Punjab News: ਭੌਂ ਮਾਲੀਆ ਸੈੱਸ ਲਾਏ ਜਾਣ ਤੋਂ ਬਾਅਦ ਪੰਜਾਬ ਤੇ ਹਿਮਾਚਲ ਪ੍ਰਦੇਸ਼ ਵਿਚਾਲੇ ਸਿਆਸੀ ਕਲੇਸ਼ ਛਿੜ ਗਿਆ ਹੈ। ਆਮ ਆਦਮੀ ਪਾਰਟੀ ਨੇ ਜਿੱਥੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ, ਉੱਥੇ ਪੰਜਾਬ ਕਾਂਗਰਸ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ।

Continues below advertisement

ਇਸ ਬਾਰੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਜੇ ਹਿਮਾਚਲ ਨੇ ਪੰਜਾਬ ’ਤੇ ਕੋਈ ਬੋਝ ਪਾਇਆ ਤਾਂ ਸਰਕਾਰ ਅਦਾਲਤ ਦਾ ਰੁਖ਼ ਕਰੇਗੀ, ਹਿਮਾਚਲ ਸਰਕਾਰ ਨੇ ਕਿਸੇ ਹਿੱਸੇਦਾਰ ਸੂਬਿਆਂ ਨਾਲ ਮਸ਼ਵਰਾ ਕੀਤੇ ਬਿਨਾਂ ਭੌਂ ਮਾਲੀਆ ਸੈੱਸ ਲਾਉਣ ਦਾ ਫ਼ੈਸਲਾ ਕੀਤਾ ਹੈ, ਜੋ ਪੂਰੀ ਤਰ੍ਹਾਂ ਗ਼ੈਰ-ਵਾਜਬ ਹੈ।

Continues below advertisement

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਕੋਲ ਆਪਣਾ ਇਤਰਾਜ਼ ਦਰਜ ਕਰਾ ਦਿੱਤਾ ਹੈ ਪਰ ਬੀਬੀਐਮਬੀ ਔਖੀ ਘੜੀ ’ਚ ਪੰਜਾਬ ਨਾਲ ਕਦੇ ਨਹੀਂ ਖੜ੍ਹੀ। ਭੌਂ ਮਾਲੀਆ ਸੈੱਸ ਦੇ ਸਮੁੱਚੇ ਫ਼ੈਸਲੇ ਨੂੰ ਪੰਜਾਬ ਸਰਕਾਰ ਘੋਖ ਰਹੀ ਹੈ। ਕਾਂਗਰਸ ਹਮੇਸ਼ਾ ਪੰਜਾਬ ਨਾਲ ਧੱਕਾ ਕਰਦੀ ਆਈ ਹੈ ਤੇ ਹੁਣ ਪੰਜਾਬ ਕਾਂਗਰਸ ਨੂੰ ਹਿਮਾਚਲ ਸਰਕਾਰ ਦੇ ਇਸ ਫੈਸਲੇ ’ਤੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਕੇਂਦਰ ’ਤੇ ਵੀ ਪੰਜਾਬ ਨਾਲ ਧੱਕਾ ਕਰਨ ਦੇ ਦੋਸ਼ ਲਾਏ।

ਦੱਸ ਦਈਏ ਕਿ ਹਿਮਾਚਲ ਸਰਕਾਰ ਨੇ ਲੰਘੇ ਸਾਲ 12 ਦਸੰਬਰ ਨੂੰ ਗਜ਼ਟ ਨੋਟੀਫ਼ਿਕੇਸ਼ਨ ਜਾਰੀ ਕਰਕੇ ਹਾਈਡਰੋ ਪ੍ਰੋਜੈਕਟਾਂ ’ਤੇ ‘ਭੌਂ ਮਾਲੀਆ ਸੈੱਸ’ ਲਗਾ ਦਿੱਤਾ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਇਸ ਸੈੱਸ ਵਜੋਂ ਸਲਾਨਾ ਕਰੀਬ 433 ਕਰੋੜ ਰੁਪਏ ਤਾਰਨੇ ਪੈਣਗੇ। ਹਿਮਾਚਲ ਦੇ ‘ਭੌਂ ਮਾਲੀਆ ਸੈੱਸ’ ਦਾ ਕਰੀਬ 200 ਕਰੋੜ ਦਾ ਵਿੱਤੀ ਬੋਝ ਇਕੱਲੇ ਪੰਜਾਬ ’ਤੇ ਪਵੇਗਾ ਜਦੋਂ ਕਿ ਹਰਿਆਣਾ ਤੇ ਰਾਜਸਥਾਨ ਵੀ ਇਸ ਤੋਂ ਪ੍ਰਭਾਵਿਤ ਹੋਣਗੇ।

ਇਸ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਸਰਕਾਰ ਨੇ ‘ਜਲ ਸੈੱਸ’ ਲਗਾ ਦਿੱਤਾ ਸੀ ਜਿਸ ਦਾ 400 ਕਰੋੜ ਦਾ ਵਿੱਤੀ ਭਾਰ ਪੰਜਾਬ ’ਤੇ ਪੈਣਾ ਸੀ ਪਰ ਹਿਮਾਚਲ ਪ੍ਰਦੇਸ਼ ਦੀ ਹਾਈ ਕੋਰਟ ਨੇ ਇਸ ਜਲ ਸੈੱਸ ਨੂੰ ਗੈਰ ਸੰਵਿਧਾਨਿਕ ਕਰਾਰ ਦੇ ਦਿੱਤਾ ਸੀ।

ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਦੇ ਮਾਲ ਮੰਤਰੀ ਜਗਤ ਸਿੰਘ ਨੇਗੀ ਨੇ ਕਿਹਾ ਕਿ ਹਿਮਾਚਲ ਨੂੰ ਆਪਣੀ ਜ਼ਮੀਨ ’ਤੇ ਭੌਂ ਮਾਲੀਆ ਵਸੂਲਣ ਦਾ ਪੂਰਾ ਅਧਿਕਾਰ ਹੈ ਤੇ ਪੰਜਾਬ ਦਾ ਵਿਰੋਧ ਬੇਤੁਕਾ ਹੈ। ਹਿਮਾਚਲ ਦੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਨਰੇਸ਼ ਚੌਹਾਨ ਨੇ ਵੀ ਸਪੱਸ਼ਟ ਕੀਤਾ ਕਿ ਭੌਂ ਮਾਲੀਆ ਸੈੱਸ ਪ੍ਰਾਈਵੇਟ ਅਤੇ ਕੇਂਦਰ ਦੇ ਹਾਈਡਰੋ ਪ੍ਰਾਜੈਕਟਾਂ ’ਤੇ ਵੀ ਲੱਗਣਾ ਹੈ, ਕਿਸੇ ’ਤੇ ਬੋਝ ਪਾਉਣਾ ਮਕਸਦ ਨਹੀਂ ਹੈ।