Punjab: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਭਗਵੰਤ ਮਾਨ ਸਰਕਾਰ ਨੂੰ ਸੂਬੇ ਵਿੱਚ ਨਸ਼ਿਆਂ ਦੇ ਬੇਲਗਾਮ ਫੈਲਾਅ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹਿਣ ਲਈ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਭਗਵੰਤ ਮਾਨ ਸਰਕਾਰ ਦੇ ਵੱਡੇ-ਵੱਡੇ ਵਾਅਦਿਆਂ ਅਤੇ ਦਾਅਵਿਆਂ ਦਾ ਕੀ ਹੋਇਆ ਜੋ ਤੁਸੀਂ ਅਤੇ ਤੁਹਾਡੇ ਸਿਆਸੀ ਮਾਸਟਰ ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਚੋਣਾਂ ਸਮੇਂ ਪੰਜਾਬ ਦੇ ਲੋਕਾਂ ਨੂੰ ਕਿਹਾ ਸੀ ਕਿ ਤੁਸੀਂ ਸੱਤਾ ਵਿੱਚ ਆਉਣ ਤੋਂ ਬਾਅਦ ਸੂਬੇ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰ ਦੇਵੋਗੇ।
ਅਫ਼ਸੋਸਨਾਕ ਹੈ ਕਿ ਤੁਸੀਂ ਵਾਅਦੇ ‘ਤੇ ਚੱਲਣ ਵਿੱਚ ਅਸਫ਼ਲ ਰਹੇ ਹੋ। ਬਾਜਵਾ ਨੇ ਕਿਹਾ ਹਰ ਰੋਜ਼ ਪੰਜਾਬ ਦੇ ਲੋਕਾਂ ਨੂੰ ਮੁੱਖ ਧਾਰਾ ਦੇ ਨਾਲ-ਨਾਲ ਸੋਸ਼ਲ ਮੀਡੀਆ ‘ਤੇ ਪਰੇਸ਼ਾਨ ਕਰਨ ਵਾਲੀਆਂ ਤਸਵੀਰਾਂ ਅਤੇ ਵੀਡੀਓਜ਼ ਦੇਖਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ, ਉਹ ਵੀਡੀਓ ਜਿਸ ਵਿੱਚ ਲੜਕੇ ਅਤੇ ਲੜਕੀਆਂ ਦੋਵੇਂ ਨਸ਼ਿਆਂ ਦੇ ਦੁੱਖਦਾਇਕ ਰੁਝਾਨ ‘ਚ ਦੇਖੇ ਜਾ ਸਕਦੇ ਹਨ ਕਿ ਉਹ ਆਮ ਜੀਵਨ ਨਾਲ ਜੂਝਣ ਲਈ ਸਖ਼ਤ ਸੰਘਰਸ਼ ਕਰਦੇ ਹੋਏ ਕਿਵੇਂ ਨਸ਼ੇ ਦੀ ਅਲਾਮਤ ਦਾ ਸ਼ਿਕਾਰ ਹੋ ਰਹੇ ਹਨ ।
ਉਨ੍ਹਾਂ ਕਿਹਾ ਅੱਜ ਵੀ ਮੀਡੀਆ ਰਿਪੋਰਟਾਂ ਵਿੱਚ ਵਲਟੋਹਾ ਇਲਾਕੇ ਵਿੱਚ 32 ਸਾਲਾ ਬਲਦੇਵ ਸਿੰਘ ਅਤੇ 35 ਸਾਲਾ ਨਿਸ਼ਾਨ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦੀ ਖ਼ਬਰ ਹੈ । ਬਾਜਵਾ ਨੇ ਕਿਹਾ ਕਿ ਲੱਗਦਾ ਹੈ ਕਿ ਭਗਵੰਤ ਮਾਨ ਸਰਕਾਰ ਨੂੰ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਸਮਝ ਨਹੀਂ ਆ ਰਹੀ ਹੈ। ਬਾਜਵਾ ਨੇ ਕਿਹਾ ਦੁੱਖ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਹਮਲੇ ਤੋਂ ਬਚਾਉਣ ਦੀ ਨਾ ਤਾਂ ਇੱਛਾ ਹੈ ਅਤੇ ਨਾ ਹੀ ਕੋਈ ਨੀਤੀ ।
ਸਾਡੀਆਂ ਅੱਖਾਂ ਸਾਹਮਣੇ ਹਰ ਰੋਜ਼ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਧਸਦੇ ਜਾ ਰਹੇ ਹਨ ਅਤੇ ਭਗਵੰਤ ਮਾਨ ਗੁਜਰਾਤ ਵਿੱਚ ਚੋਣ ਪ੍ਰਚਾਰ ਵਿੱਚ ਰੁੱਝਿਆ ਹੋਇਆ ਹੈ ।
ਇਹ ਬਿਲਕੁੱਲ ਨਿੰਦਣਯੋਗ ਹੈ। ਬਾਜਵਾ ਨੇ ਕਿਹਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੀਤੀਆਂ ਟਿੱਪਣੀਆਂ ਦਾ ਹਵਾਲਾ ਦਿੰਦੇ ਹੋਏ, ਜਿਸ ਵਿੱਚ ਜਸਟਿਸ ਅਸ਼ੋਕ ਕੁਮਾਰ ਵਰਮਾ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰੀਆਂ ਨੇ ਸਮਾਜ ਦੇ ਸਮਾਜਿਕ ਤਾਣੇ-ਬਾਣੇ ਨੂੰ ਤਬਾਹ ਕਰ ਦਿੱਤਾ ਹੈ ਅਤੇ ਨੌਜਵਾਨਾਂ ਨੂੰ ਗਲਤ ਰਸਤੇ ‘ਤੇ ਧੱਕਿਆ ਜਾ ਰਿਹਾ ਹੈ, ਬਾਜਵਾ ਨੇ ਕਿਹਾ ਕਿ ਇਸ ਨਿਰੀਖਣ ਦਾ ਹਰ ਸ਼ਬਦ ਬਿਲਕੁਲ ਸੱਚ ਹੈ। ਬਾਜਵਾ ਨੇ ਨਸ਼ਿਆਂ ਦੇ ਫੈਲਾਅ ਵਿਰੁੱਧ ਕਾਰਵਾਈ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹਿਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਵੀ ਆਲੋਚਨਾ ਕੀਤੀ ।