Gajjan Majra released on Bail: ਆਖਰਕਾਰ ਜਸਵੰਤ ਸਿੰਘ ਗੱਜਣ ਮਾਜਰਾ ਅੱਜ ਜੇਲ ਤੋਂ ਬਾਹਰ ਆ ਗਏ ਹਨ। ਦੱਸ ਦੇਈਏ ਕਿ ਉਨ੍ਹਾਂ ਨੂੰ ਕੱਲ੍ਹ ਜ਼ਮਾਨਤ ਮਿਲ ਗਈ ਸੀ ਪਰ ਸਮੇਂ ਸਿਰ ਮੁਚੱਲਕਾ ਨਾ ਭਰਨ ਕਾਰਨ ਉਹ ਰਿਹਾਅ ਨਹੀਂ ਹੋ ਸਕੇ ਸਨ। ਪਰ ਅੱਜ ਸਾਰੀ ਕਾਗਜ਼ੀ ਕਾਰਵਾਈ ਪੂਰੀ ਹੋਣ ਉੱਤੇ ਜਸਵੰਤ ਸਿੰਘ ਗੱਜਣ ਮਾਜਰਾ ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਬਾਹਰ ਆ ਗਏ। ਆਮ ਆਦਮੀ ਪਾਰਟੀ ਦੇ ਸੈਂਕੜੇ ਵਰਕਰਾਂ ਅਤੇ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਉਨ੍ਹਾਂ ਭਾਜਪਾ 'ਤੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਅੱਜ ਭਾਜਪਾ ਨੂੰ ਆਪਣੇ ਵਿਰੋਧ 'ਚ ਸਿਰਫ਼ ਆਮ ਆਦਮੀ ਪਾਰਟੀ ਹੀ ਨਜ਼ਰ ਆ ਰਹੀ ਹੈ । ਇਸ ਲਈ ਉਹ ਲਗਾਤਾਰ ਆਪ ਪਾਰਟੀ ਨੂੰ ਹੀ ਨੁਕਸਾਨ ਪਹੁੰਚਾ ਰਹੇ ਹਨ।
ਉਨ੍ਹਾਂ ਨੇ ਅੱਗੇ ਕਿਹਾ ਕਿ '6 ਨਵੰਬਰ ਨੂੰ ਉਨ੍ਹਾਂ ਨੂੰ ਹਿਰਾਸਤ 'ਚ ਲਏ ਨੂੰ ਪੂਰਾ ਸਾਲ ਹੋ ਗਿਆ ਹੈ ਅਤੇ ਅੱਜ 6 ਨਵੰਬਰ ਨੂੰ ਉਹ ਵਾਪਸ ਆ ਰਹੇ ਹਨ ਮੈਨੂੰ ਖੁਸ਼ੀ ਹੈ ਕਿ ਮੇਰੀ ਰਿਹਾਈ ਦੇ ਮੌਕੇ 'ਤੇ ਮੈਨੂੰ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਅਤੇ ਵਿਧਾਇਕਾਂ ਦੇ ਨਾਲ-ਨਾਲ ਲੋਕਾਂ ਦਾ ਪੂਰਾ ਪਿਆਰ ਮਿਲ ਰਿਹਾ ਹੈ, ਉਨ੍ਹਾਂ ਕਿਹਾ ਕਿ ਦੇਸ਼ ਨੂੰ ਏਜੰਸੀਆਂ ਦੀ ਮਦਦ ਨਾਲ ਨਹੀਂ ਚਲਾਇਆ ਜਾ ਸਕਦਾ, ਇਸ ਦਾ ਸਾਥ ਦੇਣਾ ਲਈ ਲੋਕ ਬਹੁਤ ਜ਼ਰੂਰੀ ਹਨ!
ਪਿਛਲੇ ਇੱਕ ਸਾਲ ਤੋਂ ਜੇਲ੍ਹ 'ਚ ਬੰਦ ਸਨ
ਬੈਂਕ ਨਾਲ ਕਥਿਤ ਧੋਖਾਧੜੀ ਦੇ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਅਮਰਗੜ੍ਹ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਮਗਰੋਂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਉਹ ਲਗਪਗ ਇੱਕ ਸਾਲ ਤੋਂ ਪਟਿਆਲਾ ਜੇਲ੍ਹ ’ਚ ਬੰਦ ਸਨ।
ਪਟਿਆਲਾ ਜੇਲ੍ਹ ਤੋਂ ਰਿਹਾਈ ਮਗਰੋਂ ਵਿਧਾਇਕ ਗੱਜਣਮਾਜਰਾ ਨੇ ਦੂਖਨਿਵਾਰਨ ਗੁਰਦੁਆਰਾ ਸਾਹਿਬ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਦੀ ਪਤਨੀ ਡਾ. ਪਰਮਿੰਦਰ ਕੌਰ ਮੰਡੇਰ ਨੇ ਕਿਹਾ ਕਿ ਸੰਵਿਧਾਨ ਦੀ ਤਾਕਤ ਨਾਲ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਜ਼ਮਾਨਤ ਮਿਲੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਬਿਨਾਂ ਵਜ੍ਹਾ ਜੇਲ੍ਹ ਵਿੱਚ ਬੰਦ ਰੱਖਿਆ ਗਿਆ। ‘ਆਪ’ ਗ਼ਰੀਬ ਲੋਕਾਂ ਨੂੰ ਵਧੀਆ ਸਿੱਖਿਆ ਤੇ ਹੋਰ ਸਹੂਲਤਾਂ ਦੇ ਕੇ ਗਰੀਬ ਲੋਕਾਂ ਦਾ ਭਵਿੱਖ ਬਦਲ ਰਹੀ ਹੈ। ਜ਼ਮਾਨਤ ਹਰ ਇੱਕ ਦਾ ਹੱਕ ਹੈ। ਜ਼ਮਾਨਤ ਨਿਯਮ ਹੈ ਤੇ ਜੇਲ੍ਹ ਅਪਵਾਦ ਹੈ।