Bathinda News : ਵਿਜੀਲੈਂਸ ਨੇ ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਪੀ.ਏ. ਰੇਸ਼ਮ ਗਰਗ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮਹਿਲਾ ਸਰਪੰਚ ਦੇ ਪਤੀ ਤੋਂ ਕਥਿਤ ਤੌਰ 'ਤੇ 4 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਵਿਜੀਲੈਂਸ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਪੀ.ਏ. ਰੇਸ਼ਮ ਗਰਗ ਨੂੰ ਹਿਰਾਸਤ 'ਚ ਲਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਪੀ.ਏ. ਰੇਸ਼ਮ ਗਰਗ ਨੇ ਪਿੰਡ ਗੁੱਡਾ ਦੇ ਸਰਪੰਚ ਤੋਂ ਬਿੱਲ ਪਾਸ ਕਰਵਾਉਣ ਦੇ ਬਦਲੇ 4 ਲੱਖ ਰੁਪਏ ਰਿਸ਼ਵਤ ਲੈਣ ਦੀ ਮੰਗ ਕੀਤੀ ਸੀ। ਬਲਾਕ ਵਿਕਾਸ ਪੰਚਾਇਤ ਅਫਸਰ ਇਹ ਰਾਸ਼ੀ ਜਾਰੀ ਕਰਦਾ ਸੀ ਪਰ ਵਿਧਾਇਕ ਦੇ ਕਥਿਤ ਦਬਾਅ ਕਾਰਨ ਉਹ ਰਾਸ਼ੀ ਨਹੀਂ ਦੇ ਰਿਹਾ। ਜਿਸ ਤੋਂ ਬਾਅਦ ਵਿਜੀਲੈਂਸ ਟੀਮ ਨੇ ਸਰਪੰਚ ਦੀ ਸ਼ਿਕਾਇਤ 'ਤੇ ਟਰੈਪ ਲਗਾ ਕੇ ਉਸਨੂੰ ਕਾਬੂ ਕਰ ਲਿਆ ਹੈ।
ਦੱਸਿਆ ਜਾਂਦਾ ਹੈ ਕਿ ਵਿਧਾਇਕ ਦੇ ਪੀ.ਏ. ਰੇਸ਼ਮ ਗਰਗ ਨੇ ਰਿਸ਼ਵਤ ਦੀ ਰਕਮ ਲੈ ਕੇ ਕਾਰ 'ਚ ਰੱਖੀ ਸੀ। ਉਸ ਸਮੇਂ ਵਿਧਾਇਕ ਕੋਟਫੱਤਾ ਕਾਰ ਤੋਂ ਹੇਠਾਂ ਉਤਰ ਕੇ ਕੁਝ ਲੋਕਾਂ ਨਾਲ ਗੱਲਬਾਤ ਕਰ ਰਹੇ ਸਨ। ਵਿਜੀਲੈਂਸ ਨੇ ਇਹ ਕਾਰਵਾਈ ਡੀਐਸਪੀ ਸੰਦੀਪ ਸਿੰਘ ਦੀ ਅਗਵਾਈ ਵਿੱਚ ਕੀਤੀ। ਪੀਏ ਰੇਸ਼ਮ ਸਿੰਘ ਨੇ ਵੀ ਗ੍ਰਿਫਤਾਰੀ ਦੌਰਾਨ ਭੱਜਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਸ ਦੌਰਾਨ ਉਕਤ ਮਹਿਲਾ ਸਰਪੰਚ ਦੇ ਪਤੀ ਨੇ ਦੋਸ਼ ਲਗਾਏ ਹਨ ਕਿ ਬਠਿੰਡਾ ਦਿਹਾਤੀ ਤੋਂ ਆਪ ਵਿਧਾਇਕ ਅਮਿਤ ਰਤਨ ਦੇ ਪੀ.ਏ. ਖਿਲਾਫ਼ ਉਨ੍ਹਾਂ ਨੇ ਵਿਜੀਲੈਂਸ ਦੇ ਉੱਚ ਅਧਿਕਾਰੀਆਂ ਨੂੰ ਸ਼ਕਾਇਤ ਕੀਤੀ ਸੀ, ਜਿਸ ਮਗਰੋਂ ਵਿਜੀਲੈਂਸ ਨੇ ਕਾਰਵਾਈ ਕਰਦਿਆਂ ਹੋਇਆ ਵਿਧਾਇਕ ਦੇ ਪੀਏ ਨੂੰ ਹਿਰਾਸਤ ਵਿਚ ਲੈ ਲਿਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।