Punjab News: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਅਕਾਲ ਤਖ਼ਤ ਵੱਲੋਂ ਤਨਖ਼ਾਹੀਆਂ ਐਲਾਨਿਆ ਗਿਆ ਹੈ ਤੇ ਇਹ ਹੁਕਮ ਉਦੋਂ ਤੱਕ ਲਾਗੂ ਰਹੇਗਾ ਜਦੋਂ ਤੱਕ ਉਹ ਮੁਆਫ਼ੀ ਨਹੀਂ ਮੰਗਦੇ। ਆਮ ਆਦਮੀ ਪਾਰਟੀ ਨੇ ਅਕਾਲ ਤਖ਼ਤ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸੁਖਬੀਰ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਮੰਗ ਵੀ ਕੀਤੀ ਹੈ।


ਪੀਟੀਆਈ ਨਾਲ ਗੱਲ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਮਾਲਵਿੰਦਰ ਸਿੰਘ ਕੰਗ ਨੇ ਕਿਹਾ, “ਅਸੀਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਲਏ ਫੈਸਲੇ ਦਾ ਸਵਾਗਤ ਕਰਦੇ ਹਾਂ। ਜਦੋਂ ਜਥੇਦਾਰ ਸਾਬ੍ਹ ਕਹਿੰਦੇ ਹਨ ਕਿ ਸੁਖਬੀਰ ਬਾਦਲ ਨੇ ਗੁਨਾਹ ਕੀਤਾ ਹੈ ਤਾਂ ਗੁਨਾਹ ਸ਼ਬਦ ਵਿੱਚ ਕਈ ਗੱਲਾਂ ਸ਼ਾਮਲ ਹੋ ਜਾਂਦੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲੇ ਦਿਨ ਤੋਂ ਕਹਿ ਰਹੇ ਸਨ ਕਿ ਉਨ੍ਹਾਂ ਨੇ ਕੋਈ ਗ਼ਲਤੀ ਨਹੀਂ ਕੀਤੀ, ਸਗੋਂ ਅਪਰਾਧ ਕੀਤਾ ਹੈ। ਸੁਖਬੀਰ ਬਾਦਲ ਨੂੰ ਫੌਰੀ ਨੈਤਿਕਤਾ ਨੂੰ ਦੇਖਦੇ ਹੋਏ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।






ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹੁੰਦਿਆਂ ਅਜਿਹੇ ਫੈਸਲੇ ਲਏ ਹਨ, ਜਿਨ੍ਹਾਂ ਨੇ ਪੰਥ ਦੇ ਅਕਸ ਨੂੰ ਡੂੰਘੀ ਠੇਸ ਪਹੁੰਚਾਈ ਹੈ। ਇਸ ਨਾਲ ਸਿੱਖਾਂ ਦੇ ਹਿੱਤਾਂ ਨੂੰ ਸੱਟ ਵੱਜੀ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜਦੋਂ ਤੱਕ ਸੁਖਬੀਰ ਸਿੰਘ ਬਾਦਲ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਮੁਆਫ਼ੀ ਨਹੀਂ ਮੰਗਦੇ, ਉਦੋਂ ਤੱਕ ਉਨ੍ਹਾਂ ਨੂੰ ਤਨਖ਼ਾਹੀਆਂ ਕਰਾਰ ਦਿੱਤਾ ਜਾਵੇਗਾ।


ਦੂਜੇ ਪਾਸੇ ਸੁਖਬੀਰ ਸਿੰਘ ਬਾਦਲ ਨੇ ਇਸ ਹੁਕਮ ਨੂੰ ਪ੍ਰਵਾਨ ਕਰਦਿਆਂ 'ਐਕਸ' 'ਤੇ ਲਿਖਿਆ ਹੈ, ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾ ਕੇ ਪ੍ਰਵਾਨ ਕਰਦਾ ਹੈ ।  ਹੁਕਮ ਅਨੁਸਾਰ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਨਮੁੱਖ ਪੇਸ਼ ਹੋ ਕੇ ਖ਼ਿਮਾ ਜਾਚਨਾ ਕਰਾਂਗਾ ਜੀ