Punjab News: ਤਲਵੰਡੀ ਸਾਬੋ ਹਲਕੇ ਤੋਂ ਦੂਜੀ ਵਾਰ ਵਿਧਾਇਕ ਬਣੀ ਪ੍ਰੋ. ਬਲਜਿੰਦਰ ਕੌਰ ਨੂੰ ਕੈਬਨਿਟ ਰੈਂਕ ਮਿਲੇਗਾ। ਪੰਜਾਬ ਕੈਬਨਿਟ ਵੱਲੋਂ ਬਹੁਮਤ ਵਾਲੀ ਪਾਰਟੀ ਦੇ ਚੀਫ਼ ਵ੍ਹਿਪ ਨੂੰ ਕੈਬਨਿਟ ਰੈਂਕ ਦੇਣ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਉਂਝ ਪੰਜਾਬ ਸਰਕਾਰ ਨੂੰ ਇਸ ਉੱਪਰ ਅਲੋਚਨਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ।



ਹਾਸਲ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਸੋਮਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ‘ਦ ਸੈਲਰੀਜ਼ ਐਂਡ ਅਲਾਊਂਸਿਜ਼ ਆਫ਼ ਦਾ ਚੀਫ਼ ਵ੍ਹਿਪ ਇਨ ਪੰਜਾਬ ਲੈਜਿਸਲੇਟਿਵ ਅਸੈਂਬਲੀ ਐਕਟ-2022’ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਨਾਲ ਤਲਵੰਡੀ ਪ੍ਰੋ. ਬਲਜਿੰਦਰ ਕੌਰ ਨੂੰ ਕੈਬਨਿਟ ਰੈਂਕ ਮਿਲਣ ਦਾ ਰਾਹ ਪੱਧਰਾ ਹੋ ਗਿਆ ਹੈ। ਕੈਬਨਿਟ ਨੇ ਹੋਰਨਾਂ ਸੂਬਿਆਂ ਦੀ ਤਰਜ਼ ’ਤੇ ਚੀਫ਼ ਵ੍ਹਿਪ ਨੂੰ ਤਨਖ਼ਾਹ, ਭੱਤੇ ਤੇ ਸਹੂਲਤਾਂ ਦੇਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।




ਵਿੱਤ ਵਿਭਾਗ ਨੇ 7 ਦਸੰਬਰ ਨੂੰ ਸਲਾਹ ਦਿੱਤੀ ਸੀ ਕਿ ਜਦੋਂ ਚੀਫ਼ ਵ੍ਹਿਪ ਦੀ ਤਜਵੀਜ਼ ਵਿੱਚ ਕਿਸੇ ਵਿੱਤੀ ਬੋਝ ਦਾ ਜ਼ਿਕਰ ਹੀ ਨਹੀਂ ਕੀਤਾ ਗਿਆ ਤਾਂ ਵਿਭਾਗ ਇਸ ’ਤੇ ਕੋਈ ਟਿੱਪਣੀ ਕਰਨ ਤੋਂ ਅਸਮਰਥ ਹੈ। ਕਾਨੂੰਨੀ ਮਾਹਿਰ ਨੇ ਵੀ 8 ਦਸੰਬਰ ਨੂੰ ਚਾਰ ਨੁਕਤਿਆਂ ਦੇ ਹਵਾਲੇ ਨਾਲ ਆਪਣੀ ਸਲਾਹ ਸਰਕਾਰ ਨੂੰ ਭੇਜ ਦਿੱਤੀ ਸੀ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ‘ਆਪ’ ਸਰਕਾਰ ਆਉਂਦੇ ਦਿਨਾਂ ਵਿੱਚ ਮੰਤਰੀ ਮੰਡਲ ਵਿੱਚ ਵਾਧਾ ਕਰਨ ਦੇ ਰੌਂਅ ’ਚ ਹੈ ਜਿਸ ਵਿੱਚ ਪ੍ਰੋ. ਬਲਜਿੰਦਰ ਕੌਰ ਨੂੰ ਮੰਤਰੀ ਬਣਾਏ ਜਾਣ ਦੀ ਚਰਚਾ ਵੀ ਹੈ।

ਦੱਸ ਦਈਏ ਕਿ ਪਹਿਲੀ ਕੈਬਿਨਟ ਦਾ ਗਠਨ ਹੋਇਆ ਸੀ ਤਾਂ ਉਦੋਂ ਪ੍ਰੋ. ਬਲਜਿੰਦਰ ਕੌਰ ਨੇ ਮੰਤਰੀ ਵਜੋਂ ਕੈਬਨਿਟ ’ਚ ਸ਼ਾਮਲ ਨਾ ਕੀਤੇ ਜਾਣ ਕਾਰਨ ਨਾਰਾਜ਼ ਵੀ ਹੋ ਗਏ ਸਨ। ਪਿਛਲੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਪ੍ਰੋ. ਬਲਜਿੰਦਰ ਕੌਰ ਨੂੰ ਪਾਰਟੀ ਤਰਫ਼ੋਂ ਚੀਫ਼ ਵ੍ਹਿਪ ਬਣਾਇਆ ਗਿਆ ਸੀ। ਪ੍ਰੋ. ਬਲਜਿੰਦਰ ਕੌਰ ਨੂੰ ਪਿਛਲੇ ਦਿਨਾਂ ਦੌਰਾਨ ਮੰਤਰੀ ਪੱਧਰ ਦੀ ਸਰਕਾਰੀ ਰਿਹਾਇਸ਼ ਅਲਾਟ ਕੀਤੇ ਜਾਣ ਦੇ ਵੀ ਚਰਚੇ ਸਨ। ਹੁਣ ਕੈਬਨਿਟ ਰੈਂਕ ਮਿਲਣ ਮਗਰੋਂ ਚਰਚਾ ਹੈ ਕਿ ਉਨ੍ਹਾਂ ਨੂੰ ਕੈਬਨਿਟ ਵਿੱਚ ਸ਼ਾਮਲ ਨਹੀਂ ਕੀਤਾ ਜਾਏਗਾ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।