ਅੰਮ੍ਰਿਤਸਰ: ਅੰਮ੍ਰਿਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲਿਆਂ ਵਿੱਚ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਤੇ ਰਿੱਟ ਪਟੀਸ਼ਨਾਂ ਦੀ ਸਹੀ ਢੰਗ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਇਹ ਪੱਤਰ ਲਿਖ ਕੇ ਸਾਬਕਾ ਆਈਜੀ ਤੇ ਵਿਧਾਇਕ ਕੁੰਵਰ ਨੇ ਆਪਣੀ ਹੀ ਪਾਰਟੀ ਦੀ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ।
ਇਸ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਇੱਕ ਵਾਰ ਫਿਰ ਚਰਚਾ ਸ਼ੁਰੂ ਹੋ ਗਈ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਸਬੰਧੀ ਪੰਜਾਬ ਹਰਿਆਣਾ ਹਾਈ ਕੋਰਟ ਤੇ ਸੁਪਰੀਮ ਕੋਰਟ ਵਿੱਚ ਕਈ ਕੇਸ ਤੇ ਰਿੱਟ ਪਟੀਸ਼ਨਾਂ ਪੈਂਡਿੰਗ ਹਨ। ਉਨ੍ਹਾਂ ਨੂੰ ਇੱਕ ਮਾਧਿਅਮ ਰਾਹੀਂ ਪਤਾ ਲੱਗਾ ਹੈ ਕਿ ਸਰਕਾਰ ਇਨ੍ਹਾਂ ਮਾਮਲਿਆਂ ਨੂੰ ਸਹੀ ਢੰਗ ਨਾਲ ਨਹੀਂ ਦੇਖ ਰਹੀ। ਫਰੀਦਕੋਟ ਸੈਸ਼ਨ ਕੋਰਟ ਵਿੱਚ ਚੱਲ ਰਿਹਾ ਕੇਸ ਵੀ ਅੱਗੇ ਨਹੀਂ ਵਧ ਰਿਹਾ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਦੋਸ਼ੀ ਧਿਰਾਂ ਫਰੀਦਕੋਟ ਅਦਾਲਤ ਵਿੱਚ ਚੱਲ ਰਹੇ ਬਹਿਬਲ ਕਲਾਂ ਕੇਸ ਦੀ ਸੁਣਵਾਈ ਤੇ ਜਾਂਚ ਨੂੰ ਰੱਦ ਕਰਵਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਤੇ ਆਪਣੇ ਆਪ ਨੂੰ ਬਰੀ ਕਰਵਾਉਣਾ ਚਾਹੁੰਦੀਆਂ ਹਨ। ਇਸ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਅੱਜ ਕਈ ਕੇਸਾਂ ਦੀ ਸੁਣਵਾਈ ਹੋਣੀ ਹੈ।
ਦੱਸ ਦਈਏ ਕਿ ਕੁੰਵਰ ਵਿਜੇ ਪ੍ਰਤਾਪ ਨੇ ਇਹਨਾਂ ਮਾਮਲਿਆਂ ਦੀ ਸਹੀ ਤਰੀਕੇ ਨਾਲ ਜਾਂਚ ਨਾ ਕਰਨ ਦੇ ਵਿਰੋਧ ਵਿੱਚ ਅਸਤੀਫਾ ਦੇ ਦਿੱਤਾ ਸੀ। ਹੁਣ ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਸਆਈਟੀ ਨੇ ਨਾ ਤਾਂ ਇਨ੍ਹਾਂ ਕੇਸਾਂ ਨੂੰ ਨੇਪਰੇ ਚਾੜ੍ਹਨ ਲਈ ਕੋਈ ਕੰਮ ਨਹੀਂ ਕੀਤਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਬੇਨਤੀ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਚੱਲ ਰਹੀਆਂ ਪਟੀਸ਼ਨਾਂ ਦੇ ਖਿਲਾਫ ਖੜੇ ਹੋ ਕੇ ਫਰੀਦਕੋਟ ਸੈਸ਼ਨ ਕੋਰਟ ਵਿੱਚ ਚੱਲ ਰਹੀ ਸੁਣਵਾਈ ਨੂੰ ਅੱਗੇ ਵਧਾਇਆ ਜਾਵੇ।
ਦੱਸ ਦਈਏ ਕਿ ਲਗਪਗ ਇੱਕ ਮਹੀਨਾ ਪਹਿਲਾਂ ਵੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦੋ ਸੀਨੀਅਰ ਆਈਪੀਐਸ ਅਧਿਕਾਰੀਆਂ ਦੀ ਤਾਇਨਾਤੀ ਨੂੰ ਲੈ ਕੇ ਸਵਾਲ ਚੁੱਕੇ ਸਨ।