ਮੋਹਾਲੀ ਵਿੱਚ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ 'ਤੇ ਲਾਠੀਚਾਰਜ, ਆਪ ਨੇ ਕੀਤੀ ਨਿਖੇਧੀ
ਹਰਪਾਲ ਚੀਮਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਸੰਘਰਸ਼ ਕਰ ਰਹੇ ਅਧਿਆਪਕਾਂ 'ਤੇ ਪੁਲੀਸ ਅੱਤਿਆਚਾਰ ਬੰਦ ਕੀਤਾ ਜਾਵੇ ਅਤੇ ਅਧਿਆਪਕਾਂ ਦੀ ਮੰਗਾਂ ਮੰਨ ਕੇ ਉਨਾਂ ਨੂੰ ਪੱਕੇ ਕੀਤਾ ਜਾਵੇ।
ਚੰਡੀਗੜ੍ਹ: ਆਮ ਆਦਮੀ ਪਾਰਟੀ ਆਪ ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੋਹਾਲੀ ਵਿੱਚ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ 'ਤੇ ਪੁਲੀਸ ਵੱਲੋਂ ਕੀਤੀ ਲਾਠੀਚਾਰਜ ਦੀ ਸਖ਼ਤ ਨਿੰਦਾ ਕੀਤੀ। ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੱਚੇ ਅਧਿਆਪਕਾਂ 'ਤੇ ਅੱਥਰੂ ਗੈਸ ਦੇ ਗੋਲੇ, ਪਾਣੀ ਦੀਆਂ ਬੁਛਾਰਾਂ, ਔਰਤਾਂ ਦੇ ਕੱਪੜੇ ਫਾੜਨਾ ਅਤੇ ਡਾਗਾਂ ਦੀ ਵਰਤੋਂ ਕਰਨਾ ਬਹੁਤ ਹੀ ਨਿੰਦਣਯੋਗ ਹੈ।
ਬੁੱਧਵਾਰ ਨੂੰ ਜਾਰੀ ਇੱਕ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕਰੀਬ 15 ਸਾਲਾਂ ਤੋਂ ਕੰਮ ਕਰੇ ਅਧਿਆਪਕ ਕੱਚੇ ਤੌਰ 'ਤੇ ਨਾਮਾਤਰ ਤਨਖ਼ਾਹਾਂ 'ਤੇ ਕੰਮ ਕਰਨ ਲਈ ਮਜ਼ਬੂਰ ਹਨ। ਉਨ੍ਹਾਂ ਕਿਹਾ ਕਿ ਇਹ ਅਧਿਆਪਕ ਪੰਜਾਬ ਸਰਕਾਰ ਤੋਂ ਵਾਅਦੇ ਮੁਤਾਬਕ ਪੱਕੇ ਕਰਨ ਦੀ ਮੰਗ ਕਰ ਰਹੇ ਹਨ, ਕੋਈ ਜ਼ੁਲਮ ਨਹੀਂ ਕਰ ਰਹੇ। ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਏਆਈਈ, ਐਸਟੀਆਰ ਅਤੇ ਹੋਰ ਕੱਚੇ ਅਧਿਆਪਕਾਂ ਨੇ ਆਪਣੇ ਜੀਵਨ ਦਾ ਲੰਮਾਂ ਸਮਾਂ ਸਰਕਾਰੀ ਸਕੂਲਾਂ ਵਿੱਚ ਸੇਵਾ ਕਰਦਿਆਂ ਗੁਜਾਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਸਿਰਫ 5 ਹਜ਼ਾਰ ਤੋਂ 10 ਹਜ਼ਾਰ ਰੁਪਏ ਤਨਖ਼ਾਹ ਵਜੋਂ ਮਿਲਦੇ ਹਨ। ਜੋ ਇੱਕ ਵਿਕਸਤ ਸੂਬੇ ਦੀ ਸਰਕਾਰ ਲਈ ਸ਼ਰਮ ਦੀ ਗੱਲ ਹੈ।
ਹਰਪਾਲ ਚੀਮਾ ਨੇ ਅੱਗੇ ਕਿਹਾ ਕਿ ਕੈਪਟਨ ਤੋਂ ਪਹਿਲਾਂ ਬਾਦਲਾਂ ਦੀ ਸਰਕਾਰ ਵੇਲੇ ਕੱਚੇ ਅਧਿਆਪਕਾਂ ਨੇ ਪੱਕੇ ਕਰਨ ਲਈ ਸੰਘਰਸ਼ ਕੀਤਾ ਸੀ ਅਤੇ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਅਧਿਆਪਕਾਂ ਦੇ ਧਰਨੇ ਵਿੱਚ ਆ ਵਾਅਦਾ ਕੀਤਾ ਸੀ ਕਿ ਕਾਂਗਰਸ ਦੀ ਸਰਕਾਰ ਬਣਨ 'ਤੇ ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਜਾਵੇਗਾ, ਪਰ ਹੁਣ ਕੈਪਟਨ ਦੀ ਸਰਕਾਰ ਵਾਅਦੇ ਪੂਰੇ ਕਰਨ ਦੀ ਥਾਂ ਅਧਿਆਪਕਾਂ 'ਤੇ ਅੱਤਿਆਚਾਰ ਕਰ ਰਹੀ ਹੈ। ਉਨਾਂ ਕਿਹਾ ਬਾਦਲਾਂ ਦੀ ਸਰਕਾਰ ਵੇਲੇ ਵੀ ਇਸੇ ਤਰਾਂ ਅਧਿਆਪਕਾਂ 'ਤੇ ਅੱਤਿਆਚਾਰ ਕੀਤੇ ਗਏ ਸਨ।
ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਵਿਭਾਗਾਂ ਦੇ ਪੁਨਰਗਠਨ ਦੇ ਨਾਂਅ 'ਤੇ ਹਜ਼ਾਰਾਂ ਸਰਕਾਰੀ ਨੌਕਰੀਆਂ ਖ਼ਤਮ ਕਰ ਦਿੱਤੀਆਂ। ਕਾਂਗਰਸ ਦੀ ਅੰਦਰੂਨੀ ਲੜਾਈ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਆਪਣੀ ਕੁਰਸੀ ਬਚਾਉਣ ਵਿੱਚ ਰੁਝੇ ਹੋਏ ਰਹਿੰਦੇ ਹਨ ਅਤੇ ਉਨਾਂ ਨੂੰ ਪੰਜਾਬ ਦੇ ਲੋਕਾਂ ਦੀ ਕੋਈ ਪ੍ਰਵਾਹ ਨਹੀਂ ਹੈ।
ਇਹ ਵੀ ਪੜ੍ਹੋ: ਮੇਅਰ ਦੇ ਭਰਾ ਘਰ ਹੋਈ ਚੋਰੀ, ਨੌਕਰ 'ਤੇ ਚੋਰੀ ਦਾ ਸ਼ੱਕ, ਪੁਲਿਸ ਕਰ ਰਹੀ ਜਾਂਚ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904