ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਇੱਕ ਵਿਧਾਇਕ ਇੱਕ ਪੈਨਸ਼ਨ ਦਾ ਫੈਸਲਾ ਲਾਗੂ ਹੋਣ ਨਾਲ ਸਰਕਾਰ ਨੂੰ ਸਾਲਾਨਾ 20 ਕਰੋੜ ਦਾ ਫਾਇਦਾ ਹੋਣ ਦਾ ਦਾਅਵਾ ਕੀਤਾ ਹੈ। ਇਸ ਹਿਸਾਬ ਨਾਲ ਪੰਜ ਸਾਲ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ 100 ਕਰੋੜ ਰੁਪਏ ਬਚਾ ਲਵੇਗੀ। ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਫੈਸਲੇ ਨੂੰ ਅਹਿਮ ਦੱਸਿਆ ਹੈ। 


 






ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਵੱਲੋਂ ‘ਇਕ ਵਿਧਾਇਕ-ਇਕ ਪੈਨਸ਼ਨ’ ਸਬੰਧੀ ਕਾਨੂੰਨੀ ਪ੍ਰਬੰਧ ਕਰਨ ਵਾਲੇ ਬਿੱਲ ਨੂੰ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪ੍ਰਵਾਨਗੀ ਦੇ ਦਿੱਤੀ ਹੈ। ਰਾਜ ਸਰਕਾਰ ਨੇ ‘ਦ ਪੰਜਾਬ ਸਟੇਟ ਲੈਜਿਸਲੇਚਰ ਮੈਂਬਰਜ਼ (ਪੈਨਸ਼ਨ ਤੇ ਮੈਡੀਕਲ ਸਹੂਲਤ ਰੈਗੂਲੇਸ਼ਨ) ਸੋਧ ਐਕਟ 2022 ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। 



ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਆਪ’ ਸਰਕਾਰ ਦੇ ਗਠਨ ਤੋਂ ਬਾਅਦ 25 ਮਾਰਚ ਨੂੰ ਸੂਬੇ ਦੇ ਵਿਧਾਇਕਾਂ ਨੂੰ ਪੈਨਸ਼ਨੀ ਗੱਫਿਆਂ ਦੀ ਥਾਂ ਸਿਰਫ਼ ਇੱਕੋ ਪੈਨਸ਼ਨ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਸੀ ਤੇ ਜੂਨ ’ਚ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਨੇ ਸੋਧ ਬਿੱਲ ਨੂੰ ਪਾਸ ਕਰ ਦਿੱਤਾ ਸੀ। ਇਹ ਬਿੱਲ ਪ੍ਰਵਾਨਗੀ ਲਈ ਜੂਨ ਦੇ ਅਖੀਰ ਤੋਂ ਹੀ ਰਾਜਪਾਲ ਕੋਲ ਪਿਆ ਸੀ।