AAP ਸਰਕਾਰ ਦੀ ਲਾਪਰਵਾਹੀ ਨੇ ਹੜ੍ਹਾਂ ਦੀ ਸਥਿਤੀ ਨੂੰ ਹੋਰ ਗੰਭੀਰ ਬਣਾਇਆ : ਸੁਨੀਲ ਜਾਖ਼ੜ
Punjab News : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਦੋਸ਼ ਲਾਇਆ ਹੈ ਕਿ ਸਰਕਾਰ ਦੀ ਲਾਪਰਵਾਹੀ ਨੇ ਭਾਰੀ ਮੀਂਹ ਦੀ ਕੁਦਰਤੀ ਆਫਤ ਨੂੰ ਹੋਰ ਵਧਾ ਦਿੱਤਾ
Punjab News : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਦੋਸ਼ ਲਾਇਆ ਹੈ ਕਿ ਸਰਕਾਰ ਦੀ ਲਾਪਰਵਾਹੀ ਨੇ ਭਾਰੀ ਮੀਂਹ ਦੀ ਕੁਦਰਤੀ ਆਫਤ ਨੂੰ ਹੋਰ ਵਧਾ ਦਿੱਤਾ ਹੈ। ਇਹ ਭਗਵੰਤ ਮਾਨ ਸਰਕਾਰ ਦੀ ਘੋਰ ਅਣਗਹਿਲੀ ਅਤੇ ਅਯੋਗਤਾ ਸੀ, ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਜਾਨੀ-ਮਾਲੀ ਨੁਕਸਾਨ ਝੱਲਣਾ ਪਿਆ ਹੈ।
ਸੁਨੀਲ ਜਾਖੜ ਨੇ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਭਾਰੀ ਮੀਂਹ ਪੈਣ ਲਈ ਕਦੇ ਓਰੇਂਜ,ਕਦੇ ਯੈੱਲੋ ਅਤੇ ਅੰਤ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਸੀ ਪਰ ਮੁੱਖ ਮੰਤਰੀ ਨੇ ਇਸ ਅਲਰਟ ਵੱਲ ਅੱਖਾਂ ਮੀਚ ਲਈਆਂ। ਅਲਰਟ ਦੇ ਬਾਵਜੂਦ ਮੁੱਖ ਮੰਤਰੀ ਨੇ ਕੋਈ ਅਗਾਊਂ ਪ੍ਰਬੰਧ ਕਰਨ ਲਈ ਮੀਟਿੰਗ ਤੱਕ ਨਹੀਂ ਬੁਲਾਈ। ਜਦੋਂ ਪੰਜਾਬ ਵਿੱਚ ਪਾਣੀ ਭਰਿਆ ਹੋਇਆ ਸੀ ਤਾਂ ਸਰਕਾਰ ਵਿੱਚ ਮੁੱਖ ਸਕੱਤਰ ਨੇ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ ਸੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ 3 ਕਰੋੜ ਪੰਜਾਬੀਆਂ ਪ੍ਰਤੀ ਵੀ ਜ਼ਿੰਮੇਵਾਰੀ ਬਣਦੀ ਹੈ ਜਿਨ੍ਹਾਂ ਨੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਮੁੱਖ ਮੰਤਰੀ ਬਣਾਇਆ ਹੈ। ਪਰ ਅਫਸੋਸ ਦੀ ਗੱਲ ਹੈ ਕਿ ਭਗਵੰਤ ਮਾਨ ਆਪਣੀ ਜਿੰਮੇਵਾਰੀ ਨੂੰ ਭੁੱਲ ਗਏ।
ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ‘ਚ ਲੋਕ ਤਰਾਹ-ਤਰਾਹ ਕਰ ਰਹੇ ਹਨ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ, ਡੇਰਾਬੱਸੀ ਦੇ ਆਲੇ-ਦੁਆਲੇ ਪਾਣੀ ‘ਚ ਫਸੇ ਲੋਕਾਂ ਕੋਲ ਜਾਣ ਦੀ ਬਜਾਏ ਪੰਚਕੂਲਾ ‘ਚ ਆਪਣੀ ਪਾਰਟੀ ਦੇ ਪ੍ਰੋਗਰਾਮ ‘ਚ ਜਾਣ ਨੂੰ ਤਰਜੀਹ ਦਿੱਤੀ। ਉਹ ਹਰਿਆਣਾ ਵਿੱਚ ਵੋਟਾਂ ਮੰਗਣ ਦੇ ਕੰਮ ਵਿੱਚ ਲੱਗੇ ਹੋਏ ਸਨ।
ਸੁਨੀਲ ਜਾਖੜ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸੂਬੇ ਦੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਖਰਾਬ ਹੋਈਆਂ ਫਸਲਾਂ ਦਾ 20,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਤੁਰੰਤ ਮੁਆਵਜ਼ਾ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਗਿਰਦਾਵਰੀ ਦਾ ਇੰਤਜ਼ਾਰ ਨਾ ਕੀਤਾ ਜਾਵੇ।