ਸ਼ੰਕਰ ਦਾਸ ਦੀ ਰਿਪੋਰਟ


ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ 300 ਯੂਨਿਟ ਮੁਫ਼ਤ ਬਿਜਲੀ ਨੂੰ ਲੈ ਕੇ ਸਿਆਸੀ ਘਮਾਸਾਨ ਮਚ ਗਿਆ ਹੈ। ਸੂਬਾ ਸਰਕਾਰ ਨੇ ਕੱਲ੍ਹ ਪੰਜਾਬ ਲਈ ਬਿਜਲੀ ਦਰਾਂ ਜਾਰੀ ਕਰ ਦਿੱਤੀਆਂ ਹਨ। ਇਨ੍ਹਾਂ ਵਿੱਚ ਦਰਾਂ ਵਿੱਚ ਵਾਧਾ ਨਹੀਂ ਕੀਤਾ ਗਿਆ ਪਰ ਮੁਫ਼ਤ ਬਿਜਲੀ ਦਾ ਵੀ ਕੋਈ ਜ਼ਿਕਰ ਨਹੀਂ ਹੈ। ਅਜਿਹੇ 'ਚ ਵਿਰੋਧੀ ਪਾਰਟੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਅਕਾਲੀ ਦਲ ਤੇ ਕਾਂਗਰਸ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੀ ਗਾਰੰਟੀ ਪੂਰੀ ਕਰਨ। ਚੋਣਾਂ ਦੌਰਾਨ ਕੇਜਰੀਵਾਲ ਨੇ ਪੰਜਾਬ ਦੇ ਹਰ ਘਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਭਰੋਸਾ ਦਿੱਤਾ ਸੀ।


 ਕੋਵਿਡ ਦਾ ਦਿੱਤਾ ਹਵਾਲਾ, ਕੀਤੀ 36149.60 ਕਰੋੜ ਦੀ ਕਮਾਈ
ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਕਾਰਨ ਬਿਜਲੀ ਦਰਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਇਸ ਦੌਰਾਨ ਬਿਜਲੀ ਖਪਤਕਾਰਾਂ ਤੋਂ 36149.60 ਕਰੋੜ ਰੁਪਏ ਕਮਾਉਣ ਦਾ ਟੀਚਾ ਰੱਖਿਆ ਗਿਆ ਹੈ।

ਮੁਫ਼ਤ ਬਿਜਲੀ ਦਾ ਇੰਤਜ਼ਾਰ ਕਰ ਰਹੇ ਲੋਕ: ਚੀਮਾ
ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ 300 ਯੂਨਿਟ ਮੁਫਤ ਬਿਜਲੀ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਸੀਐਮ ਭਗਵੰਤ ਮਾਨ ਆਪਣਾ ਚੋਣ ਵਾਅਦਾ ਪੂਰਾ ਕਰਨਗੇ।

ਪਹਿਲੀ ਕੈਬਨਿਟ 'ਚ ਪਾਸ ਹੋਣਾ ਚਾਹੀਦਾ ਸੀ: ਖਹਿਰਾ
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸਾਨੂੰ ਉਮੀਦ ਸੀ ਕਿ ਭਗਵੰਤ ਮਾਨ ਪਹਿਲੀ ਕੈਬਨਿਟ ਮੀਟਿੰਗ ਵਿੱਚ ਅਰਵਿੰਦ ਕੇਜਰੀਵਾਲ ਦੀ 300 ਯੂਨਿਟ ਮੁਫਤ ਬਿਜਲੀ ਦੀ ਗਰੰਟੀ ਨੂੰ ਪੂਰਾ ਕਰਨਗੇ। ਉਨ੍ਹਾਂ ਕਿਹਾ ਕਿ ਹੁਣ ਸੀਐਮ ਮਾਨ ਨੂੰ ਅਗਲੀ ਕੈਬਨਿਟ ਮੀਟਿੰਗ ਵਿੱਚ ਇਸ ਨੂੰ ਪੂਰਾ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਅਰਵਿੰਦ ਕੇਜਰੀਵਾਲ ਦੀ ਦੂਜੀ ਗਾਰੰਟੀ ਵੀ ਪੂਰੀ ਕਰਨੀ ਚਾਹੀਦੀ ਹੈ।