ਚੰਡੀਗੜ੍ਹ : ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ 2 ਸਾਲ ਪੁਰਾਣੇ ਇੱਕ ਕੇਸ ਵਿੱਚ AAP ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਕੌਰ ਪਿਛਲੇ ਦੋ ਸਾਲਾਂ ਤੋਂ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੀ ਸੀ। ਇਸ ਤੋਂ ਪਹਿਲਾਂ ਵੀ ਅਦਾਲਤ ਨੇ ਵਿਧਾਇਕਾ ਖਿਲਾਫ ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ ਪਰ ਫਿਰ ਵੀ ਵਿਧਾਇਕਾ ਅਦਾਲਤ 'ਚ ਪੇਸ਼ ਨਹੀਂ ਹੋਏ ਤਾਂ ਹੁਣ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ।
ਦਰਅਸਲ 'ਚ ਸੈਕਟਰ-3 ਥਾਣੇ ਦੀ ਪੁਲੀਸ ਨੇ ਪਿਛਲੇ ਸਾਲ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ।ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਹੋਰ ਆਗੂ ਤੇ ਵਿਧਾਇਕ ਸ਼ਾਮਲ ਹਨ। ਮੁਲਜ਼ਮਾਂ ਖ਼ਿਲਾਫ਼ ਧਾਰਾ 147, 149, 332, 353 ਤਹਿਤ ਕੇਸ ਦਰਜ ਕੀਤਾ ਗਿਆ ਹੈ। ਕਈ ਮੁਲਜ਼ਮ ਪਹਿਲਾਂ ਹੀ ਅਦਾਲਤ ਤੋਂ ਅਗਾਊਂ ਜ਼ਮਾਨਤ ਲੈ ਚੁੱਕੇ ਹਨ, ਜਦੋਂਕਿ ਬਲਜਿੰਦਰ ਕੌਰ ਅਦਾਲਤ ਵਿੱਚ ਅਜੇ ਤੱਕ ਅਦਾਲਤ 'ਚ ਪੇਸ਼ ਨਹੀਂ ਹੋਈ।
ਦੱਸ ਦੇਈਏ ਕਿ ਜਨਵਰੀ 2020 ਵਿੱਚ ਮਹਿੰਗੀ ਬਿਜਲੀ ਦੇ ਮੁੱਦੇ ਨੂੰ ਲੈ ਕੇ 'ਆਪ' ਦੇ ਸੈਂਕੜੇ ਵਰਕਰ ਤੇ ਆਗੂ ਸੜਕਾਂ 'ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਲਈ ਪਹੁੰਚੇ ਹੋਏ ਸਨ। ਇਸ ਦੌਰਾਨ ਆਗੂਆਂ ਦੀ ਪੁਲੀਸ ਨਾਲ ਹੱਥੋਪਾਈ ਵੀ ਹੋਈ ਸੀ। ਇਸ ਹੱਥੋਪਾਈ ਦੌਰਾਨ ਇੰਸਪੈਕਟਰ ਮਲਕੀਤ ਸਿੰਘ, ਕਾਂਸਟੇਬਲ ਵਿਨੀਤ ਕੁਮਾਰ ਅਤੇ ਮਹਿਲਾ ਕਾਂਸਟੇਬਲ ਮਨਪ੍ਰੀਤ ਕੌਰ ਜ਼ਖ਼ਮੀ ਹੋ ਗਏ ਸਨ।
ਜਿਸ ਮਗਰੋਂ ਸੈਕਟਰ-3 ਚੰਡੀਗੜ੍ਹ ਦੀ ਪੁਲੀਸ ਨੇ ਮਨਪ੍ਰੀਤ ਦੀ ਸ਼ਿਕਾਇਤ ’ਤੇ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਚੰਡੀਗੜ੍ਹ ਪੁਲਿਸ ਨੇ ਭਗਵੰਤ ਮਾਨ, ਹਰਪਾਲ ਚੀਮਾ ਅਤੇ ਕਈ ਤਤਕਾਲੀ ਵਿਧਾਇਕਾਂ ਤੇ ਮੌਜੂਦਾ ਮੰਤਰੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਪ੍ਰੋਫੈਸਰ ਬਲਜਿੰਦਰ ਕੌਰ ਤਲਵੰਡੀ ਸਾਬੋਂ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।