ਆਮ ਆਦਮੀ ਪਾਰਟੀ (AAP) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ(Arvind Kejriwal) ਨੂੰ ਸ਼ੁੱਕਰਵਾਰ ਨੂੰ ਜ਼ਮਾਨਤ ਮਿਲ ਗਈ ਜਿਸ ਤੋਂ ਬਾਅਦ ਉਹ ਜੇਲ੍ਹੋਂ ਬਾਹਰ ਆ ਗਏ। 'ਆਪ' ਆਗੂਆਂ ਅਤੇ ਵਲੰਟੀਅਰਾਂ ਨੇ ਕੋਰਟ ਦੇ ਇਸ ਫੈਸਲੇ ਨੂੰ ਸੱਚਾਈ ਅਤੇ ਲੋਕਤੰਤਰ ਦੀ ਜਿੱਤ ਦੱਸਿਆ।


 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਆਪਣੇ ਐਕਸ ਅਕਾਉਂਟ 'ਤੇ ਪੋਸਟ ਕੀਤਾ ਕਿ "ਆਖ਼ਿਰ ਸੱਚਾਈ ਦੀ ਹੋਈ ਜਿੱਤ... 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ  ਨੂੰ ਮਾਣਯੋਗ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ... ਕੇਜਰੀਵਾਲ ਜੀ ਨੂੰ ਮਿਲੀ ਜ਼ਮਾਨਤ ਨੇ ਸਾਬਤ ਕਰ ਦਿੱਤਾ ਹੈ ਕਿ ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ"।


'ਆਪ' ਪੰਜਾਬ ਦੇ ਆਗੂਆਂ ਅਤੇ ਵਲੰਟੀਅਰਾਂ ਨੇ ਚੰਡੀਗੜ੍ਹ ਪਾਰਟੀ ਦਫ਼ਤਰ 'ਚ ਕੇਜਰੀਵਾਲ ਦੀ ਜ਼ਮਾਨਤ ਦਾ ਜਸ਼ਨ ਮਨਾਇਆ, ਮਿਠਾਈਆਂ ਵੰਡੀਆਂ ਅਤੇ ਢੋਲ ਦੀ ਥਾਪ' ਤੇ ਭੰਗੜਾ ਕੀਤਾ। ਪੰਜਾਬ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਅਨਮੋਲ ਗਗਨ ਮਾਨ ਅਤੇ ਡਾ. ਬਲਬੀਰ ਵੀ ਪਾਰਟੀ ਵਲੰਟੀਅਰਾਂ ਅਤੇ ਵਰਕਰਾਂ ਨਾਲ ਜਸ਼ਨ ਵਿੱਚ ਸ਼ਾਮਲ ਹੋਏ। ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ, ਸੀਨੀਅਰ ਬੁਲਾਰੇ ਨੀਲ ਗਰਗ ਅਤੇ ਹੋਰ 'ਆਪ' ਨੇਤਾਵਾਂ ਨੇ ਵੀ ਪਾਰਟੀ ਵਰਕਰਾਂ ਨੂੰ ਵਧਾਈ ਦਿੱਤੀ।


ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਲਈ ਸੁਪਰੀਮ ਕੋਰਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੱਚ ਦੀ ਜਿੱਤ ਹੋਈ ਹੈ।ਉਨ੍ਹਾਂ ਕਿਹਾ ਕਿ ਅਦਾਲਤ ਨੇ ਸਪੱਸ਼ਟ ਕੀਤਾ ਕਿ ਸੀਬੀਆਈ ਵੱਲੋਂ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਉਦੇਸ਼ ਈਡੀ ਦੇ ਕੇਸ ਵਿੱਚ ਜ਼ਮਾਨਤ 'ਤੇ ਰਿਹਾਈ ਨੂੰ ਰੋਕਣਾ ਸੀ। ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਅਦਾਲਤ ਨੇ ਮੁੜ ਪੁਸ਼ਟੀ ਕੀਤੀ ਹੈ ਕਿ ਸਾਡੇ ਦੇਸ਼ ਵਿੱਚ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ।


ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇੱਕ ਮੀਡੀਆ ਬਿਆਨ ਵਿੱਚ ਕਿਹਾ ਕਿ ਭਾਵੇਂ ਨਿਆਂ ਵਿੱਚ ਦੇਰੀ ਹੋ ਸਕਦੀ ਹੈ, ਪਰ ਕੇਂਦਰ ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਸੱਚਾਈ ਨੂੰ ਹਰਾਇਆ ਨਹੀਂ ਜਾ ਸਕਦਾ।  ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਦਰਸਾਉਂਦਾ ਹੈ ਕਿ ਸੱਚਾਈ ਨੂੰ ਦਬਾਇਆ ਨਹੀਂ ਜਾ ਸਕਦਾ। ਅਰੋੜਾ ਨੇ ਇਸ ਫੈਸਲੇ ਨੂੰ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਲਈ ਇੱਕ ਵੱਡਾ ਝਟਕਾ ਦੱਸਿਆ। ਉਨ੍ਹਾਂ ਪਾਰਟੀ ਵਰਕਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ 'ਆਪ' ਹੁਣ ਪਹਿਲਾਂ ਨਾਲੋਂ ਵੀ ਵੱਧ ਜੋਸ਼ ਨਾਲ ਕੰਮ ਕਰੇਗੀ।