ਸੰਗਰੂਰ ਜ਼ਿਮਨੀ ਚੋਣਾਂ ਲਈ 'ਆਪ' ਨੇ ਭਖਾਇਆ ਚੋਣ ਅਖਾੜਾ, ਸੀਐਮ ਮਾਨ ਦਾ ਅੱਜ ਭਦੌੜ 'ਚ ਰੋਡ ਸ਼ੋਅ
ਸੰਗਰੂਰ ਲੋਕ ਸਭਾ ਉਪ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਚੋਣ ਅਖਾੜ ਭਖਾ ਦਿੱਤਾ ਹੈ।ਆਮ ਆਦਮੀ ਪਾਰਟੀ ਜ਼ਿਮਨੀ ਚੋਣ ਵਿੱਚ ਆਪਣੀ ਜਿੱਤ ਲਈ ਪੂਰਾ ਜ਼ੋਰ ਲਾ ਰਹੀ ਹੈ।
ਚੰਡੀਗੜ੍ਹ: ਸੰਗਰੂਰ ਲੋਕ ਸਭਾ ਉਪ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਚੋਣ ਅਖਾੜ ਭਖਾ ਦਿੱਤਾ ਹੈ।ਆਮ ਆਦਮੀ ਪਾਰਟੀ ਜ਼ਿਮਨੀ ਚੋਣ ਵਿੱਚ ਆਪਣੀ ਜਿੱਤ ਲਈ ਪੂਰਾ ਜ਼ੋਰ ਲਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੀ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੀ ਚੋਣ ਮੁਹਿੰਮ ਵਿੱਚ ਹਿੱਸਾ ਲੈਣਗੇ। ਸੀਐਮ ਮਾਨ ਅੱਜ ਭਦੌੜ 'ਚ ਰੋਡ ਸ਼ੋਅ ਕੱਢਣਗੇ।
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਰੋਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਵਿਰੋਧੀ ਪਾਰਟੀਆਂ 'ਤੇ ਹਮਲਾ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਕਾਂਗਰਸ ਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ 'ਚ ਡਰੱਗ ਮਾਫੀਆ, ਮਾਈਨਿੰਗ ਮਾਫੀਆ, ਕੇਬਲ ਮਾਫੀਆ ਤੇ ਗੈਂਗਸਟਰਾਂ ਦੀ ਸਰਪ੍ਰਸਤੀ ਕੀਤੀ ਤੇ ਪੰਜਾਬ ਨੂੰ ਕਰਜ਼ੇ 'ਚ ਡੁਬੋ ਦਿੱਤਾ।
ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਲਗਾਤਾਰ ‘ਆਪ’ ਸਰਕਾਰ ‘ਤੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੇ ਦੋਸ਼ ਲਗਾ ਰਹੀ ਹੈ, ਜਦਕਿ ਇਨ੍ਹਾਂ ਰਵਾਇਤੀ ਪਾਰਟੀਆਂ ਨੇ ਆਪਣੇ ਸ਼ਾਸਨ ਦੌਰਾਨ ਅਪਰਾਧੀਆਂ ਨੂੰ ਤਿਆਰ ਕਰਕੇ ਪਨਾਹ ਦਿੱਤੀ ਹੈ। ਜਰਨੈਲ ਸਿੰਘ ਨੇ ਕਿਹਾ ਕਿ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ। ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਨੂੰ ਦੇਖਦਿਆਂ ਇਲਾਕੇ ਦੇ ਲੋਕ ਵੱਡੀ ਜਿੱਤ ਹਾਸਲ ਕਰਕੇ ‘ਆਪ’ ਦੇ ਉਮੀਦਵਾਰ ਨੂੰ ਮੁੜ ਸੰਸਦ ਵਿੱਚ ਭੇਜਣਗੇ।
‘ਆਪ’ ਉਮੀਦਵਾਰ ਗੁਰਮੇਲ ਬਾਰੇ ਪੰਜਾਬ ਇੰਚਾਰਜ ਨੇ ਕਿਹਾ ਕਿ ਉਹ ਆਪਣੀਆਂ ਜੜ੍ਹਾਂ ਨਾਲ ਜੁੜੇ ਹੋਏ ਹਨ ਤੇ ਪਿਛਲੇ ਕਈ ਸਾਲਾਂ ਤੋਂ ਸੰਗਰੂਰ ਵਾਸੀਆਂ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ। ਗੁਰਮੇਲ ਸਿੰਘ ਨੇ ਗਣਿਤ ਵਿੱਚ ਪੋਸਟ ਗ੍ਰੈਜੂਏਸ਼ਨ ਤੱਕ ਦੀ ਪੜ੍ਹਾਈ ਕੀਤੀ ਹੈ ਤੇ ਐਮ.ਬੀ.ਏ. ਹਨ। ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਉਹ ਇੱਕ ਅਧਿਆਪਕ ਸਨ ਤੇ 2018 ਤੱਕ ਵੱਖ-ਵੱਖ ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਾਉਂਦੇ ਸਨ।
ਛੇ ਮੰਤਰੀ ਵੀ ਪ੍ਰਚਾਰ ਵਿਚ ਲੱਗੇ
‘ਆਪ’ ਨੇ ਛੇ ਕੈਬਨਿਟ ਮੰਤਰੀਆਂ ਨੂੰ ਚੋਣ ਪ੍ਰਚਾਰ ਵਿੱਚ ਉਤਾਰਿਆ ਹੈ। ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ, ਬ੍ਰਹਮ ਸ਼ੰਕਰ ਜ਼ਿੰਪਾ, ਡਾ. ਬਲਜੀਤ ਕੌਰ, ਹਰਭਜਨ ਸਿੰਘ, ਗੁਰਮੀਤ ਸਿੰਘ ਮੀਤ ਹੇਅਰ ਤੇ ਲਾਲਜੀਤ ਸਿੰਘ ਭੁੱਲਰ ਨੂੰ ਸੰਗਰੂਰ ਸੰਸਦੀ ਹਲਕੇ ਅਧੀਨ ਆਉਂਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ। ਮੰਤਰੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੀ ਸਫਲਤਾ ਦਾ ਪ੍ਰਚਾਰ ਕਰਨਗੇ।