ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰ ਦੇ ਹਵਾਲੇ ਕਰਨ ਬਾਰੇ ਚੱਲ ਰਹੇ ਵਿਵਾਦ ਉੱਪਰ ਖੱਲ੍ਹ ਕੇ ਸਟੈਂਡ ਲਿਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਲੈ ਕੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ। ਅਸੀਂ ਇਸ ਦਾ ਕੇਂਦਰੀਕਰਨ ਕਿਸੇ ਹਾਲਤ ਵਿੱਚ ਵੀ ਨਹੀਂ ਹੋਣ ਦੇਵਾਂਗੇ।



ਉਨ੍ਹਾਂ ਟਵੀਟ ਕਰਦਿਆਂ ਲਿਖਿਆ ਹੈ, "ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਸਾਡੀ ਮਾਣਮੱਤੀ ਸੰਸਥਾ ਹੈ, ਇਸ ਦੀ ਇਤਿਹਾਸਕ ਤੇ ਅਕਾਦਮਿਕ ਮਹੱਤਤਾ ਤਾਂ ਹੈ ਹੀ ਸਗੋਂ ਇਹ ਸਾਡੇ ਸੂਬੇ ਦੀ ਵਿਰਾਸਤ ਵੀ ਹੈ, ਮਾਣਯੋਗ ਮੁੱਖਮੰਤਰੀ @BhagwantMann ਜੀ ਤੇ ਪੰਜਾਬ ਸਰਕਾਰ ਇਸ ਵਿਸ਼ੇ ‘ਤੇ ਪੂਰੀ ਤਰਾਂ ਗੰਭੀਰ ਹੈ। ਅਸੀਂ ਇਸ ਦਾ ਕੇਂਦਰੀਕਰਨ ਕਿਸੇ ਹਾਲਤ ਵਿੱਚ ਵੀ ਨਹੀਂ ਹੋਣ ਦੇਵਾਂਗੇ।
@OfficialPU


 



ਦੱਸ ਦਈਏ ਕਿ ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ, ਨਿੱਜੀਕਰਨ ਤੇ ਭਗਵੇਂਕਰਨ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਨੌਂ ਵਿਦਿਆਰਥੀ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਨਹੀਂ ਕੀਤੀ ਸੀ। ਮੁੱਖ ਮੰਤਰੀ ਪੰਜਾਬ ਦੇ ਓਐਸਡੀ ਨਵਰਾਜ ਸਿੰਘ ਬਰਾੜ ਵੱਲੋਂ ਬੀਤੇ ਦਿਨੀਂ ਸੰਘਰਸ਼ ਕਰ ਰਹੀਆਂ ਇਨ੍ਹਾਂ ਵਿਦਿਆਰਥੀ ਜਥੇਬੰਦੀਆਂ ਨੂੰ ਭਗਵੰਤ ਮਾਨ ਨਾਲ ਮੁਲਾਕਾਤ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ। ਇਸ ਕਰਕੇ ਪੰਜਾਬ ਸਰਕਾਰ ਦੀ ਅਲੋਚਨਾ ਹੋ ਰਹੀ ਸੀ। 



ਵਿਦਿਆਰਥੀ ਜਥੇਬੰਦੀ ਪੀਐਸਯੂ (ਲਲਕਾਰ) ਦੇ ਪ੍ਰਧਾਨ ਅਮਨਦੀਪ ਸਿੰਘ ਨੇ ਦੱਸਿਆ ਕਿ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਪਹੁੰਚ ਕੇ ਓਐਸਡੀ ਨਾਲ ਮੀਟਿੰਗ ਕੀਤੀ, ਪਰ ਉਨ੍ਹਾਂ ਵੱਲੋਂ ਨਾ ਤਾਂ ਮੁੱਖ ਮੰਤਰੀ ਨਾਲ ਮੀਟਿੰਗ ਲਈ ਕੋਈ ਸਮਾਂ ਦਿੱਤਾ ਗਿਆ ਤੇ ਨਾ ਹੀ ਪੰਜਾਬ ਯੂਨੀਵਰਸਿਟੀ ਦੇ ਮਸਲੇ ਸਬੰਧੀ ਕੋਈ ਗੰਭੀਰਤਾ ਦਿਖਾਈ ਗਈ। ਜਥੇਬੰਦੀਆਂ ਨੇ ਐਲਾਨ ਕੀਤਾ ਸੀ ਕਿ ਜੇਕਰ ਮੁੱਖ ਮੰਤਰੀ ਮਾਨ ਨਾਲ ਮੀਟਿੰਗ ਨਾ ਹੋਈ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।