Punjab News: ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਪਾਣੀ ਦੇ ਮੁੱਦੇ 'ਤੇ ਭਾਜਪਾ ਵਿਰੁੱਧ ਪ੍ਰਦਰਸ਼ਨ ਕੀਤਾ। ਅੰਮ੍ਰਿਤਸਰ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈਟੀਓ ਦੀ ਅਗਵਾਈ ਹੇਠ 'ਆਪ' ਵਿਧਾਇਕਾਂ ਅਤੇ ਵਰਕਰਾਂ ਨੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਦੇ ਘਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ।
ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਜ਼ਬਰਦਸਤੀ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇ ਰਹੀ ਹੈ। ਕੈਬਨਿਟ ਮੰਤਰੀਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਬੀਬੀਐਮਬੀ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇ ਕੇ ਪੰਜਾਬ ਨਾਲ ਧੋਖਾ ਕੀਤਾ ਹੈ।
ਮੰਤਰੀਆਂ ਨੇ ਕਿਹਾ ਕਿ ਹਰਿਆਣਾ ਨੂੰ ਪਹਿਲਾਂ ਹੀ ਆਪਣਾ ਪਾਣੀ ਮਿਲ ਰਿਹਾ ਹੈ। ਪੰਜਾਬ ਦੇ ਕਿਸਾਨ ਪਾਣੀ ਦੀ ਹਰ ਬੂੰਦ ਲਈ ਤਰਸ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਪੰਜਾਬ ਦੇ ਕਿਸਾਨਾਂ ਤੋਂ ਬਦਲਾ ਲੈ ਰਹੀ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੀ ਇਹ ਕਾਰਵਾਈ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਹੈ।
ਪੰਜਾਬ ਦਾ ਪਾਣੀ ਹਰਿਆਣਾ ਨੂੰ ਨਹੀਂ ਦੇਣਾ ਚਾਹੀਦਾ: ਆਪ ਆਗੂ
ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਭਾਜਪਾ ਆਗੂਆਂ ਨੂੰ ਪੰਜਾਬ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਇਹ ਮਾਮਲਾ ਆਪਣੀ ਉੱਚ ਲੀਡਰਸ਼ਿਪ ਦੇ ਸਾਹਮਣੇ ਰੱਖਣਾ ਚਾਹੀਦਾ ਹੈ ਕਿ ਪੰਜਾਬ ਦਾ ਪਾਣੀ ਹਰਿਆਣਾ ਨੂੰ ਨਹੀਂ ਦੇਣਾ ਚਾਹੀਦਾ।
ਉਨ੍ਹਾਂ ਕਿਹਾ ਕਿ ਭਾਜਪਾ ਦੇ ਪੰਜਾਬ ਦੇ ਆਗੂਆਂ ਨੂੰ ਦੱਸਣਾ ਪਵੇਗਾ ਕਿ ਉਹ ਪੰਜਾਬ ਦੇ ਨਾਲ ਹਨ ਜਾਂ ਨਹੀ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਇੱਕ ਬੂੰਦ ਵੀ ਵਾਧੂ ਨਹੀਂ ਹੈ ਅਤੇ ਭਾਜਪਾ ਹਰਿਆਣਾ ਨੂੰ ਜ਼ਬਰਦਸਤੀ ਪਾਣੀ ਦੇ ਰਹੀ ਹੈ, ਜਿਸ ਕਾਰਨ ਅੱਜ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਜੇਕਰ ਜਲਦੀ ਹੀ ਕੋਈ ਹੱਲ ਨਾ ਨਿਕਲਿਆ ਤਾਂ ਉਹ ਸੜਕਾਂ 'ਤੇ ਆਉਣਗੇ, ਕਾਨੂੰਨੀ ਲੜਾਈ ਲੜਨਗੇ, ਪਰ ਹਰਿਆਣਾ ਨੂੰ ਵਾਧੂ ਪਾਣੀ ਨਹੀਂ ਦੇਣਗੇ।
ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਵਿਚਾਲੇ ਪਾਣੀ ਦੇ ਮੁੱਦੇ ਨੂੰ ਲੈਕੇ ਵਿਵਾਦ ਚੱਲ ਰਿਹਾ ਹੈ, ਦੋਵੇਂ ਸੂਬਿਆਂ ਦੇ ਆਗੂ ਇੱਕ-ਦੂਜੇ 'ਤੇ ਹਮਲਾਵਰ ਹੋ ਰਹੇ ਹਨ। ਮੱਖ ਮੰਤਰੀ ਪੰਜਾਬ ਨੇ ਹਰਿਆਣਾ ਨੂੰ ਪਾਣੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਤਾਂ ਉੱਥੇ ਹੀ ਭਾਜਪਾ ਹਰਿਆਣਾ ਨੂੰ ਜ਼ਬਰਦਸਤੀ ਪਾਣੀ ਦੇ ਰਹੀ ਹੈ, ਜਿਸ ਨੂੰ ਲੈਕੇ ਮਸਲਾ ਹੋਰ ਭੱਖ ਗਿਆ ਹੈ।