Punjab News: ਰੋਪੜ ਦੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਆਮ ਆਦਮੀ ਪਾਰਟੀ (AAP) ਦੇ ਆਗੂ ਨਿਤਿਨ ਨੰਦਾ ਨੂੰ ਇੱਕ ਵਿਆਹ ਸਮਾਗਮ ਦੌਰਾਨ ਗੋਲੀ ਮਾਰਨ ਦੀ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਗੋਲੀ ਸਿਰ ਦੇ ਪਿਛਲੇ ਹਿੱਸੇ ਵਿੱਚ ਲੱਗੀ ਹੈ।
ਗੋਲੀ ਅਜੇ ਵੀ ਉਨ੍ਹਾਂ ਦੇ ਸਿਰ ਵਿੱਚ ਫਸੀ ਹੋਈ ਹੈ, ਜਿਸ ਕਾਰਨ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਗੋਲੀ ਦੀ ਆਵਾਜ਼ ਸੁਣਦਿਆਂ ਹੀ ਘਟਨਾ ਵਾਲੀ ਜਗ੍ਹਾ 'ਤੇ ਦਹਿਸ਼ਤ ਫੈਲ ਗਈ। ਜ਼ਖਮੀ ਨਿਤਿਨ ਨੰਦਾ ਨੂੰ ਤੁਰੰਤ ਸਿਵਲ ਹਸਪਤਾਲ, ਅਨੰਦਪੁਰ ਸਾਹਿਬ ਲਿਜਾਇਆ ਗਿਆ। ਮੁੱਢਲੀ ਸਹਾਇਤਾ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਅਨੰਦਪੁਰ ਸਾਹਿਬ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਅਨੁਸਾਰ ਘਟਨਾ ਵਾਲੀ ਜਗ੍ਹਾ ਤੋਂ ਮਹੱਤਵਪੂਰਨ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।