ਤਲਵੰਡੀ ਸਾਬੋ : ਪੰਜਾਬ ਅੰਦਰ ਸੱਤਾ ਬਦਲਣ ਤੋਂ ਬਾਅਦ ਵੀ ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀ ਲਗਾਤਾਰ ਮੌਤ ਹੋਈ ਹੈ। ਤਾਜ਼ਾ ਮਾਮਲਾ ਸਬ ਡਵੀਜਨ ਤਲਵੰਡੀ ਸਾਬੋ ਦੀ ਆਪ ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਦੇ ਪਿੰਡ ਜਗ੍ਹਾ ਰਾਮ ਤੀਰਥ ਤੋਂ ਸਾਹਮਣੇ ਆਇਆ ਹੈ। ਅੱਜ ਪਿੰਡ ਦੇ ਸਰਕਾਰੀ ਸਕੂਲ ਵਿਚ ਪਿੰਡ ਦੇ ਹੀ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ , ਜਿਸ ਦੀ ਬਾਂਹ ਵਿੱਚ ਸਰਿੰਜ ਲੱਗੀ ਹੋਈ ਸੀ। ਲਾਸ਼ ਨੂੰ ਪੋਸਟਮਾਰਟਮ ਲਈ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ। ਤਲਵੰਡੀ ਸਾਬੋ ਪੁਲੀਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਿਤਾ ਮੁਤਾਬਕ ਮ੍ਰਿਤਕ ਨੌਜਵਾਨ ਕੁਝ ਦਿਨ ਪਹਿਲਾਂ ਹੀ ਨਸ਼ਾ ਛੁਡਾਊ ਕੇਂਦਰ ਵਿੱਚੋਂ ਘਰ ਵਿੱਚ ਆਇਆ ਸੀ। 





ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਜਗ੍ਹਾ ਰਾਮ ਤੀਰਥ ਅੱਜ ਸਵੇਰ ਸਮੇਂ ਸਰਕਾਰੀ ਸੈਕੰਡਰੀ ਸਕੂਲ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸਵੇਰੇ ਸਕੂਲ ਦੇ ਵਿਹੜੇ 'ਚ ਇੱਕ ਨੌਜਵਾਨ ਦੀ ਲਾਸ਼ ਪਈ ਦਿਖਾਈ ਦਿੱਤੀ। ਜਿਸਦੀ ਬਾਂਹ ਵਿੱਚ ਇੱਕ ਸਰਿੰਜ ਲੱਗੀ ਹੋਈ ਸੀ। ਪਿੰਡ ਵਾਸੀਆਂ ਦੇ ਇਕੱਠੇ ਹੋਣ 'ਤੇ ਨੌਜਵਾਨ ਦੀ ਪਛਾਣ ਪਿੰਡ ਦੇ ਹੀ ਵਸਨੀਕ ਮਨਪ੍ਰੀਤ ਸਿੰਘ ਗੋਸ਼ਾ (20) ਪੁੱਤਰ ਮੇਜਰ ਸਿੰਘ ਵਜੋਂ ਹੋਈ ਹੈ। ਨੌਜਵਾਨ ਦੀ ਮੌਤ ਚਿੱਟੇ ਦੀ ਓਵਰਡੋਜ਼ ਨਾਲ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ।  

 

ਮ੍ਰਿਤਕ ਦੇ ਪਿਤਾ ਨੇ ਦੱਸਿਆ ਇਹ ਨੌਜਵਾਨ ਪਿਛਲੇ ਕਾਫੀ ਸਮੇਂ ਤੋਂ ਨਸ਼ੇ ਦਾ ਆਦੀ ਸੀ। ਪਿਛਲੇ ਦੋ ਸਾਲ ਤੋਂ ਉਸ ਨੂੰ ਨਸ਼ਾ ਛੱਡਣ ਲਈ ਨਸ਼ਾ ਛੁਡਾਊ ਕੇਂਦਰ ਵਿਚ ਦਾਖਲ ਕਰਵਾਇਆ ਗਿਆ ਸੀ ਤੇ 2 ਦਿਨ ਪਹਿਲਾਂ ਹੀ ਵਾਪਸ ਘਰ ਆਇਆ ਸੀ। ਉਨ੍ਹਾਂ ਦੱਸਿਆ ਕਿ ਰਾਤ ਨੂੰ ਘਰ ਵਾਪਸ ਨਹੀਂ ਆਇਆ ,ਜਿਸ ਕਰਕੇ ਪਰਿਵਾਰ ਉਸ ਦੀ ਭਾਲ ਕਰ ਰਿਹਾ ਸੀ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਨੇ ਮਿਹਨਤ ਮਜ਼ਦੂਰੀ ਅਤੇ ਆਪਣਾ ਘਰ ਵੇਚ ਕੇ ਇਸ ਦਾ ਇਲਾਜ ਕਰਵਾਇਆ ਸੀ, ਮ੍ਰਿਤਕ ਦੇ ਪਿਤਾ ਨੇ ਕਿਹਾ ਕਿ ਨਸ਼ਾ ਵਿੱਕ ਰਿਹਾ ਹੈ ਤਾਂ ਹੀ ਮਿਲ ਰਿਹਾ ਹੈ

ਓਧਰ ਤਲਵੰਡੀ ਸਾਬੋ ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨ 'ਤੇ ਅਗਿਆਤ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਜਦੋਂ ਕਿ ਪੁਲਿਸ ਨੇ ਮ੍ਰਿਤਕ ਦੀ ਲਾਸ਼ ਦਾ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਕਰਵਾਉਣ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ। ਜਾਂਚ ਅਧਿਕਾਰੀ ਨੇ ਕਿਹਾ ਕਿ ਹਰਿਆਣਾ ਨਾਲ ਲੱਗਦਾ ਹੋਣ ਕਾਰਨ ਇਥੇ ਨਸ਼ਾ ਜ਼ਿਆਦਾ ਹੁੰਦਾ ਹੈ।