ਚੰਡੀਗੜ੍ਹ :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ 25 ਗਜ਼ਟਿਡ ਅਫਸਰਾਂ, 135 ਸਰਕਾਰੀ ਅਧਿਕਾਰੀਆਂ ਸਮੇਤ 210 ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਹੈ। ਇਨ੍ਹਾਂ ਮੁਲਜ਼ਮਾਂ ਵਿੱਚੋਂ ਇੱਕ ‘ਆਪ’ ਦਾ ਮੰਤਰੀ ਹੈ। ਪਿਛਲੀ ਕਾਂਗਰਸ ਸਰਕਾਰ ਦੇ ਮੰਤਰੀਆਂ ਤੋਂ ਇਲਾਵਾ 1 ਆਈਏਐਸ ਅਧਿਕਾਰੀ, ਇੱਕ ਆਈਐਫਐਸ ਅਧਿਕਾਰੀ ਅਤੇ 50 ਤੋਂ ਵੱਧ ਪੁਲੀਸ ਮੁਲਾਜ਼ਮ ਹਨ।

 





ਜ਼ਿਕਰਯੋਗ ਹੈ ਕਿ ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਬਰਖਾਸਤ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ, 2008 ਬੈਚ ਦੇ ਆਈਏਐਸ ਅਧਿਕਾਰੀ ਸੰਜੇ ਪੋਪਲੀ, ਡਾਇਰੈਕਟਰ ਪੈਨਸ਼ਨ ਅਤੇ ਭਾਰਤੀ ਜੰਗਲਾਤ ਵਿਭਾਗ ਦੇ ਅਧਿਕਾਰੀ ਵਿਸ਼ਾਲ ਚੌਹਾਨ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਗਈ।

ਪੰਜਾਬ ਸਰਕਾਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਕੱਲੇ ਜੁਲਾਈ ਮਹੀਨੇ ਦੌਰਾਨ ਹੀ 5 ਮਾਮਲਿਆਂ ਵਿੱਚ 8 ਸਰਕਾਰੀ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ 2 ਮੁਲਾਜ਼ਮ ਅਤੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ 3 ਮੁਲਾਜ਼ਮ ਸ਼ਾਮਲ ਹਨ। ਬਿਊਰੋ ਨੇ 14 ਅਪਰਾਧਿਕ ਮਾਮਲੇ ਦਰਜ ਕੀਤੇ ਸਨ, ਜਿਨ੍ਹਾਂ ਵਿਚ 20 ਲੋਕਾਂ ਦੇ ਨਾਂ ਸ਼ਾਮਲ ਹਨ। ਵਿਜੀਲੈਂਸ ਬਿਊਰੋ ਨੇ ਅਗਲੇਰੀ ਕਾਰਵਾਈ ਲਈ 5 ਪੁਲਿਸ ਮੁਲਾਜ਼ਮਾਂ, 2 ਮਾਲ ਅਫ਼ਸਰ ਅਤੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸਮੇਤ 6 ਮੁਲਾਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ 80 ਦੇ ਕਰੀਬ ਵਿਅਕਤੀਆਂ ਨੂੰ ਫੜਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 7 ਕੇਸਾਂ ਵਿੱਚ ਵੱਖ-ਵੱਖ ਅਦਾਲਤਾਂ ਨੇ 8 ਸਰਕਾਰੀ ਅਤੇ ਇੱਕ ਹੋਰ ਵਿਅਕਤੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 23 ਮਾਰਚ ਨੂੰ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਸ਼ੁਰੂ ਕੀਤੀ ਸੀ, ਜਿਸ 'ਤੇ ਵੱਖ-ਵੱਖ ਸ਼ਿਕਾਇਤਾਂ ਦੇ ਆਧਾਰ 'ਤੇ 61 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ 40 ਐਫਆਈਆਰ ਵੀ ਦਰਜ ਕੀਤੀਆਂ ਗਈਆਂ ਸਨ।