਰਚੀ ਜਾ ਰਹੀ ਹੈ। ਪਰ ਉਹ ਪੰਜਾਬੀਆਂ ਅਤੇ ਪੰਜਾਬ ਦੇ ਇਤਿਹਾਸ ਨੂੰ ਨਹੀਂ ਜਾਣਦੇ।