ਊਨਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਤੱਕ ਪਹੁੰਚ ਲਈ ਆਪ ਦਾ ਸਾਥ ਦੇਣ ਦੀ ਅਪੀਲ ਕੀਤੀ।ਇੱਥੇ ਹਿਮਾਚਲ ਪ੍ਰਦੇਸ਼ ਵਾਸੀਆਂ ਨੂੰ ਸਿਹਤ ਸੰਭਾਲ ਸੇਵਾਵਾਂ ਦੀ ਦੂਜੀ ਗਰੰਟੀ ਦੇਣ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਪਿਛਲੇ 75 ਸਾਲਾਂ ਵਿੱਚ ਸਿਹਤ ਸੰਭਾਲ ਖੇਤਰ ਵਿੱਚ ਕਾਫ਼ੀ ਪਿੱਛੇ ਰਹਿ ਗਿਆ ਹੈ।
ਇਕ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਊਨਾ ਅਤੇ ਹਿਮਾਚਲ ਪ੍ਰਦੇਸ਼ ਦੇ ਹੋਰ ਜ਼ਿਲ੍ਹਿਆਂ ਦੇ ਗੰਭੀਰ ਮਰੀਜ਼ਾਂ ਕੋਲ ਹਾਲੇ ਵੀ ਢੁਕਵੀਆਂ ਸਿਹਤ ਸੰਭਾਲ ਸੇਵਾਵਾਂ ਨਹੀਂ ਹਨ ਅਤੇ ਉਨ੍ਹਾਂ ਨੂੰ ਗੰਭੀਰ ਬਿਮਾਰੀ ਹੋਣ ਉਤੇ ਚੰਡੀਗੜ੍ਹ ਤੱਕ ਸਫ਼ਰ ਕਰਨਾ ਪੈਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਸਥਿਤੀ ਨੂੰ ਬਦਲਣ ਦੀ ਲੋੜ ਹੈ ਅਤੇ ਇਸ ਲਈ ਲੋਕਾਂ ਨੂੰ ਆਪ ਦਾ ਸਾਥ ਦੇਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ ਮੁਹੱਲਾ ਕਲੀਨਿਕ ਅਤੇ ਪੰਜਾਬ ਵਿੱਚ ਆਮ ਆਦਮੀ ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਤਕਰੀਬਨ 100 ਕਲੀਨਿਕਲ ਟੈਸਟਾਂ ਵਾਲੇ 41 ਪੈਕੇਜ ਬਿਲਕੁੱਲ ਮੁਫ਼ਤ ਦਿੱਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਤਕਰੀਬਨ 90 ਫੀਸਦੀ ਮਰੀਜ਼ਾਂ ਦਾ ਇਲਾਜ ਹੋਣ ਕਾਰਨ ਹਸਪਤਾਲਾਂ ਦਾ ਬੋਝ ਘਟਾਉਣ ਵਿੱਚ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਰਾਜ ਭਰ ਵਿੱਚ ਅਜਿਹੇ 100 ਕਲੀਨਿਕ ਖੋਲ੍ਹ ਦਿੱਤੇ ਹਨ, ਜਿਨ੍ਹਾਂ ਨੂੰ ਆਮ ਜਨਤਾ ਪਾਸੋਂ ਭਰਵਾਂ ਹੁੰਗਾਰਾ ਮਿਲਿਆ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸਿਰਫ਼ ਗੰਭੀਰ ਬਿਮਾਰੀਆਂ ਵਾਲੇ ਵਿਗੜੀ ਹਾਲਤ ਵਾਲੇ ਮਰੀਜ਼ਾਂ ਨੂੰ ਹੀ ਵੱਡੇ ਹਸਪਤਾਲਾਂ ਵਿੱਚ ਰੈਫਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਇਕ ਕ੍ਰਾਂਤੀਕਾਰੀ ਕਦਮ ਹੈ, ਜਿਸ ਨੂੰ ਹਿਮਾਚਲ ਵਿੱਚ ਆਪ ਸਰਕਾਰ ਬਣਨ ਤੋਂ ਬਾਅਦ ਲਾਗੂ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਤੇ ਭਾਜਪਾ ਦੋਵਾਂ ਨੇ ਆਪਣੇ ਸਵਾਰਥਾਂ ਲਈ ਲੋਕਾਂ ਦਾ ਪੈਸਾ ਲੁੱਟਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਬਰਤਾਨਵੀ ਸਾਮਰਾਜ ਦੇ ਭਾਰਤ ਵਿੱਚੋਂ ਜਾਣ ਤੋਂ ਬਾਅਦ ਦੇਸ਼ ਦਾ ਸਰਮਾਇਆ ਲੁੱਟਣ ਵਿੱਚ ਅੰਗਰੇਜ਼ਾਂ ਨੂੰ ਵੀ ਪਿੱਛੇ ਛੱਡ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਹ ਖੁੱਲ੍ਹੀ ਲੁੱਟ ਰੋਕੀ ਜਾਵੇਗੀ, ਜਿਸ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੁੱਟ ਤੋਂ ਬਚਾਇਆ ਪੈਸਾ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ।
ਲੋਕਾਂ ਦੀ ਭਲਾਈ ਲਈ ਲੋਕਾਂ ਦਾ ਪੈਸਾ ਵਰਤਣ ਉਤੇ ਆਪ ਦੀ ਆਲੋਚਨਾ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਦੇ ਮਿੱਤਰਾਂ ਨੇ ਬੈਂਕਾਂ ਤੋਂ ਲੋਕਾਂ ਦਾ ਪੈਸਾ ਲੁੱਟਿਆ ਤੇ ਵਿਦੇਸ਼ ਭੱਜ ਗਏ। ਭਗਵੰਤ ਮਾਨ ਨੇ ਕਿਹਾ ਕਿ ਦੋਵਾਂ ਕਾਂਗਰਸ ਤੇ ਭਾਜਪਾ ਨੇ ਆਪਣੇ ਨਿੱਜੀ ਸਵਾਰਥਾਂ ਲਈ ਲੋਕਾਂ ਦੇ ਪੈਸੇ ਦੀ ਅੰਨੀ ਲੁੱਟ ਕੀਤੀ। ਉਨ੍ਹਾਂ ਲਗਾਤਾਰ ਵਧ ਰਹੀ ਮਹਿੰਗਾਈ ਨੂੰ ਰੋਕਣ ਵਿੱਚ ਨਾਕਾਮ ਰਹਿਣ ਉਤੇ ਮੋਦੀ ਦੀ ਆਲੋਚਨਾ ਕੀਤੀ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਆਖਿਆ ਕਿ ਸਿਹਤਮੰਦ ਵਿਅਕਤੀ ਦੇਸ਼ ਦੀ ਭਲਾਈ ਲਈ ਬਿਹਤਰ ਤਰੀਕੇ ਨਾਲ ਕੰਮ ਕਰ ਸਕਦਾ ਹੈ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਦੇਸ਼ ਸਿਹਤ ਸੰਭਾਲ ਸੇਵਾਵਾਂ ਦੇ ਖੇਤਰ ਵਿੱਚ ਕਾਫ਼ੀ ਪਿੱਛੇ ਰਹਿ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਚੰਗੇ ਮੈਡੀਕਲ ਕਾਲਜਾਂ ਦੀ ਘਾਟ ਕਾਰਨ ਇਸ ਖੇਤਰ ਵਿੱਚ ਕਰੀਅਰ ਬਣਾਉਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਯੂਕਰੇਨ ਵਰਗੇ ਮੁਲਕਾਂ ਦਾ ਰਾਹ ਫੜਨਾ ਪੈਂਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਿੰਨੀ ਬਦਕਿਸਮਤੀ ਦੀ ਗੱਲ ਹੈ ਕਿ 25 ਸਾਲ ਪਹਿਲਾਂ ਆਜ਼ਾਦ ਹੋਇਆ ਮੁਲਕ 75 ਸਾਲ ਪਹਿਲਾਂ ਆਜ਼ਾਦ ਹੋਏ ਮੁਲਕ ਨਾਲੋਂ ਜ਼ਿਆਦਾ ਅੱਗੇ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਸਾਡੇ ਮੁਲਕ ਦੇ ਵਿਦਿਆਰਥੀ ਆਪਣੀ ਕਾਬਲੀਅਤ ਦਾ ਲੋਹਾ ਮੰਨਵਾ ਰਹੇ ਹਨ ਪਰ ਇੱਥੇ ਉਨ੍ਹਾਂ ਨੂੰ ਆਪਣੇ ਹੁਨਰ ਮੁਤਾਬਕ ਕੰਮ ਨਹੀਂ ਮਿਲ ਰਿਹਾ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਵਰਗੇ ਸੁਤੰਤਰਤਾ ਸੰਗਰਾਮੀਆਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੀਆਂ ਜੰਜ਼ੀਰਾਂ ਤੋਂ ਆਜ਼ਾਦ ਕਰਵਾਇਆ ਪਰ ਹੁਣ ਸਾਡੇ ਨੌਜਵਾਨਾਂ ਨੂੰ ਇੱਥੇ ਚੰਗੇ ਮੌਕਿਆਂ ਦੀ ਅਣਹੋਂਦ ਵਿੱਚ ਫਿਰ ਵਿਦੇਸ਼ਾਂ ਨੂੰ ਜਾਣ ਅਤੇ ਵਿਦੇਸ਼ੀਆਂ ਹੇਠ ਕੰਮ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਉਲਟ ਭਾਜਪਾ ਤੇ ਕਾਂਗਰਸ ਨੇ ਮੈਡੀਕਲ ਦਾ ਬੁਨਿਆਦੀ ਢਾਂਚਾ ਵਿਕਸਤ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਅਤੇ ਸਿਹਤ ਸੰਭਾਲ ਖੇਤਰ ਵਿੱਚ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੇ ਰਹਿਮੋ-ਕਰਮ ਉਤੇ ਛੱਡ ਦਿੱਤਾ। ਉਨ੍ਹਾਂ ਕਿਹਾ ਕਿ ਇਹੀ ਸਿੱਖਿਆ ਖੇਤਰ ਵਿੱਚ ਹੋਇਆ ਕਿਉਂਕਿ ਇਸ ਖੇਤਰ ਵੱਲ ਵੀ ਧਿਆਨ ਨਹੀਂ ਦਿੱਤਾ ਗਿਆ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਇਨ੍ਹਾਂ ਦੋਵਾਂ ਖੇਤਰਾਂ ਨੂੰ ਮੁੱਖ ਤਰਜੀਹ ਦਿੱਤੀ ਹੈ।
ਲੋਕਾਂ ਨਾਲ ਆਪਣੀ ਭਾਵੁਕ ਸਾਂਝ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਊਨਾ ਉਨ੍ਹਾਂ ਲਈ ਕੋਈ ਨਵੀਂ ਜਗ੍ਹਾ ਨਹੀਂ ਹੈ ਕਿਉਂਕਿ ਉਹ ਪਹਿਲਾਂ ਵੀ ਕਈ ਵਾਰ ਇੱਥੇ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਿਮਾਚਲ ਵਿੱਚ ਕਈ ਤਰ੍ਹਾਂ ਦੀਆਂ ਭਾਸ਼ਾਈ ਤੇ ਸੱਭਿਆਚਾਰਕ ਸਾਂਝਾਂ ਹਨ। ਭਗਵੰਤ ਮਾਨ ਨੇ ਕਿਹਾ ਕਿ ਹਿਮਾਚਲ ਦੇ ਲੋਕਾਂ ਨੂੰ ਆਪਣੀਆਂ ਜ਼ਿੰਦਗੀਆਂ ਵਿੱਚ ਤਬਦੀਲੀ ਲਿਆਉਣ ਲਈ ਆਪ ਦੀ ਹਮਾਇਤ ਕਰਨੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਆਪ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪਿਛੜੇ ਤੇ ਕਮਜ਼ੋਰ ਵਰਗਾਂ ਦੇ ਵਾਲੰਟੀਅਰਾਂ ਨੂੰ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪਾਰਟੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਿੱਚੋਂ ਪੈਦਾ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਲੋਕ ਆਪ-ਮੁਹਾਰੇ ਆਪ ਦੇ ਸਮਾਰੋਹਾਂ ਵਿੱਚ ਆਉਂਦੇ ਹਨ, ਜਦੋਂ ਕਿ ਹੋਰ ਪਾਰਟੀਆਂ ਨੂੰ ਰੈਲੀ ਲਈ ਲੋਕਾਂ ਨੂੰ ਕਿਰਾਏ ਉਤੇ ਲਿਆਉਣਾ ਪੈਂਦਾ ਹੈ।