Punjab News: AAP ਆਗੂਆਂ ਸਣੇ ਸਾਰੇ ਸਮਰਥਕ ਮੁਹਾਲੀ 'ਚ ਕਰਨਗੇ ਰੋਸ ਪ੍ਰਦਰਸ਼ਨ, ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਕਰਨਗੇ ਵਿਰੋਧ
Punjab News: ਦਿੱਲੀ ਸ਼ਰਾਬ ਘੁਟਾਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅੱਜ ਪੰਜਾਬ ਤੋਂ ਲੈ ਕੇ ਦਿੱਲੀ ਤੱਕ ‘ਆਪ’ ਆਗੂ ਤੇ ਸਮਰਥਕ ਰੋਸ ਪ੍ਰਦਰਸ਼ਨ ਕਰਨਗੇ।
Punjab News: ਦਿੱਲੀ ਸ਼ਰਾਬ ਘੁਟਾਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅੱਜ ਪੰਜਾਬ ਤੋਂ ਲੈ ਕੇ ਦਿੱਲੀ ਤੱਕ ‘ਆਪ’ ਆਗੂ ਤੇ ਸਮਰਥਕ ਰੋਸ ਪ੍ਰਦਰਸ਼ਨ ਕਰਨਗੇ। ਮੁਹਾਲੀ ਵਿੱਚ ‘ਆਪ’ ਪੰਜਾਬ ਵੱਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਵਿੱਚ ਪਾਰਟੀ ਵਰਕਰ, ਵਿਧਾਇਕ ਅਤੇ ਇੱਥੋਂ ਤੱਕ ਕਿ ਮੰਤਰੀ ਵੀ ਸ਼ਾਮਲ ਹੋਣਗੇ।
ਇਸ ਦੌਰਾਨ ਉਹ ਭਾਜਪਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ। ਇਹ ਪ੍ਰਦਰਸ਼ਨ ਸਵੇਰੇ 11:30 ਵਜੇ ਗੁਰਦੁਆਰਾ ਅੰਬ ਸਾਹਿਬ, ਫੇਜ਼-8, ਮੁਹਾਲੀ ਤੋਂ ਸ਼ੁਰੂ ਹੋਵੇਗਾ। ਪ੍ਰਦਰਸ਼ਨ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਲਈ ਪੁਲਿਸ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਭਾਵੇਂ ‘ਆਪ’ ਦੇ ਇਸ ਪ੍ਰਦਰਸ਼ਨ ਵਿੱਚ ਸਾਰੇ ਸੂਬਾ ਪੱਧਰੀ ਆਗੂ ਸ਼ਮੂਲੀਅਤ ਕਰਨਗੇ। ਪਰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ 'ਚ ਹੋਣਗੇ। ਕਿਉਂਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਜੰਤਰ-ਮੰਤਰ 'ਤੇ ਪ੍ਰਦਰਸ਼ਨ ਹੋ ਰਿਹਾ ਹੈ। ਇਸ ਵਿੱਚ I.N.D.I.A ਗਠਜੋੜ ਦੇ ਸਾਰੇ ਆਗੂ ਅਤੇ ਸਮਰਥਕ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਕਈ ਰਾਜਾਂ ਦੇ ਮੁੱਖ ਮੰਤਰੀ ਵੀ ਸ਼ਿਰਕਤ ਕਰਨਗੇ। ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਖੁਦ ਇੱਕ ਜਨਤਕ ਸਮਾਗਮ ਵਿੱਚ ਕਿਹਾ ਸੀ ਕਿ ਉਹ ਦਿੱਲੀ ਜਾ ਰਹੇ ਹਨ।
ਉਨ੍ਹਾਂ ਦਾ ਅਰਵਿੰਦ ਕੇਜਰੀਵਾਲ ਨੂੰ ਮਿਲਣ ਦਾ ਵੀ ਪ੍ਰੋਗਰਾਮ ਹੈ। ਇਸ ਤੋਂ ਪਹਿਲਾਂ 'ਆਪ' ਨੇ ਮਾਰਚ ਮਹੀਨੇ ਵਿੱਚ ਮੋਹਾਲੀ 'ਚ ਪ੍ਰਦਰਸ਼ਨ ਕੀਤਾ ਸੀ। ਇਸ ਤੋਂ ਇਲਾਵਾ ਦਿੱਲੀ ਵਿੱਚ ਹੋਏ ਪ੍ਰਦਰਸ਼ਨਾਂ ਵਿੱਚ ਪੰਜਾਬ ਦੇ ਆਗੂ ਵੀ ਸ਼ਾਮਲ ਹੁੰਦੇ ਰਹੇ ਹਨ।
ਮਾਰਚ ਮਹੀਨੇ ਵਿੱਚ ਹੋਈ ਸੀ ਗ੍ਰਿਫ਼ਤਾਰੀ
ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ 21 ਮਾਰਚ, 2024 ਨੂੰ ਦਿੱਲੀ ਸ਼ਰਾਬ ਘੁਟਾਲੇ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਸੀ। ਹਾਲਾਂਕਿ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਹੈ। ਇਸ ਤੋਂ ਬਾਅਦ ਲੋਕ ਸਭਾ ਚੋਣਾਂ ਆ ਗਈਆਂ ਸਨ। ਅਜਿਹੇ 'ਚ ਉਨ੍ਹਾਂ ਨੂੰ 10 ਮਈ ਤੋਂ 1 ਜੂਨ ਤੱਕ ਚੋਣ ਪ੍ਰਚਾਰ ਲਈ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ।
ਫਿਰ ਉਨ੍ਹਾਂ ਨੇ 2 ਜੂਨ ਨੂੰ ਆਤਮ ਸਮਰਪਣ ਕਰ ਦਿੱਤਾ ਸੀ। 20 ਜੂਨ ਨੂੰ ਦਿੱਲੀ ਦੀ ਇਕ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ। ਪਰ 21 ਜੂਨ ਨੂੰ ਦਿੱਲੀ ਹਾਈਕੋਰਟ ਨੇ ਸਟੇਅ ਲਗਾ ਦਿੱਤਾ ਸੀ। ਇਸ ਤੋਂ ਬਾਅਦ 26 ਜੂਨ ਨੂੰ ਸੀਬੀਆਈ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਹਾਲਾਂਕਿ ਉਨ੍ਹਾਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਗਿਆ ਹੈ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਗਾਤਾਰ ਜਾਰੀ ਹੈ।