ਅੰਮ੍ਰਿਤਸਰ: ਆਮ ਆਦਮੀ ਪਾਰਟੀ ਤੋਂ ਬਗਾਵਤ ਕਾਰਨ ਵਾਲੇ ਲੀਡਰ ਤੇ ਵਲੰਟੀਅਰ ਦਿੱਲੀ ਤੋਂ ਪੰਜਾਬ ਵਿੱਚ ਆ ਕੇ ਪਾਰਟੀ ਗਤੀਵਿਧੀਆਂ ਚਲਾਉਣ ਵਾਲੇ ਬਾਹਰੀਆਂ ਨੂੰ ਪੰਜਾਬ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ। ਇਹ ਦਾਅਵਾ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਜ਼ੋਨ ਇੰਚਾਰਜ ਗੁਰਿੰਦਰ ਸਿੰਘ ਬਾਜਵਾ ਨੇ ਕੀਤਾ ਹੈ। ਬਾਜਵਾ ਸੁੱਚਾ ਸਿੰਘ ਛੋਟੇਪੁਰ ਦੇ ਸਮਰਥਕ ਹਨ ਤੇ ਉਨ੍ਹਾਂ ਨੇ ਛੋਟੇਪੁਰ ਨੂੰ ਕਨਵੀਨਰ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਪਾਰਟੀ ਦੇ ਫੈਸਲੇ ਦਾ ਵਿਰੋਧ ਕੀਤਾ ਸੀ।
ਬਾਜਵਾ ਨੇ ਅੱਜ ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਭਵਿੱਖ ਖ਼ਤਰੇ ਵਿੱਚ ਹੈ ਕਿਉਂਕਿ ਦਿੱਲੀ ਤੋਂ ਭੇਜੇ ਗਏ ਅਬਜ਼ਰਵਰ ਪਾਰਟੀ ਦੇ ਨੇਤਾਵਾਂ ਤੇ ਵਰਕਰਾਂ ਨੂੰ ਨਜ਼ਰਅੰਦਾਜ਼ ਕਰਕੇ ਟਿਕਟਾਂ ਵੇਚਣ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਇਲਜ਼ਾਮ ਲਾਇਆ ਕੇ ਇਹ ਸਭ ਕੁਝ ਦੁਰਗੇਸ਼ ਪਾਠਕ ਦੇ ਇਸ਼ਾਰੇ 'ਤੇ ਕੀਤਾ ਜਾ ਰਿਹਾ ਹੈ। ਬਾਜਵਾ ਨੇ ਇਹ ਵੀ ਕਿਹਾ ਕਿ ਜੋ ਕੁਝ ਛੋਟੇਪੁਰ ਨਾਲ ਕੀਤਾ ਗਿਆ ਹੈ, ਉਹ ਸਭ ਕੁਝ ਵੀ ਪਾਠਕ ਦੇ ਕਹਿਣ 'ਤੇ ਹੀ ਕੀਤਾ ਗਿਆ ਹੈ।
ਬਾਜਵਾ ਨੂੰ ਆਪਣੀ ਅਗਲੀ ਰਣਨੀਤੀ ਬਾਰੇ ਪੁੱਛੇ ਗਏ ਸਵਾਲ 'ਤੇ ਉਨ੍ਹਾਂ ਕਿਹਾ ਕਿ ਇਸ ਬਾਰੇ ਉਹ ਕੱਲ੍ਹ ਚੰਡੀਗੜ੍ਹ ਵਿੱਚ ਐਲਾਨ ਕਰਨਗੇ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਦੇ ਛੇ ਜ਼ੋਨ ਇੰਚਾਰਜ ਸੁੱਚਾ ਸਿੰਘ ਛੋਟੇਪੁਰ ਦੇ ਹੱਕ ਵਿੱਚ ਨਿੱਤਰੇ ਸਨ ਜੋ ਹੁਣ ਅੱਠ ਹੋ ਚੁੱਕੇ ਹਨ। ਇਹ ਸਾਰੇ ਇੰਚਾਰਜ ਕੱਲ੍ਹ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਭੇਜੇ ਗਏ 52 ਆਬਜ਼ਰਵਰਾਂ ਦੇ ਕਾਲੇ ਕਾਰਨਾਮਿਆਂ ਦਾ ਖੁਲਾਸਾ ਕਰਨਗੇ।