ਚੰਡੀਗੜ੍ਹ: ਆਮ ਆਦਮੀ ਪਾਰਟੀ (AAP) ਨੇ ਕਿਸਾਨਾਂ ਵੱਲੋਂ ਗਣਤੰਤਰ ਦਿਵਸ (Republic Day Prade) ਮੌਕੇ 26 ਜਨਵਰੀ ਨੂੰ ਦਿੱਲੀ ’ਚ ਕੀਤੀ ਜਾ ਰਹੀ ਟਰੈਕਟਰ ਪਰੇਡ (Tractor Prade) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ‘ਆਪ’ ਦੇ ਵਲੰਟੀਅਰ ਹਰ ਪਿੰਡ ਵਿੱਚੋਂ ਟਰੈਕਟਰ ਲੈ ਕੇ ਇਸ ਪਰੇਡ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਵਾਲੇ ਜਥੇ ਦੀ ਅਗਵਾਈ ਪਾਰਟੀ ਦੇ ਵਿਧਾਇਕਾਂ ਵੱਲੋਂ ਕੀਤੀ ਜਾਵੇਗੀ।


ਉਨ੍ਹਾਂ ਕਿਹਾ ਕਿ ਇਸ ਅੰਦੋਲਨ ਵਿੱਚ ਆਮ ਆਦਮੀ ਪਾਰਟੀ ਕਿਸੇ ਰਾਜਨੀਤਕ ਧਿਰ ਵਜੋਂ ਨਹੀਂ, ਸਗੋਂ ਪਾਰਟੀ ਦੇ ਵਾਲੰਟੀਅਰ ਇੱਕ ਕਿਸਾਨ, ਕਿਰਤੀ ਹੋਣ ਦੇ ਨਾਤੇ ਇਸ ’ਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ‘ਆਪ’ ਇੱਕ ਆਮ ਵਿਅਕਤੀਆਂ ਦੀ ਪਾਰਟੀ ਹੈ, ਜੋ ਜ਼ਿਆਦਾਤਰ ਕਿਸਾਨ ਤੇ ਕਿਰਤੀ ਹਨ। ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਵੱਲੋਂ ਆਪਣੀ ਹੋਂਦ ਨੂੰ ਬਚਾਉਣ ਲਈ ਲੜਿਆ ਜਾ ਰਿਹਾ ਸ਼ਾਂਤਮਈ ਅੰਦੋਲਨ ਵਿਸ਼ਵ ਦਾ ਸਭ ਤੋਂ ਵੱਡਾ ਅੰਦੋਲਨ ਬਣ ਚੁੱਕਿਆ ਹੈ, ਜਿਸ ’ਚ ਐਨੀ ਵੱਡੀ ਗਿਣਤੀ ਲੋਕ ਸ਼ਾਮਲ ਹੋਣ ਤੇ ਇਕ ਯੋਜਨਾਬੱਧ ਤਰੀਕੇ ਨਾਲ ਸ਼ਾਂਤਮਈ ਹੁੰਦਾ ਲੰਬਾ ਚੱਲਿਆ ਹੋਵੇ।

ਇਹ ਵੀ ਪੜ੍ਹੋਆਮ ਆਦਮੀ ਪਾਰਟੀ ਚਾਹੁੰਦੀ ਚੋਣਾਂ 'ਚ ਪੈਰਾ ਮਿਲਟਰੀ ਫੋਰਸ ਦੀ ਤਾਇਨਾਤੀ

ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਨਹੀਂ ਹੈ, ਸਗੋਂ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਦੀ ਵੀ ਲੜਾਈ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਟਰੈਕਟਰ ਮਾਰਚ ਕੱਢਣ ਦਾ ਕਿਸਾਨਾਂ ਦਾ ਸੰਵਿਧਾਨਕ ਹੱਕ ਹੈ, ਜਿਸ ਨੂੰ ਸਰਕਾਰ ਖੋਹਣ ਦਾ ਯਤਨ ਕਰ ਰਹੀ ਹੈ। ਉਨਾਂ ਕਿਹਾ ਕਿ ਜਿਸ ਤਰਾਂ ਕੇਂਦਰ ਦੀ ਮੋਦੀ ਸਰਕਾਰ ਪਿਛਲੇ ਲੰਬੇ ਸਮੇਂ ਤੋਂ ਸੰਵਿਧਾਨਕ ਹੱਕਾਂ ਉੱਤੇ ਡਾਕੇ ਮਾਰਦੀ ਹੋਈ ਸੰਵਿਧਾਨ ਦੇ ਵਿਰੁੱਧ ਕੰਮ ਕਰ ਰਹੀ ਹੈ, ਉਹ ਦੇਸ਼ ਦੇ ਲਈ ਬਹੁਤ ਖਤਰਨਾਕ ਹੈ।

ਉਨ੍ਹਾਂ ਕਿਹਾ ਕਿ ਆਪਣੀ ਹਿਟਲਰਸ਼ਾਹੀ ਉੱਤੇ ਹੀ ਚਲਦਿਆਂ ਮੋਦੀ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਕੁਚਲਣ ਲਈ ਤਰਾਂ ਤਰਾਂ ਦੀਆਂ ਚਾਲਾਂ ਚੱਲ ਰਹੀ ਹੈ। ਉਨਾਂ ਕਿਹਾ ਕਿ ਮੋਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਦੇਸ਼ ਦੀ ਜਨਤਕ ਸਪੰਤੀ ਪਹਿਲਾਂ ਕਾਰਪੋਰੇਟ ਘਰਾਣਿਆਂ ਨੂੰ ਵੇਚ ਦਿੱਤੀ, ਹੁਣ ਲੋਕਾਂ ਦੀਆਂ ਜ਼ਮੀਨਾਂ ਖੋਹਣ ਦੇ ਲਈ ਕਾਲੇ ਕਾਨੂੰਨ ਲਿਆ ਕੇ ਮੁੱਠੀ ਭਰ ਲੋਕਾਂ ਦੇ ਗੁਲਾਮ ਬਣਾਉਣ ਦੀਆਂ ਚਾਲਾਂ ਚੱਲ ਰਹੇ ਹਨ। ਉਨਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਲੋਕਤੰਤਰਿਕ ਢੰਗ ਨਾਲ ਚੁਣੀ ਗਈ ਸਰਕਾਰ ਲੋਕਾਂ ਦੀ ਗੱਲ ਸੁਣਨ ਦੀ ਬਜਾਏ ਅਡਾਨੀ-ਅੰਬਾਨੀ ਦੇ ਲਈ ਕੰਮ ਕਰ ਰਹੀ ਹੈ।

ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਵੱਲੋਂ ਖੇਤੀ ਬਾਰੇ ਲਿਆਂਦੇ ਗਏ ਕਾਲੇ ਕਾਨੂੰਨਾਂ ਦਾ ਪਹਿਲੇ ਦਿਨ ਤੋਂ ਵਿਰੋਧ ਕਰਦੀ ਆ ਰਹੀ ਹੈ। ਉਨਾਂ ਕਿਹਾ ਕਿ ਰਾਜਨੀਤੀ ਪਾਰਟੀ ਤੋਂ ਉਪਰ ਉਠਕੇ ਦੇਸ਼ ਦੇ ਅੰਨਦਾਤਾ ਦੇ ਸੰਘਰਸ਼ ਵਿੱਚ ਸਮਰਥਨ ਕਰਨਾ ਸਾਡਾ ਮੁੱਢਲਾ ਫਰਜ ਬਣਦਾ ਹੈ, ਜਿਸ ਨੂੰ ਅਸੀਂ ਨਿਭਾਉਣ ਦੇ ਲਈ ਹਰ ਸੰਭਵ ਯਤਨ ਕਰਦੇ ਹੋਏ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਡਟੇ ਹੋਏ ਹਾਂ। ਉਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅੜੀਅਲ ਰਵੱਈਆ ਛੱਡਕੇ ਤੁਰੰਤ ਕਿਸਾਨਾਂ ਦੀ ਮੰਗ ਮੰਨਦੇ ਹੋਏ ਤਿੰਨੇ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ।

ਇਹ ਵੀ ਪੜ੍ਹੋਕਿਸਾਨ ਅੰਦੋਲਨ 'ਚ ਨਵਾਂ ਮੋੜ, ਹੁਣ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਾਉਣ ਦਾ ਐਲਾਨ, ਅੰਨਾ ਹਜ਼ਾਰੇ 30 ਜਨਵਰੀ ਤੋਂ ਰੱਖਣਗੇ ਮਰਨ ਵਰਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904