Aap Protest: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਵੱਲੋਂ ਗ੍ਰਿਫ਼ਤਾਰੀ ਖ਼ਿਲਾਫ਼ ‘ਆਪ’ ਆਗੂਆਂ ਨੇ ਜਲੰਧਰ ਵਿੱਚ ਵਿਸ਼ਾਲ ਪ੍ਰਦਰਸ਼ਨ ਕੀਤਾ।  ਆਪ ਆਗੂਆਂ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਮੋਦੀ ਸਰਕਾਰ ਦੀ ਤਾਨਾਸ਼ਾਹੀ ਕਰਾਰ ਦਿੰਦਿਆਂ ਕਿਹਾ ਕਿ ਭਾਜਪਾ ਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਕਰਕੇ ਕੇਜਰੀਵਾਲ ਨੂੰ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਧਰਨੇ ਦੌਰਾਨ ‘ਆਪ’ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ।


ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਭਾਰਤੀ ਜਨਤਾ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇੱਕੋ ਇੱਕ ਮਕਸਦ ਹੈ ਕਿ ਉਹ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਕਿਸੇ ਵੀ ਤਰੀਕੇ ਨਾਲ ਤਬਾਹ ਕਰ ਦੇਵੇ।  ਭਾਜਪਾ ਅਰਵਿੰਦ ਕੇਜਰੀਵਾਲ ਦੀ ਇਮਾਨਦਾਰ ਰਾਜਨੀਤੀ ਤੋਂ ਡਰਦੀ ਹੈ। ਇਸ ਲਈ ਸੀਬੀਆਈ ਅਤੇ ਈਡੀ ਨੇ ਅਰਵਿੰਦ ਕੇਜਰੀਵਾਲ 'ਤੇ ਝੂਠੇ ਕੇਸ ਦਰਜ ਕਰਕੇ ਜਾਣਬੁੱਝ ਕੇ ਜੇਲ੍ਹ ਵਿੱਚ ਡੱਕ ਦਿੱਤਾ।


ਆਪ ਮੰਤਰੀ ਡਾ. ਬਲਬੀਰ ਸਿੰਘ ਨੇ ਮੋਦੀ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਜਲਦੀ ਤੋਂ ਜਲਦੀ ਰਿਹਾਅ ਕੀਤਾ ਜਾਵੇ ਨਹੀਂ ਤਾਂ ਇਹ ਅੰਦੋਲਨ ਹੋਰ ਤਿੱਖਾ ਹੋ ਜਾਵੇਗਾ। ਉਹਨਾਂ ਕਿਹਾ ਕਿ ਭਾਜਪਾ ਨੇ ਇੱਕ ਪਾਸੇ ਬਿਨਾਂ ਸਬੂਤਾਂ ਦੇ ਅਤੇ ਮਨੀ ਟਰੇਲ ਦੇ ਮੌਜੂਦਾ ਮੁੱਖ ਮੰਤਰੀ ਨੂੰ ਜੇਲ 'ਚ ਰੱਖਿਆ ਹੈ, ਜਦਕਿ ਦੂਜੇ ਪਾਸੇ ਕਰਨਾਟਕ ਦੇ ਭਾਜਪਾ ਦੇ ਸਾਬਕਾ ਮੁੱਖ ਮੰਤਰੀ ਵੀ.ਐੱਸ. ਯੇਦੀਯੁਰੱਪਾ 'ਤੇ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਪੋਸਕੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ, ਪਰ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਕਿਉਂ ਕਿ ਉਹ ਉਨਾਂ ਦੀ ਪਾਰਟੀ ਤੋਂ ਸਨ।


ਸੰਗਰੂਰ ਤੋਂ 'ਆਪ' ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਦੀ ਪੂਰੀ ਸੰਭਾਵਨਾ ਸੀ, ਇਸੇ ਲਈ ਸੀ.ਬੀ.ਆਈ. ਨੇ ਜਾਣਬੁੱਝ ਕੇ ਗ੍ਰਿਫਤਾਰ ਕੀਤਾ। ਉਨ੍ਹਾਂ ਕਿਹਾ ਕਿ ਇੱਕ ਸਾਲ ਪਹਿਲਾਂ ਵੀ ਸੀ.ਬੀ.ਆਈ. ਨੇ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕੀਤੀ ਸੀ ਪਰ ਉਸਨੂੰ ਕੁਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਮਾਮਲੇ ਵਿੱਚ ਦੇਸ਼ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਜਾਂਚ ਏਜੰਸੀ ਹੇਠਲੀ ਅਦਾਲਤ ਤੋਂ ਜ਼ਮਾਨਤ ਦੀ ਕਾਪੀ ਲਏ ਬਿਨਾਂ ਹੀ ਹਾਈ ਕੋਰਟ ਵਿੱਚ ਪਹੁੰਚ ਗਈ। 


ਮੀਤ ਹੇਅਰ ਨੇ ਕਿਹਾ ਕਿ ਦਿੱਲੀ ਵਿੱਚ ਛੇ ਮਹੀਨਿਆਂ ਬਾਅਦ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਉੱਥੇ ਭਾਜਪਾ ਅੱਜ ਤੱਕ ਅਰਵਿੰਦ ਕੇਜਰੀਵਾਲ ਨੂੰ ਹਰਾ ਨਹੀਂ ਸਕੀ।  ਦਿੱਲੀ ਦੇ ਲੋਕਾਂ ਨੇ ਅਰਵਿੰਦ ਕੇਜਰੀਵਾਲ ਨੂੰ ਦੋ ਵਾਰ ਮੁੱਖ ਮੰਤਰੀ ਵਜੋਂ ਇਤਿਹਾਸਕ ਬਹੁਮਤ ਦਿੱਤਾ ਹੈ।  ਇਸ ਲਈ ਹੁਣ ਭਾਜਪਾ ਈਡੀ ਅਤੇ ਸੀਬੀਆਈ ਰਾਹੀਂ ਦਿੱਲੀ ਚੋਣਾਂ ਜਿੱਤਣ ਦੀ ਕੋਸ਼ਿਸ਼ ਕਰ ਰਹੀ ਹੈ।  ਉਨ੍ਹਾਂ ਕਿਹਾ ਕਿ 50 ਸਾਲ ਪਹਿਲਾਂ ਦੇਸ਼ ਵਿੱਚ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਸੀ ਪਰ ਪਿਛਲੇ 10 ਸਾਲਾਂ ਤੋਂ ਭਾਜਪਾ ਨੇ ਸਰਕਾਰ ਦੇਸ਼ ਵਿੱਚ ਅਣਐਲਾਨੀ ਐਮਰਜੈਂਸੀ ਲਗਾਈ ਹੋਈ ਹੈ।


ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੀ.ਬੀ.ਆਈ ਦੀ ਗ੍ਰਿਫਤਾਰੀ ਤੋਂ ਸਾਫ ਜ਼ਾਹਰ ਹੁੰਦਾ ਹੈ ਕਿ ਭਾਜਪਾ ਜਾਣਬੁੱਝ ਕੇ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਫਸਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿੱਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕੀਤੇ ਗਏ ਕ੍ਰਾਂਤੀਕਾਰੀ ਕਾਰਜਾਂ ਨੇ ਭਾਜਪਾ ਦੀ ਨੀਦਾਂ ਉੜਾ ਦਿੱਤੀਆਂ ਹਨ ਇਸ ਲਈ ਭਾਜਪਾ ਨੇ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ, ਸਿਹਤ ਮੰਤਰੀ ਸਤੇਂਦਰ ਜੈਨ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਜੇਲ੍ਹ ਵਿੱਚ ਡੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕੁਝ ਵੀ ਕਰ ਲਵੇ ਪਰ ਅਰਵਿੰਦ ਕੇਜਰੀਵਾਲ ਨੂੰ ਨਹੀਂ ਰੋਕ ਸਕਦੀ।


ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਦੇ ਮੌਜੂਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਰੱਖਿਆ ਗਿਆ ਹੈ, ਅਜਿਹਾ ਦੇਸ਼ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਨਹੀਂ ਹੋਇਆ।  ਅਸੀਂ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਸੜਕਾਂ ਤੋਂ ਪਾਰਲੀਮੈਂਟ ਤੱਕ ਸੰਘਰਸ਼ ਕਰਾਂਗੇ।  ਉਨ੍ਹਾਂ ਕਿਹਾ ਕਿ ਅਸੀਂ ਇਸ ਲੜਾਈ ਨੂੰ ਹਰ ਫਰੰਟ 'ਤੇ ਲੜਾਂਗੇ ਅਤੇ ਜਿੱਤਾਂਗੇ।  ਧਾਲੀਵਾਲ ਨੇ ਕਿਹਾ ਕਿ ਭਾਜਪਾ ਇਸ ਭੁਲੇਖੇ 'ਚ ਹੈ ਕਿ ਉਹ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੂੰ ਤਬਾਹ ਕਰ ਦੇਵੇਗੀ ਪਰ ਅਰਵਿੰਦ ਕੇਜਰੀਵਾਲ ਇਕ ਵਿਚਾਰ ਹਨ ਅਤੇ ਭਾਜਪਾ ਉਨ੍ਹਾਂ ਦੀ ਸੋਚ ਨੂੰ ਕਦੇ ਵੀ ਨਸ਼ਟ ਨਹੀਂ ਕਰ ਸਕਦੀ।


ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ, ਈਡੀ ਅਤੇ ਸੀਬੀਆਈ ਨੂੰ 'ਆਪ' ਨੇਤਾਵਾਂ ਤੋਂ ਇੱਕ ਪੈਸਾ ਵੀ ਨਹੀਂ ਲਿਆ। ਸਾਰਾ ਮਾਮਲਾ ਝੂਠਾ ਅਤੇ ਫਰਜ਼ੀ ਹੈ। ਮੋਦੀ ਸਰਕਾਰ ਈਡੀ ਅਤੇ ਸੀਬੀਆਈ ਰਾਹੀਂ 'ਆਪ' ਆਗੂਆਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਜਾਂਚ ਏਜੰਸੀਆਂ ਕੋਲ ਕਿਸੇ ਖ਼ਿਲਾਫ਼ ਕੋਈ ਸਬੂਤ ਨਹੀਂ ਹੈ।  ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵਿਰੁੱਧ ਸੀਬੀਆਈ ਦੀ ਕਾਰਵਾਈ ਪੂਰੀ ਤਰ੍ਹਾਂ ਗ਼ੈਰਕਾਨੂੰਨੀ ਅਤੇ ਗੈਰ-ਸੰਵਿਧਾਨਕ ਹੈ। ਉਨਾਂ ਨੂੰ ਜਲਦੀ ਤੋਂ ਜਲਦੀ ਰਿਹਾਅ ਕੀਤਾ ਜਾਵੇ।