ਪਟਿਆਲਾ: ਆਮ ਤੌਰ 'ਤੇ ਹਰ ਮਸਲੇ ਵਿੱਚ ਵਿਰੋਧੀਆਂ ਨੂੰ ਘੇਰਨ ਵਾਲੀ ਆਮ ਆਦਮੀ ਪਾਰਟੀ ਧਾਰਮਿਕ ਮਸਲੇ 'ਤੇ ਕਸੂਤੀ ਘਿਰ ਗਈ ਹੈ। ਮਲੇਰਕੋਟਲਾ ਵਿੱਚ ਕੁਰਾਨ ਸ਼ਰੀਫ ਦੀ ਬੇਅਦਬੀ ਵਿੱਚ 'ਆਪ' ਵਿਧਾਇਕ ਨਰੇਸ਼ ਯਾਦਵ ਦੇ ਲਪੇਟੇ ਜਾਣ ਤੇ ਮੈਨੀਫੈਸਟੋ ਦੀ ਤੁਲਣਾ ਧਾਰਮਿਕ ਗ੍ਰੰਥਾਂ ਨਾਲ ਕਰਨ ਦੇ ਮਾਮਲੇ 'ਤੇ ਅਕਾਲੀ ਦਲ ਤੇ ਕਾਂਗਰਸ ਨੇ ਆਮ ਆਦਮੀ ਪਾਰਟੀ ਨੂੰ ਬੁਰੀ ਤਰ੍ਹਾਂ ਘੇਰਿਆ ਹੈ।


 

ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਤਾਂ ਬਰਗਾੜੀ ਕਾਂਡ ਵਿੱਚ ਵੀ ਆਮ ਆਦਮੀ ਪਾਰਟੀ ਦੀ ਸ਼ਮੂਲੀਅਤ ਬਾਰੇ ਸ਼ੱਕ ਜਤਾਇਆ ਹੈ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਆਪ ਵਿਧਾਇਕ ਨਰੇਸ਼ ਯਾਦਵ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦਾ ਮੁੱਖ ਮੁਲਜ਼ਮ ਖੁਦ ਕਹਿ ਰਿਹਾ ਹੈ ਕਿ ਯਾਦਵ ਵੀ ਮਾਮਲੇ ਵਿੱਚ ਸ਼ਾਮਲ ਹੈ। ਇਸ ਲਈ ਉਸ ਦੀ ਤੁਰੰਤ ਗ੍ਰਿਫਤਾਰੀ ਹੋਣੀ ਚਾਹੀਦੀ ਹੈ।

 

 

ਇਸ ਬਾਰੇ ਚੰਦੂਮਾਜਰਾ ਨੇ ਆਖਿਆ ਹੈ ਕਿ ਮਲੇਰਕੋਟਲਾ ਧਾਰਮਿਕ ਗ੍ਰੰਥ ਬੇਅਦਬੀ ਮਾਮਲੇ ਵਿੱਚ ਆਮ ਆਦਮੀ ਪਾਰਟੀ ਦਿੱਲੀ ਦੇ ਵਿਧਾਇਕ ਨਰੇਸ਼ ਯਾਦਵ ਦਾ ਨਾਮ ਆਉਣਾ ਮੰਦਭਾਗੀ ਗੱਲ ਹੈ। ਇਸ ਮਾਮਲੇ ਦੀ ਪੂਰੀ ਡੁੰਘਾਈ ਨਾਲ ਜਾਂਚ ਚੱਲ ਰਹੀ ਹੈ। ਉਨ੍ਹਾਂ ਇਹ ਵੀ ਆਖਿਆ ਕਿ ਹੋ ਸਕਦਾ ਹੈ ਕਿ ਬਰਗਾੜੀ ਕਾਂਡ ਵਿੱਚ ਵੀ ਆਪ ਦਾ ਹੀ ਹੱਥ ਹੋਵੇ।

 

 

ਚੋਣ ਮੈਨੀਫੈਸਟੋ ਨੂੰ ਗੁਰੂ ਗ੍ਰੰਥ ਸਾਹਿਬ ਦੇ ਬਰਾਬਰ ਦੱਸਣ 'ਤੇ ਘੇਰਦਿਆਂ ਚੰਦੂਮਾਜਰਾ ਨੇ ਆਖਿਆ ਕਿ ਇਸ ਤਰ੍ਹਾਂ ਕਰਕੇ ਆਪ ਨੇ ਕੋਰੜਾਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਤੋਂ ਸਾਬਤ ਹੋ ਜਾਂਦਾ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ ਗੁਰੂ ਗ੍ਰੰਥ ਸਾਹਿਬ ਤੇ ਪੰਜਾਬ ਦੇ ਸੱਭਿਆਚਾਰ ਬਾਰੇ ਨਹੀਂ ਜਾਣਦੇ। ਅਕਾਲੀ ਦਲ ਦੇ ਸੀਨੀਅਰ ਲੀਡਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਇਸ ਲਈ ਅਰਵਿੰਦ ਕੇਜਰੀਵਾਲ ਨੂੰ ਖੁਦ ਮਾਫੀ ਮੰਗਣੀ ਚਾਹੀਦੀ ਹੈ।