ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 2024 ਦੀਆਂ ਆਮ ਚੋਣਾਂ ਤੋਂ ਪਹਿਲਾਂ ਨਵੇਂ ਸਿਰੇ ਤੋਂ ਗਰੰਟੀਆਂ ਅਤੇ ਵਾਅਦੇ ਕੀਤੇ ਜਾਣ ਦੇ ਮੱਦੇਨਜ਼ਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਬਾਰੇ ਯਾਦ ਦਿਵਾਉਣ ਦੀ ਕੋਸ਼ਿਸ਼ ਕੀਤੀ। 


ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਜੇਕਰ 'ਆਪ' ਸੂਬੇ 'ਚ ਸੱਤਾ 'ਚ ਆਉਂਦੀ ਹੈ ਤਾਂ ਉਹ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀ ਹਰੇਕ ਔਰਤ ਦੇ ਖਾਤੇ 'ਚ 1000 ਰੁਪਏ ਪ੍ਰਤੀ ਮਹੀਨਾ ਟਰਾਂਸਫਰ ਕਰੇਗੀ। ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸੂਬੇ 'ਚ ਰਾਜ ਕਰਦੇ ਹੋਏ 20 ਮਹੀਨੇ ਹੋ ਗਏ ਹਨ ਪਰ ਅਜੇ ਤੱਕ ਇਹ ਵਾਅਦਾ ਪੂਰਾ ਨਹੀਂ ਹੋਇਆ। 


ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਵਾਅਦਾ ਕੀਤਾ ਸੀ ਕਿ 'ਆਪ' ਦੀ ਸਰਕਾਰ ਬਣਨ ਤੋਂ ਬਾਅਦ 1 ਅਪ੍ਰੈਲ, 2022 ਤੋਂ ਬਾਅਦ ਕੋਈ ਵੀ ਕਿਸਾਨ ਜਾਂ ਮਜ਼ਦੂਰ ਖੁਦਕੁਸ਼ੀ ਨਹੀਂ ਕਰੇਗਾ। ਕੇਜਰੀਵਾਲ ਦਾ ਇਹ ਵਾਅਦਾ ਸਰਕਾਰ ਬਣਾਉਣ ਦੇ ਇਕ ਮਹੀਨੇ ਦੇ ਅੰਦਰ ਹੀ ਟੁੱਟ ਗਿਆ ਸੀ। ਅਪ੍ਰੈਲ 2022 'ਚ ਹੀ ਕਰਜ਼ੇ ਦੇ ਬੋਝ ਹੇਠ ਦੱਬੇ 15 ਕਿਸਾਨਾਂ ਨੇ ਖੁਦਕੁਸ਼ੀ ਕਰ ਲਈ ਸੀ। 


ਇਸੇ ਤਰ੍ਹਾਂ ਅਰਵਿੰਦ ਕੇਜਰੀਵਾਲ ਨੇ ਵੀ ਭ੍ਰਿਸ਼ਟਾਚਾਰ ਨੂੰ ਖਤਮ ਕਰਕੇ 34,000 ਕਰੋੜ ਰੁਪਏ ਤੇ ਮਾਈਨਿੰਗ ਤੋਂ 20,000 ਕਰੋੜ ਰੁਪਏ  ਸਮੇਤ ਵੱਖ-ਵੱਖ ਸਰੋਤਾਂ ਤੋਂ ਮਾਲੀਆ ਇਕੱਠਾ ਕਰਨ ਦਾ ਵਾਅਦਾ ਕੀਤਾ ਸੀ। ਹਾਲਾਂਕਿ, 20 ਮਹੀਨਿਆਂ ਬਾਅਦ 'ਆਪ' ਸਰਕਾਰ ਨੇ ਸੂਬੇ ਵਿੱਚ ਕਰਜ਼ਾ ਵਧਾ ਦਿੱਤਾ। ਬਾਜਵਾ ਨੇ ਕਿਹਾ ਕਿ ਜਦੋਂ ਤੋਂ 'ਆਪ' ਦੀ ਸਰਕਾਰ ਬਣੀ ਹੈ, ਉਦੋਂ ਤੋਂ ਸੂਬੇ ਦੀ ਆਰਥਿਕਤਾ ਅਸਥਿਰ ਹੈ। 


ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ ਵੀਆਈਪੀ ਕਲਚਰ ਲਈ ਦੂਜੀਆਂ ਸਿਆਸੀ ਪਾਰਟੀਆਂ ਦੇ ਨੇਤਾਵਾਂ ਦਾ ਮਜ਼ਾਕ ਉਡਾਉਂਦੇ ਸਨ। ਹੁਣ ਮੁੱਖ ਮੰਤਰੀ ਬਣਨ ਤੋਂ ਬਾਅਦ ਨਾ ਸਿਰਫ ਉਹ ਸਗੋਂ ਪੂਰਾ ਪਰਿਵਾਰ ਵੀਆਈਪੀ ਕਲਚਰ ਦਾ ਆਨੰਦ ਮਾਣਦਾ ਹੈ। 


ਉਨ੍ਹਾਂ ਕਿਹਾ ਕਿ ਸੱਤਾ 'ਚ ਆਉਣ ਤੋਂ ਪਹਿਲਾਂ ਭਗਵੰਤ ਮਾਨ ਨੇ ਕਿਹਾ ਸੀ ਕਿ ਜਿਨ੍ਹਾਂ ਪ੍ਰਭਾਵਿਤ ਕਿਸਾਨਾਂ ਦੀਆਂ ਫਸਲਾਂ ਕੁਦਰਤੀ ਆਫ਼ਤ ਨਾਲ ਨੁਕਸਾਨੀਆਂ ਗਈਆਂ ਹਨ, ਉਨ੍ਹਾਂ ਨੂੰ ਗਿਰਦਾਵਰੀ ਕੀਤੇ ਬਿਨਾ ਮੁਆਵਜ਼ਾ ਦਿੱਤਾ ਜਾਵੇਗਾ। ਬਾਜਵਾ ਨੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਵਿੱਚ ਹਜ਼ਾਰਾਂ ਏਕੜ ਫਸਲ ਾਂ ਨੂੰ ਨੁਕਸਾਨ ਪਹੁੰਚਿਆ ਹੈ, 'ਆਪ' ਸਰਕਾਰ ਮੁਆਵਜ਼ਾ ਦੇਣ ਲਈ ਗਿਰਦਾਵਰੀ ਰਿਪੋਰਟ ਦੀ ਉਡੀਕ ਕਰਦੀ ਰਹੀ।