ਸ਼ੰਕਰ ਦਾਸ ਦੀ ਰਿਪੋਰਟ


ਚੰਡੀਗੜ੍ਹ: ਚੰਡੀਗੜ੍ਹ ਤੋਂ ਸ਼ੁਰੂ ਹੋਇਆ ਪੰਜਾਬ-ਹਰਿਆਣਾ ਵਿਵਾਦ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਤੱਕ ਪਹੁੰਚ ਗਿਆ ਹੈ। 'ਆਪ' ਸੰਸਦ ਮੈਂਬਰ ਸੁਸ਼ੀਲ ਗੁਪਤਾ ਨੇ ਸਰਕਾਰ ਬਣਨ 'ਤੇ ਹਰਿਆਣਾ ਦੇ ਖੇਤਾਂ ਨੂੰ SYL ਦਾ ਪਾਣੀ ਸਪਲਾਈ ਕਰਨ ਦਾ ਬਿਆਨ ਦਿੱਤਾ ਹੈ। ਇਸ ਤੋਂ ਬਾਅਦ ਪੰਜਾਬ 'ਚ ਸਿਆਸੀ ਘਮਾਸਾਨ ਮੱਚ ਗਿਆ। ਹਰਿਆਣਾ ਸਰਕਾਰ ਦੇ ਇਸ ਮਾਮਲੇ 'ਚ ਸੁਪਰੀਮ ਕੋਰਟ 'ਚ ਪੰਜਾਬ ਖਿਲਾਫ ਮਾਣਹਾਨੀ ਪਟੀਸ਼ਨ ਦੀ ਤਿਆਰੀ ਤੋਂ ਬਾਅਦ ਮਾਮਲਾ ਗਰਮਾ ਗਿਆ ਹੈ। ਹਾਲਾਂਕਿ ਸੀਐਮ ਮਾਨ ਜਾਂ ਉਨ੍ਹਾਂ ਦੀ ਸਰਕਾਰ ਦੇ ਮੰਤਰੀਆਂ ਨੇ ਇਸ ਬਾਰੇ ਚੁੱਪ ਧਾਰੀ ਹੋਈ ਹੈ।

ਪੰਜਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੂੰ ਕਾਂਗਰਸ, ਅਕਾਲੀ ਦਲ ਤੇ ਭਾਜਪਾ ਨੇ ਘੇਰਿਆ ਹੈ। ਕਾਂਗਰਸੀ ਆਗੂ ਨਵਜੋਤ ਸਿੱਧੂ ਨੇ ਤਾਂ ਇੱਥੋਂ ਤੱਕ ਸਵਾਲ ਕਰ ਦਿੱਤਾ ਕਿ ਐਸਵਾਈਐਲ ਦੇ ਮੁੱਦੇ 'ਤੇ ਬਿਆਨ ਦੇਣ ਵਾਲਾ ਇਹ 'ਆਪ' ਆਗੂ ਸੁਸ਼ੀਲ ਗੁਪਤਾ ਕੌਣ ਹੈ? ਉਸ ਕੋਲ ਕੀ ਅਧਿਕਾਰ ਹੈ? ਸੀਐਮ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੂੰ ਇਸ ਮਾਮਲੇ ਵਿੱਚ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਕੀ ਉਹ ਸੁਸ਼ੀਲ ਗੁਪਤਾ ਦੇ ਬਿਆਨ ਨਾਲ ਸਹਿਮਤ ਹਨ?

ਉਧਰ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ‘ਆਪ’ ਦੇ ਰਾਜ ਸਭਾ ਮੈਂਬਰ ਨੇ ਹਰਿਆਣਾ ਨੂੰ ਐਸਵਾਈਐਲ ਨਹਿਰ ਰਾਹੀਂ ਪੰਜਾਬ ਦਾ ਪਾਣੀ ਸਪਲਾਈ ਕਰਨ ਦੀ ਗਾਰੰਟੀ ਦਿੱਤੀ ਹੈ। ਇਸ ਨਾਲ ਆਮ ਆਦਮੀ ਪਾਰਟੀ ਤੇ ਇਸ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਸਲੀ ਚਿਹਰਾ ਨੰਗਾ ਹੋ ਗਿਆ ਹੈ। ਸੀਐਮ ਭਗਵੰਤ ਮਾਨ ਨੂੰ ਇਸ 'ਤੇ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੈਂ ਸੀਐਮ ਭਗਵੰਤ ਮਾਨ ਨੂੰ ਪਹਿਲਾਂ ਹੀ ਚੇਤਾਵਨੀ ਦਿੱਤੀ ਸੀ ਕਿ ਦੁਸ਼ਮਣ ਦਰਵਾਜ਼ੇ 'ਤੇ ਹੈ। ਐਸਵਾਈਐਲ ਦਾ ਮੁੱਦਾ ਪੰਜਾਬ ਦੇ ਗਲੇ ਦੀ ਫਾਹ ਬਣਨ ਵਾਲਾ ਹੈ। 'ਆਪ' ਸੰਸਦ ਮੈਂਬਰ ਸੁਸ਼ੀਲ ਗੁਪਤਾ ਨੇ ਕਿਹਾ ਕਿ ਉਹ ਹਰਿਆਣਾ ਨੂੰ ਪਾਣੀ ਦੇਣਗੇ। ਪੰਜਾਬ ਦੇ 'ਆਪ' ਤੇ ਇਸ ਦੇ ਸੰਸਦ ਮੈਂਬਰ ਕਿਉਂ ਚੁੱਪ ਹਨ?

ਇਸ ਬਾਰੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਹਰਿਆਣਾ 'ਆਪ' ਦੇ ਇੰਚਾਰਜ ਸੁਸ਼ੀਲ ਗੁਪਤਾ ਦੇ ਐਸਵਾਈਐਲ 'ਤੇ ਦਿੱਤੇ ਬਿਆਨ ਤੋਂ ਸਪੱਸ਼ਟ ਹੈ ਕਿ 'ਆਪ' ਤੇ ਭਾਜਪਾ ਵਿਚਾਲੇ ਫਿਕਸ ਮੈਚ ਹੈ। ਰਾਜ ਸਭਾ 'ਚ ਪੰਜਾਬ ਤੋਂ ਚੁਣੇ ਗਏ ਸੰਸਦ ਮੈਂਬਰ ਇਸ ਮੁੱਦੇ 'ਤੇ ਚੁੱਪ ਕਿਉਂ ਹਨ? ਉਨ੍ਹਾਂ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।

ਉਧਰ, ਭਾਜਪਾ ਦੇ ਸੂਬਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਨੂੰ ਐਸਵਾਈਐਲ ਮੁੱਦੇ 'ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਪਾਰਟੀ ਆਗੂਆਂ ਨੇ ਅਜਿਹੇ ਬਿਆਨ ਦੇਣ ਤੋਂ ਪਹਿਲਾਂ ਉਨ੍ਹਾਂ ਨੂੰ ਭਰੋਸੇ ਵਿੱਚ ਲਿਆ ਸੀ।