ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਇਹ ਦਰਸਾਉਣ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੇ ਸੂਬੇ ਵਿੱਚ ਕਿਹੜਾ ਵਿਕਾਸ ਪ੍ਰੋਜੈਕਟ ਸ਼ੁਰੂ ਕੀਤਾ ਹੈ?


ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਜਲੰਧਰ ਵਿੱਚ ਸਨ, ਜਿੱਥੇ ਉਨ੍ਹਾਂ ਨੇ ਕਿਹਾ ਸੀ ਕਿ ਚੋਣ ਜ਼ਾਬਤਾ ਖ਼ਤਮ ਹੋ ਗਿਆ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਸਮਾਰਟ ਸਿਟੀ ਸਕੀਮਾਂ ਤਹਿਤ ਪੁਰਾਣੇ, ਰੁਕੇ ਹੋਏ ਪ੍ਰੋਜੈਕਟਾਂ ਨੂੰ ਜਲਦੀ ਲਾਗੂ ਕੀਤਾ ਜਾਵੇ। 


ਉਨ੍ਹਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਸਮਾਰਟ ਸਿਟੀ ਪ੍ਰੋਜੈਕਟ ਕੇਂਦਰ ਸਰਕਾਰ ਦੀ ਉਪਜ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਰਟ ਸਿਟੀ ਸਕੀਮਾਂ 'ਤੇ ਦਾਅਵਾ ਨਹੀਂ ਕਰ ਸਕਦੀ ਕਿਉਂਕਿ ਇਹ ਪ੍ਰੋਜੈਕਟ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਨ।


ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਅਸਲ ਵਿੱਚ ਪੰਜਾਬ ਸਰਕਾਰ ਦਾ ਇੱਕ ਵੀ ਵਿਕਾਸ ਪ੍ਰੋਜੈਕਟ ਪਿਛਲੇ ਢਾਈ ਸਾਲਾਂ ਤੋਂ ਸ਼ੁਰੂ ਨਹੀਂ ਕੀਤਾ ਗਿਆ ਹੈ, ਜਦੋਂ ਤੋਂ 'ਆਪ' ਨੇ ਸੂਬੇ ਵਿੱਚ ਸੱਤਾ ਸੰਭਾਲੀ ਹੈ। ਸੂਬਾ ਸਰਕਾਰ ਅਧੀਨ ਆਉਂਦੀਆਂ ਸੜਕਾਂ ਅਤੇ ਸੰਪਰਕ ਸੜਕਾਂ 'ਤੇ ਗੋਡੇ ਤੱਕ ਟੋਏ ਪੈ ਗਏ ਹਨ।


ਲਗਭਗ ਹਰ ਕਸਬੇ ਅਤੇ ਸ਼ਹਿਰ ਵਿੱਚ ਸੜਕਾਂ ਦੇ ਕਿਨਾਰੇ ਕੂੜੇ ਦੇ ਢੇਰ ਵੇਖੇ ਜਾ ਸਕਦੇ ਹਨ। ਇਸੇ ਤਰਾਂ ਸ਼ਹਿਰਾਂ ਅਤੇ ਕਸਬਿਆਂ ਦੀਆਂ ਪੇਂਡੂ ਪੰਚਾਇਤਾਂ ਅਤੇ ਸਥਾਨਕ ਸੰਸਥਾਵਾਂ ਵਿਕਾਸ ਪ੍ਰੋਜੈਕਟਾਂ ਲਈ ਗ੍ਰਾਂਟਾਂ ਦੀ ਮੰਗ ਕਰਦੀਆਂ ਰਹੀਆਂ, ਫਿਰ ਵੀ 'ਆਪ' ਸਰਕਾਰ ਨੇ ਇਨ੍ਹਾਂ ਮੁੱਦਿਆਂ ਵੱਲ ਅੱਖਾਂ ਬੰਦ ਕਰ ਲਈਆਂ।


ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਭ ਤੋਂ ਵੱਧ ਚਿੰਤਾ ਚੋਣ ਪ੍ਰਚਾਰ ਅਤੇ ਪਾਰਟੀ ਵਿਸਥਾਰ ਦੀ ਹੈ।ਪਹਿਲਾਂ ਉਹ ਗੁਜਰਾਤ, ਹਿਮਾਚਲ ਪ੍ਰਦੇਸ਼ ਅਤੇ ਕਰਨਾਟਕ ਵਰਗੇ ਹੋਰ ਸੂਬਿਆਂ 'ਚ ਚੋਣ ਪ੍ਰਚਾਰ 'ਚ ਰੁੱਝੇ ਹੋਏ ਸਨ। ਬਾਜਵਾ ਨੇ ਕਿਹਾ ਕਿ ਇਸ ਦੌਰਾਨ ਉਹ ਹੁਣ ਹਰਿਆਣਾ 'ਚ ਚੋਣ ਮੁਹਿੰਮ ਦੀ ਅਗਵਾਈ ਕਰਨਗੇ ਅਤੇ ਪੰਜਾਬ ਦੇ ਲੋਕਾਂ ਨੂੰ ਰੱਬ ਦੇ ਰਹਿਮ 'ਤੇ ਛੱਡ ਦੇਣਗੇ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।