ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉੱਪਰ ਗੰਭੀਰ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਹੈ ਕਿ ਬਾਦਲ ਪਰਿਵਾਰ ਨੇ ਟਰਾਂਸਪੋਰਟ, ਡਰੱਗ, ਕੇਬਲ ਤੇ ਖਣਨ ਮਾਫੀਆ ਨੂੰ ਸਰਪ੍ਰਸਤੀ ਦਿੱਤੀ ਤੇ ਅਕਾਲੀਆਂ ਦੀਆਂ ਨਾਪਾਕ ਨੀਤੀਆਂ ਕਾਰਨ ਹੀ ਅੱਜ ਪੰਜਾਬ ਭਾਰੀ ਕਰਜ਼ੇ ਦੇ ਬੋਝ ਹੇਠ ਡੁੱਬਿਆ ਹੋਇਆ ਹੈ।

ਦਰਅਸਲ ਆਮ ਆਦਮੀ ਪਾਰਟੀ ਦੇ ਇਹ ਪ੍ਰਤੀਕਰਮ ਸੁਖਬੀਰ ਬਾਦਲ ਵੱਲੋਂ ਸ਼ਰਾਬ ਨੀਤੀ ਵਿੱਚ ਬੇਨਿਯਮੀਆਂ ਦੇ ਦੋਸ਼ ਲਾਉਣ ਮਗਰੋਂ ਆਇਆ ਹੈ। ਮਲਵਿੰਦਰ ਕੰਗ ਨੇ ਸੁਖਬੀਰ ਬਾਦਲ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਬਾਦਲ ਪਰਿਵਾਰ ਨੇ ਦਹਾਕਿਆਂ ਤੋਂ ਪੰਜਾਬ ਨੂੰ ਲੁੱਟਿਆ ਹੈ, ਜਿਸ ਕਰਕੇ ਪੰਜਾਬ ਦੇ ਲੋਕਾਂ ਨੇ ਵੀ ਇਨ੍ਹਾਂ ਨੂੰ ਨਕਾਰ ਦਿੱਤਾ ਹੈ।

ਦੱਸ ਦਈਏ ਕਿ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਦੀ ਆਬਕਾਰੀ ਨੀਤੀ ਨੂੰ ਦਿੱਲੀ ਦੀ ਆਬਕਾਰੀ ਨੀਤੀ ਦੀ ਹੂ-ਬ-ਹੂ ਕਾਪੀ ਕਰਾਰ ਦਿੰਦਿਆਂ ਇਸ ਦੀ ਸੀਬੀਆਈ ਜਾਂਚ ਮੰਗੀ ਹੈ। ਉਨ੍ਹਾਂ ‘ਆਪ’ ਸਰਕਾਰ ’ਤੇ 500 ਕਰੋੜ ਰੁਪਏ ਦਾ ਭ੍ਰਿਸ਼ਟਾਚਾਰ ਕਰਨ ਦੇ ਦੋਸ਼ ਵੀ ਲਾਏ ਹਨ। ਇਸ ਮਗਰੋਂ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਲੀਡਰ ਆਹਮੋ-ਸਾਹਮਣੇ ਹੋ ਗਏ ਹਨ।

ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਇਹ ਸਭ ਕਰਨ ਵਾਲੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸੰਸਦ ਮੈਂਬਰ ਰਾਘਵ ਚੱਢਾ ਤੇ ਪੰਜਾਬ ਦੇ ਅਧਿਕਾਰੀ ਹਨ। ਉਨ੍ਹਾਂ ਕਿਹਾ ਕਿ ‘ਆਪ’ ਨੇ ਪੰਜਾਬ ਦੀ ਆਬਕਾਰੀ ਨੀਤੀ ਤਿਆਰ ਕਰਦਿਆਂ ਦਿੱਲੀ ਮਾਡਲ ਅਪਣਾਇਆ ਹੈ। ਦਿੱਲੀ ਵਾਂਗ ਪੰਜਾਬ ਵਿੱਚ ਵੀ ਸ਼ਰਾਬ ਦਾ ਤਕਰੀਬਨ ਸਾਰਾ ਕਾਰੋਬਾਰ ਦੋ ਕੰਪਨੀਆਂ ਨੂੰ ਦੇ ਦਿੱਤਾ ਗਿਆ ਹੈ ਤਾਂ ਜੋ ਉਨ੍ਹਾਂ ਕੋਲੋਂ ਰਿਸ਼ਵਤ ਲਈ ਜਾਵੇ। ਦੋਹਾਂ ਕੰਪਨੀਆਂ ਦਾ ਮੁਨਾਫਾ ਦੁੱਗਣਾ ਕਰ ਦਿੱਤਾ ਗਿਆ।

ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦਿੱਲੀ ਮੁਤਾਬਕ ਹੀ ਨੀਤੀ ਬਣਾਈ। ਇਸ ਵਿੱਚ ਇਹ ਤੈਅ ਕੀਤਾ ਗਿਆ ਸੀ ਕਿ ਹਰ ਸ਼ਰਾਬ ਬਣਾਉਣ ਵਾਲੀ ਕੰਪਨੀ ਸ਼ਰਾਬ ਵੇਚਣ ਵਾਸਤੇ ਇੱਕ ਲਾਇਸੈਂਸੀ ਦੀ ਨਿਯੁਕਤ ਕਰੇਗੀ ਤੇ ਐਲ 1 ਲਾਇਸੈਂਸ ਲੈਣ ਵਾਲਾ ਵਿਅਕਤੀ ਭਾਰਤ ਜਾਂ ਵਿਦੇਸ਼ ਵਿੱਚ ਸ਼ਰਾਬ ਬਣਾਉਣ ਦੇ ਕੰਮ ਵਿੱਚ ਸ਼ਾਮਲ ਨਹੀਂ ਹੋਣਾ ਚਾਹੀਦਾ। ਇਹ ਵੀ ਸ਼ਰਤ ਰੱਖੀ ਗਈ ਕਿ ਐਲ 1 ਲਾਇਸੈਂਸ ਲੈਣ ਲਈ ਕੰਪਨੀ ਦਾ ਸਾਲਾਨਾ ਕਾਰੋਬਾਰ 30 ਕਰੋੜ ਰੁਪਏ ਹੋਣਾ ਚਾਹੀਦਾ ਹੈ ਤੇ ਉਹ ਪੰਜਾਬ ਵਿੱਚ ਰਿਟੇਲ ਕਾਰੋਬਾਰ ਵਿੱਚ ਸ਼ਾਮਲ ਨਹੀਂ ਹੋਣਾ ਚਾਹੀਦਾ। ਇਸ ਸ਼ਰਤ ਕਾਰਨ ਪੰਜਾਬ ਦੇ ਸ਼ਰਾਬ ਵਪਾਰੀ ਮੁਕਾਬਲੇ ਵਿੱਚੋਂ ਬਾਹਰ ਹੋ ਗਏ।