ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਬੇਮੌਸਮੀ ਮੀਂਹ ਅਤੇ ਗੜੇਮਾਰੀ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਲਈ ਤੁਰੰਤ ਵਿਸ਼ੇਸ਼ ਗਿਰਦਾਵਰੀ ਮੰਗੀ ਹੈ। ਚੀਮਾ ਨੇ ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਡੀਓ ਲੈਟਰ ਵੀ ਲਿਖਿਆ ਹੈ।


'ਆਪ' ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਹੋ ਰਹੀ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਸੰਗਰੂਰ ਜ਼ਿਲ੍ਹੇ ਦੇ ਦਿੜ੍ਹਬਾ ਅਤੇ ਲਹਿਰਾਗਾਗਾ ਹਲਕਿਆਂ ਦੇ ਕਾਫ਼ੀ ਪਿੰਡਾਂ ਸਮੇਤ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਚੀਮਾ ਨੇ ਕਿਹਾ ਕਿ ਪਹਿਲਾਂ ਹੀ ਖੇਤੀ ਸੰਕਟ ਦਾ ਸ਼ਿਕਾਰ ਕਿਸਾਨ ਕਰਜ਼ਿਆਂ ਕਾਰਨ ਖੁਦਕੁਸ਼ੀਆਂ ਤੱਕ ਕਰਨ ਲਈ ਮਜਬੂਰ ਹੋਇਆ ਪਿਆ ਹੈ। ਇਸ ਲਈ ਅਜਿਹੀ ਕੁਦਰਤੀ ਆਫ਼ਤ ਕਾਰਨ ਹੋਏ ਨੁਕਸਾਨ ਦੀ 100 ਪ੍ਰਤੀਸ਼ਤ ਪੂਰਤੀ ਲਈ ਸਰਕਾਰ ਬਣਦਾ ਮੁਆਵਜ਼ਾ ਦੇਵੇ। ਜਿਸ ਲਈ ਤੁਰੰਤ ਗਿਰਦਾਵਰੀ ਲੋੜੀਂਦੀ ਹੈ।